ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜੱਦੋ-ਜਹਿਦ ਜਾਰੀ : ਗਿਆਨੀ ਹਰਪ੍ਰੀਤ ਸਿੰਘ

In ਪੰਜਾਬ
August 02, 2025

ਮਸਤੂਆਣਾ ਸਾਹਿਬ/ਏ.ਟੀ.ਨਿਊਜ਼: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਹਰ ਇੱਕ ਪੰਥ ਦਰਦੀ ਚਿੰਤਤ ਹੈ ਕਿ ਕਿਸੇ ਨਾ ਕਿਸੇ ਢੰਗ ਨਾਲ ਪੰਜਾਬ ਵਿੱਚ ਰਾਜਸੀ ਜਮਾਤ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਹੋਵੇ। ਉਹ ਪਿਛਲੇ ਦਿਨੀਂ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ ਦੇ ਉੱਦਮ ਸਦਕਾ ਵੱਖ ਵੱਖ ਸਿੱਖ ਜਥੇਬੰਦੀਆਂ ਅਤੇ ਵਿਦਵਾਨਾਂ ਦੇ ਸਹਿਯੋਗ ਨਾਲ ਅਕਾਲੀ ਦਲ ਦੀ ਪੁਨਰ ਸੁਰਜੀਤੀ ਦੇ ਵਿਧੀ ਵਿਧਾਨ ਤੇ ਨੀਤੀ ਸਬੰਧੀ ਕਰਵਾਈ ਜਾ ਰਹੀ ਤਿੰਨ ਰੋਜ਼ਾ ਵਿਚਾਰ ਗੋਸ਼ਟੀ ਵਿੱਚ ਸੰਗਤਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਨ ਆਏ ਸਨ। ਗਿਆਨੀ ਹਰਪ੍ਰੀਤ ਸਿੰਘ ਨੇ ਸਮਾਗਮ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਪੁਨਰ ਸੁਰਜੀਤੀ ਦੇ ਸੰਦਰਭ ਦੇ ਵਿੱਚ ਹੀ ਦੋ ਦਸੰਬਰ 2024 ਨੂੰ ਹੁਕਮਨਾਮਾ ਜਿਹੜਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤਾ ਗਿਆ ਸੀ, ਉਸ ਦੀ ਰੌਸ਼ਨੀ ਵਿੱਚ ਜੱਦੋ-ਜਹਿਦ ਜਾਰੀ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਪੂ ਬਣੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਲੀ ਦੇ ਇੱਕ ਆਗੂ ਪਰਮਜੀਤ ਸਿੰਘ ਸਰਨਾ ਦੇ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਉੱਤੇ ਬਹੁਤ ਵੱਡਾ ਦਬਾਅ ਬਣਾਇਆ ਜਾ ਰਿਹਾ ਕਿ ਦੋ ਦਸੰਬਰ ਦਾ ਹੁਕਮਨਾਮਾ, ਜਿਹੜਾ ਕਿ ਜਾਰੀ ਕੀਤਾ ਗਿਆ ਸੀ, ਉਹ ਰੱਦ ਕੀਤਾ ਜਾਵੇ, 11 ਤਰੀਕ ਨੂੰ ਹੋਣ ਵਾਲੇ ਇਜਲਾਸ ਉੱਤੇ ਪਾਬੰਦੀ ਲਾਈ ਜਾਵੇ, ਪੰਜ ਮੈਂਬਰੀ ਭਰਤੀ ਕਮੇਟੀ ਦੇ ਉੱਤੇ ਰੋਕ ਲਾਈ ਜਾਵੇ। ਇਸ ਤੋਂ ਇਲਾਵਾ 15 ਲੱਖ ਮੈਂਬਰਸ਼ਿਪ ਪਰਚੀਆਂ ਜਿਹੜੀਆਂ ਭਰੀਆਂ ਨੇ, ਜਿਹਦੇ ਵਿੱਚ ਪੰਜਾਬੀਆਂ ਖਾਸ ਕਰ ਸਿੱਖਾਂ ਨੇ ਅਹਿਮ ਰੋਲ ਅਦਾ ਕੀਤਾ ਹੈ, ਉਸ ਨੂੰ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੈਂ ਸਮਝਦਾ ਹਾਂ ਕਿ ਜੇਕਰ ਅਜਿਹਾ ਹੁੰਦਾ ਤਾ ਬਹੁਤ ਮੰਦਭਾਗਾ ਹੋਵੇਗਾ। ਉਨ੍ਹਾਂ ਕਿਹਾ ਕਿ ਮੈਂ ਦੁਨੀਆਂ ਭਰ ਦੇ ਸਿੱਖਾਂ ਨੂੰ ਅਪੀਲ ਕਰਨੀ ਚਾਹੁੰਦਾ ਹਾਂ ਕਿ ਜੋ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜੱਦੋਜਹਿਦ ਹੋ ਰਹੀ ਹੈ। ਉਸ ਨੂੰ ਤਾਰਪੀਡੋ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਗਿਆਨੀ ਹਰਪ੍ਰੀਤ ਸਿੰਘ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਇੱਕ ਫ਼ੈਸਲਾ ਕਰਕੇ ਇਸ ਨੂੰ ਰੱਦ ਕਰਨ ਦਾ ਜਿਹੜਾ ਯਤਨ ਕੀਤਾ ਜਾ ਰਿਹਾ ਹੈ, ਉਸ ਖ਼ਿਲਾਫ਼ ਸੰਗਤ ਨੂੰ ਵੱਡੇ ਪੱਧਰ ’ਤੇ ਲਾਮਬੰਦ ਹੋਣ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਸ਼ਖਸ਼ੀਅਤਾਂ ਮੌਜੂਦ ਸਨ।

Loading