ਅੰਮ੍ਰਿਤਸਰ/ਏ.ਟੀ.ਨਿਊਜ਼: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਹੜ੍ਹ ਮਾਰੇ ਖੇਤਰਾਂ ਵਿੱਚ ਰਾਹਤ ਕਾਰਜ ਪਿਛਲੇ ਕਈ ਦਿਨਾਂ ਤੋਂ ਨਿਰੰਤਰ ਚਲਾਏ ਜਾ ਰਹੇ ਹਨ। ਕਮੇਟੀ ਵੱਲੋਂ ਅਜਨਾਲਾ ਦੇ ਹਡਰ ਕਲਾਂ ਅਤੇ ਗੁੱਜਰਪੁਰ ਪਿੰਡਾਂ ਵਿੱਚ ਐੱਸ. ਕੇ. ਹਸਪਤਾਲ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਦੀ ਵੀ ਸ਼ੁਰੂਆਤ ਕੀਤੀ ਗਈ ਹੈ। ਡਾਕਟਰਾਂ ਦੀ ਟੀਮ ਮਰੀਜ਼ਾਂ ਦੀ ਜਾਂਚ ਕਰਕੇ ਇਲਾਜ ਕਰ ਰਹੀ ਹੈ ਅਤੇ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਮੈਂਬਰ ਭੁਪਿੰਦਰ ਸਿੰਘ ਗਿੰਨੀ ਅਤੇ ਰਾਜਿੰਦਰ ਸਿੰਘ ਖਿਆਲਾ ਦੀ ਮੌਜੂਦਗੀ ਵਿਚ ਮੈਡੀਕਲ ਕੈਂਪ ਦੀ ਸ਼ੁਰੂਆਤ ਕੀਤੀ ਗਈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਮਗਰੋਂ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮੇਟੀ ਵੱਲੋਂ ਪਿਛਲੇ ਕਈ ਦਿਨਾਂ ਤੋਂ ਰਾਹਤ ਕਾਰਜ ਨਿਰੰਤਰ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਦੇ ਡੇਰਾ ਪਠਾਣਾਂ ਅਤੇ ਅਜਨਾਲਾ ਵਿਚ ਲੰਗਰ ਸੇਵਾ ਲਗਾਤਾਰ ਚੱਲ ਰਹੀ ਹੈ ਅਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਲੈ ਕੇ 400 ਤੋਂ ਜ਼ਿਆਦਾ ਵਲੰਟੀਅਰਜ਼ ਰਾਹਤ ਕਾਰਜਾਂ ਵਿਚ ਲੱਗੇ ਹੋਏ ਹਨ। ਉਹਨਾਂ ਕਿਹਾ ਕਿ ਇਸਦੇ ਨਾਲ ਹੀ ਲੋਕਾਂ ਨੂੰ ਸੁੱਕਾ ਰਾਸ਼ਨ, ਦਵਾਈਆਂ, ਮੱਛਰਦਾਨੀਆਂ, ਤਰਪਾਲਾਂ, ਨੌਜਵਾਨਾਂ ਨੂੰ ਟਰੈਕ ਸੂਟ ਵੀ ਉਪਲਬਧ ਕਰਵਾਏ ਜਾ ਰਹੇ ਹਨ ਜਿਹਨਾਂ ਦੀ ਵੰਡ ਪ੍ਰਧਾਨ ਤੇ ਜਨਰਲ ਸਕੱਤਰ ਨੇ ਖੁਦ ਲੋਕਾਂ ਵਿਚ ਜਾ ਕੇ ਕੀਤੀ ਹੈ।
ਕਾਲਕਾ ਤੇ ਕਾਹਲੋਂ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਹੜ੍ਹ ਮਾਰੇ ਇਲਾਕਿਆਂ ਵਿੱਚ ਲੋਕਾਂ ਨੂੰ ਪੂਰਾ ਭਰੋਸਾ ਦੁਆਇਆ ਗਿਆ ਹੈ ਕਿ ਇਹ ਸੇਵਾ ਨਿਰੰਤਰ ਜਾਰੀ ਰਹੇਗੀ ਅਤੇ ਜਦੋਂ ਤੱਕ ਪੂਰੀ ਤਰ੍ਹਾਂ ਪਾਣੀ ਦੀ ਨਿਕਾਸੀ ਨਹੀਂ ਹੋ ਜਾਂਦੀ ਤੇ ਉਹਨਾਂ ਦਾ ਜੀਵਨ ਆਮ ਵਰਗਾ ਨਹੀਂ ਹੋ ਜਾਂਦਾ, ਕਮੇਟੀ ਇਸ ਸੇਵਾ ਨੂੰ ਜਾਰੀ ਰੱਖੇਗੀ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਹਰ ਸੰਭਵ ਮਦਦ ਲਈ ਪੰਜਾਬ ਦੇ ਲੋਕਾਂ ਨਾਲ ਖੜ੍ਹੀ ਹੋਈ ਹੈ ਅਤੇ ਅੱਗੇ ਵੀ ਡਟੀ ਰਹੇਗੀ।
![]()
