ਪੰਜਾਬ ’ਚ ਹੜ੍ਹਾਂ ਕਾਰਨ 13 ਹਜ਼ਾਰ ਕਰੋੜ ਤੋਂ ਵੱਧ ਦਾ ਨੁਕਸਾਨ

In ਮੁੱਖ ਖ਼ਬਰਾਂ
September 09, 2025

ਚੰਡੀਗੜ੍ਹ/ਏ.ਟੀ.ਨਿਊਜ਼ :
ਹੜ੍ਹਾਂ ਨੇ ਪੰਜਾਬ ਵਿੱਚ ਤਬਾਹੀ ਮਚਾਈ ਹੋਈ ਹੈ ਅਤੇ ਹੁਣ ਤੱਕ ਸੂਬੇ ਦੇ 23 ਜ਼ਿਲ੍ਹਿਆਂ ਦੇ 1960 ਪਿੰਡ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਜਿੱਥੇ 1.74 ਲੱਖ ਹੈਕਟੇਅਰ ਫਸਲ ਪ੍ਰਭਾਵਿਤ ਹੋ ਚੁੱਕੀ ਹੈ ਅਤੇ 46 ਲੋਕਾਂ ਦੀ ਮੌਤ ਹੋਈ ਹੈ। ਇਸ ਤੋਂ ਇਲਾਵਾ ਲੱਖਾਂ ਲੋਕਾਂ ਦੇ ਘਰ ਅਤੇ ਸਾਮਾਨ ਦਾ ਨੁਕਸਾਨ ਹੋ ਗਿਆ ਹੈ। ਪੰਜਾਬ ਸਰਕਾਰ ਦੇ ਸ਼ੁਰੂਆਤੀ ਅਨੁਮਾਨ ਅਨੁਸਾਰ ਹੁਣ ਤੱਕ ਸੂਬੇ ਵਿੱਚ ਹੜ੍ਹਾਂ ਕਰਕੇ 13 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋ ਗਿਆ ਹੈ, ਜਦਕਿ ਅੰਤਿਮ ਅੰਕੜਿਆਂ ਦਾ ਪਤਾ ਹੜ੍ਹ ਖਤਮ ਹੋਣ ਤੋਂ ਬਾਅਦ ਹੀ ਲੱਗ ਸਕੇਗਾ।
ਪਿਛਲੇ ਦਿਨੀਂ ਕੇਂਦਰੀ ਟੀਮ ਦੇ ਮੈਂਬਰਾਂ ਵੱਲੋਂ ਚੰਡੀਗੜ੍ਹ ’ਚ ਪੰਜਾਬ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਰਾਜੇਸ਼ ਗੁਪਤਾ ਤੇ ਪੇਂਡੂ ਵਿਕਾਸ ਮੰਤਰਾਲੇ ਤੋਂ ਸੰਤੋਸ਼ ਕੁਮਾਰ ਤਿਵਾੜੀ ਦੀ ਅਗਵਾਈ ਹੇਠ ਅਧਿਕਾਰੀ ਸ਼ਾਮਲ ਹੋਏ। ਇਸ ਦੌਰਾਨ ਪੰਜਾਬ ਦੇ ਅਧਿਕਾਰੀਆਂ ਨੇ ਕੇਂਦਰੀ ਟੀਮ ਦੇ ਮੈਂਬਰਾਂ ਨੂੂੰ ਪੰਜਾਬ ਵਿੱਚ ਹੜ੍ਹਾਂ ਕਰਕੇ 13 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਣ ਦੀ ਜਾਣਕਾਰੀ ਦਿੱਤੀ। ਉਨ੍ਹਾਂ ਪੰਜਾਬ ਵਿੱਚ ਆਈ ਕੁਦਰਤੀ ਆਫ਼ਤ ਕਰਕੇ ਹੋਏ ਨੁਕਸਾਨ ਦੀ ਭਰਪਾਈ ਲਈ ਵਿਸ਼ੇਸ਼ ਰਾਹਤ ਪੈਕੇਜ ਦੇਣ ਦੀ ਮੰਗ ਕੀਤੀ।
ਪੰਜਾਬ ਦੇ ਅਧਿਕਾਰੀਆਂ ਨੇ ਕੇਂਦਰੀ ਟੀਮ ਨੂੰ ਦੱਸਿਆ ਕਿ ਪੰਜਾਬ ਵਿੱਚ ਹੜ੍ਹਾਂ ਕਰਕੇ ਸਾਰੇ 23 ਜ਼ਿਲ੍ਹਿਆਂ ਦੇ 1960 ਪਿੰਡ ਪ੍ਰਭਾਵਿਤ ਹੋ ਚੁੱਕੇ ਹਨ, ਜਿੱਥੇ 46 ਵਿਅਕਤੀਆਂ ਦੀ ਮੌਤ ਵੀ ਹੋ ਚੁੱਕੀ ਹੈ। ਇਸ ਤੋਂ ਇਲਾਵਾ ਕਿਸਾਨਾਂ ਦੇ ਘਰਾਂ ਤੇ ਵਾੜਿਆਂ ਦਾ ਵਧੇਰੇ ਨੁਕਸਾਨ ਹੋ ਗਿਆ ਅਤੇ ਕਿਸਾਨਾਂ ਦੇ ਪਸ਼ੂਆਂ ਦਾ ਵੀ ਨੁਕਸਾਨ ਹੋਇਆ ਹੈ। ਇਕ ਦਰਜਨ ਦੇ ਕਰੀਬ ਜ਼ਿਲ੍ਹਿਆਂ ਦੀ ਸੜਕਾਂ, ਪੁਲ, ਬਿਜਲੀ ਦੇ ਟਰਾਂਸਫਾਰਮਰ, ਸਕੂਲ, ਸਿਹਤ ਸੰਸਥਾਵਾਂ ਅਤੇ ਹੋਰ ਕਈ ਬੁਨਿਆਦੀ ਢਾਂਚਿਆਂ ਦਾ ਵੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਗੁਰਦਾਸਪੁਰ ਤੇ ਅੰਮ੍ਰਿਤਸਰ ਵਿੱਚ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਲੋਕਾਂ ਦੇ ਨੁਕਸਾਨ ਦੀ ਭਰਪਾਈ ਅਤੇ ਇਸ ਸਾਰੇ ਢਾਂਚੇ ਨੂੰ ਮੁੜ ਤੋਂ ਵਿਕਸਿਤ ਕਰਨ ਲਈ ਕੇਂਦਰ ਸਰਕਾਰ ਨੂੰ ਪੰਜਾਬ ਲਈ ਵਿਸ਼ੇਸ਼ ਪੈਕੇਜ ਜਾਰੀ ਕਰਨਾ ਚਾਹੀਦਾ ਹੈ।
ਉਨ੍ਹਾਂ ਨੇ ਰਾਜ ਡਿਜ਼ਾਸਟਰ ਰਿਸਪਾਂਸ ਫੰਡ ਦੇ ਮੁਆਵਜ਼ਾ ਨਿਯਮਾਂ ਵਿੱਚ ਸੋਧ ਦੀ ਮੰਗ ਕੀਤੀ ਤਾਂ ਜੋ ਪੀੜਤਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫ਼ਸਲਾਂ ਦੇ ਖਰਾਬੇ ਲਈ 6800 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 50 ਹਜ਼ਾਰ ਰੁਪਏ ਪ੍ਰਤੀ ਏਕੜ ਦਿੱਤੇ ਜਾਣ। ਮਨੁੱਖੀ ਜਾਨਾਂ ਜਾਣ ’ਤੇ 4 ਲੱਖ ਰੁਪਏ ਦੀ ਥਾਂ 8 ਲੱਖ ਰੁਪਏ ਦਿੱਤੇ ਜਾਣ। ਇਸ ਤੋਂ ਇਲਾਵਾ ਦਿਵਿਆਂਗ ਹੋਣ ’ਤੇ 1.5 ਲੱਖ ਰੁਪਏ ਅਤੇ ਦੁਧਾਰੂ ਪਸ਼ੂ ਦੀ ਮੌਤ ਹੋਣ ’ਤੇ 75 ਹਜ਼ਾਰ ਰੁਪਏ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਘਰ ਦੀ ਛੱਤ ਡਿੱਗ ਗਈ ਹੈ, ਉਸ ਦੇ ਮੁਆਵਜ਼ੇ ਵਿੱਚ ਵੀ ਵਾਧਾ ਕੀਤਾ ਜਾਵੇ। ਹਾਲਾਂਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵੱਲੋਂ ਹੜ੍ਹਾਂ ਕਰਕੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਅੰਤਿਮ ਰਿਪੋਰਟ ਹੜ੍ਹ ਖਤਮ ਹੋਣ ਤੋਂ ਬਾਅਦ ਹੀ ਤਿਆਰ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 4 ਸਤੰਬਰ ਨੂੰ ਕੇਂਦਰੀ ਅਧਿਕਾਰੀਆਂ ਦੀ ਟੀਮ ਪਹੁੰਚੀ ਸੀ, ਜਿਸ ਵੱਲੋਂ ਦੋ ਦਿਨ ਪੰਜਾਬ ਦੇ ਵੱਖ ਵੱਖ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਕੀਤਾ ਗਿਆ। ਕੇਂਦਰੀ ਟੀਮ ਵੱਲੋਂ ਨਿੱਜੀ ਤੌਰ ’ਤੇ ਵੀ ਰਿਪੋਰਟ ਤਿਆਰ ਕੀਤੀ ਗਈ ਹੈ।

Loading