ਨਾਮਧਾਰੀ ਲਹਿਰ ਨੇ ਆਜ਼ਾਦੀ ਦੀ ਲੜਾਈ ਨੂੰ ਨਵੀਂ ਦਿਸ਼ਾ ਦਿੱਤੀ: ਮੁੰਡੀਆਂ

In ਪੰਜਾਬ
January 20, 2026

ਮਾਲੇਰਕੋਟਲਾ/ਏ.ਟੀ.ਨਿਊਜ਼: ਪੰਜਾਬ ਸਰਕਾਰ ਨੇ ਨਾਮਧਾਰੀ ਸੰਪਰਦਾ ਦੇ ਸ਼ਹੀਦਾਂ ਦੀ ਦੇਸ਼ ਦੀ ਆਜ਼ਾਦੀ, ਧਰਮ ਅਤੇ ਮਨੁੱਖੀ ਕਦਰਾਂ ਦੀ ਰਾਖੀ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਯਾਦ ਰੱਖਣ ਅਤੇ ਸੰਪਰਦਾ ਦੇ ਮੈਂਬਰਾਂ ਦੀ ਹਰ ਸੰਭਵ ਮਦਦ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਇੱਥੋਂ ਦੇ ਸ਼ਹੀਦੀ ਸਮਾਰਕ ਵਿੱਚ 66 ਨਾਮਧਾਰੀ ਸ਼ਹੀਦ ਕੂਕਿਆਂ ਦੀ ਯਾਦ ਵਿੱਚ ਕਰਵਾਏ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਸ੍ਰੀ ਮੁੰਡੀਆਂ ਨੇ ਕਿਹਾ ਕਿ ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ, ਨਿਮਰਤਾ ਤੇ ਤਿਆਗ ਦੀ ਅਹਿਮ ਮਿਸਾਲ ਹੈ। ਉਨ੍ਹਾਂ ਕਿਹਾ ਕਿ ਸਤਿਗੁਰੂ ਰਾਮ ਸਿੰਘ ਵੱਲੋਂ ਦਰਸਾਏ ਅਹਿੰਸਾ, ਨਾ-ਮਿਲਵਰਤਨ ਤੇ ਨਾ-ਫਰਮਾਨੀ ਦੇ ਰਸਤੇ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਨੂੰ ਨਵੀਂ ਦਿਸ਼ਾ ਦਿੱਤੀ ਸੀ। ਇਤਿਹਾਸ ਗਵਾਹ ਹੈ ਕਿ ਅੰਗਰੇਜ਼ੀ ਹਕੂਮਤ ਖ਼ਿਲਾਫ਼ ਲੋਕਾਂ ਵਿੱਚ ਜਾਗਰੂਕਤਾ ਦੀ ਸ਼ੁਰੂਆਤ ਮਾਲੇਰਕੋਟਲਾ ਦੀ ਇਸ ਪਵਿੱਤਰ ਧਰਤੀ ਤੋਂ ਹੀ ਹੋਠੀ ਸੀ। ਉਨ੍ਹਾਂ ਕਿਹਾ ਕਿ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਕੁਰਬਾਨੀ ਸਿਰਫ਼ ਧਾਰਮਿਕ ਸੰਪਰਦਾ ਦੀ ਨਹੀਂ, ਸਗੋਂ ਪੂਰੇ ਦੇਸ਼ ਦੀ ਆਜ਼ਾਦੀ ਦੀ ਲੜਾਈ ਦੀ ਬੁਨਿਆਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਜਦੋਂ ਵੀ ਕੋਈ ਸੇਵਾ ਸੰਪਰਦਾ ਦੇ ਆਗੂਆਂ ਵੱਲੋਂ ਦੱਸੀ ਜਾਂਦੀ ਹੈ, ਉਹ ਪੂਰੀ ਕੀਤੀ ਜਾਵੇਗੀ।
ਮੰਤਰੀ ਮੁੰਡੀਆਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂਆਂ ਅਤੇ ਨਾਮਧਾਰੀ ਸੰਪਰਦਾ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਆਪਣੀ ਜ਼ਿੰਦਗੀ ਨੂੰ ਉੱਚੇ ਆਦਰਸ਼ਾਂ ਨਾਲ ਜੋੜਨ ਅਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਅਹਿਮ ਰੋਲ ਅਦਾ ਕਰਨ।
ਸਮਾਗਮ ਦੌਰਾਨ ਮੌਜੂਦਾ ਗੱਦੀਨਸ਼ੀਨ ਨਾਮਧਾਰੀ ਉਦੈ ਸਿੰਘ ਵੀ ਮੌਜੂਦ ਸਨ। ਇਸ ਮੌਕੇ ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਹਲਕਾ ਅਮਰਗੜ੍ਹ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਅਤੇ ਨਾਮਧਾਰੀ ਸੁਰਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਵਿਧਾਇਕ ਡਾਕਟਰ ਜ਼ਮੀਲ-ਉਰ-ਰਹਿਮਾਨ, ਵਿਧਾਇਕ ਜਗਤਾਰ ਸਿੰਘ ਦਿਆਲਪੁਰ, ਡੀ ਸੀ ਵਿਰਾਜ ਐੱਸ ਤਿੜਕੇ, ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਐੱਸ ਪੀ ਸਤਪਾਲ ਸ਼ਰਮਾ, ਐੱਸ ਡੀ ਐੱਮ ਗੁਰਮੀਤ ਕੁਮਾਰ ਬਾਂਸਲ, ਨਾਮਧਾਰੀ ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।

Loading