ਜਲੰਧਰ: ਅਕਾਲੀ ਦਲ ਦੇ ਸੰਕਟ ਨੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਆਪਣੇ ਚੱਕਰਵਿਊ ਵਿੱਚ ਧੱਕ ਦਿੱਤਾ ਹੈ।ਗਿਆਨੀ ਹਰਪ੍ਰੀਤ ਸਿੰਘ ਨੂੰ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਫ਼ਾਰਗ ਕਰਨ ਦੇ ਫ਼ੈਸਲੇ ਮਗਰੋਂ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਦਿਨੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਹ ਅਕਾਲ ਤਖਤ ਸਾਹਿਬ ਵਲੋਂ ਬਣਾਈ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੇ ਮੁਖੀ ਦੇ ਅਹੁਦੇ ਤੋਂ ਵੀ ਲਾਂਭੇ ਹੋ ਗਏ ਹਨ। ਇਸ ਨਾਲ ਪਿਛਲੇ ਸਾਲ ਦੋ ਦਸੰਬਰ ਤੋਂ ਬਾਅਦ ਬਦਲ ਰਹੇ ਹਾਲਾਤ ਦਰਮਿਆਨ ਪੰਥਕ ਸੰਕਟ ਹੋਰ ਵੀ ਡੂੰਘਾ ਹੋ ਗਿਆ ਹੈ।
ਅਸਤੀਫ਼ਾ ਦੇਣ ਦੇ ਕਾਰਨ ਸਪੱਸ਼ਟ ਕਰਦਿਆਂ ਧਾਮੀ ਨੇ ਕਿਹਾ ਸੀ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਫਾਰਗ ਕਰਨ ਦੇ ਫ਼ੈਸਲੇ ਤੋਂ ਬਾਅਦ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਕਾਰਨ ਉਹ ਨੈਤਿਕ ਆਧਾਰ ’ਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਫਾਰਗ ਕਰਨ ਦੇ ਫ਼ੈਸਲੇ ’ਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਤਰਾਜ਼ ਪ੍ਰਗਟਾਇਆ ਸੀ। ਉਹ ਉਸ ਵੇਲੇ ਇੰਗਲੈਂਡ ਦੌਰੇ ’ਤੇ ਸਨ ਅਤੇ ਉਨ੍ਹਾਂ ਆਪਣੀ ਸੋਸ਼ਲ ਮੀਡੀਆ ਪੋਸਟ ਵਿੱਚ ਇਸ ਨੂੰ ਦੁਖਦਾਈ ਅਤੇ ਮੰਦਭਾਗਾ ਫ਼ੈਸਲਾ ਕਰਾਰ ਦਿੱਤਾ ਸੀ।
ਜਥੇਦਾਰ ਰਘਬੀਰ ਸਿੰਘ ਨੇ ਕਿਹਾ ਸੀ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਬਰਖਾਸਤਗੀ "ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗੀ" ਹੈ, ਜੋ ਅਕਾਲ ਤਖਤ ਸਾਹਿਬ ਦੀ ਖੁਦਮੁਖਤਿਆਰ ਸਥਿਤੀ ਨੂੰ ਨੁਕਸਾਨ ਪਹੁੰਚਾ ਰਹੀ ਹੈ।ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਲਈ ਵਰਤੇ ਗਏ ਕਾਰਨ ਅਤੇ ਤਰੀਕਾ ਬਿਲਕੁਲ ਵੀ ਸਹੀ ਨਹੀਂ ਹੈ। 2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਥਕ ਭਾਵਨਾਵਾਂ ਅਤੇ ਪਰੰਪਰਾਵਾਂ ਦੀ ਰੌਸ਼ਨੀ ਵਿਚ ਹੋਏ ਫੈਸਲਿਆਂ ਤੋਂ ਬਾਅਦ ਹੀ ਇਸ ਤਰ੍ਹਾਂ ਜਾਪ ਰਿਹਾ ਸੀ ਕਿ ਸਿੰਘ ਸਾਹਿਬਾਨ ਖ਼ਿਲਾਫ਼ ਗਿਣੇ ਮਿਥੇ ਤਰੀਕੇ ਦੇ ਨਾਲ ਮਾਹੌਲ ਬਣਾਇਆ ਜਾ ਰਿਹਾ ਹੈ।ਜਥੇਦਾਰ ਗਿਆਨੀ ਰਘਬੀਰ ਸਿੰਘ ਇਸ ਤੋਂ ਪਹਿਲਾਂ ਹੀ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਬਣਾਈ ਗਈ ਜਾਂਚ ਕਮੇਟੀ ਬਾਰੇ ਇਤਰਾਜ਼ ਪ੍ਰਗਟ ਕਰ ਚੁੱਕੇ ਸਨ ਕਿ ਜਥੇਦਾਰਾਂ ਖ਼ਿਲਾਫ਼ ਜਾਂਚ ਕਰਨ ਦਾ ਅਧਿਕਾਰ ਸ਼੍ਰੋਮਣੀ ਕਮੇਟੀ ਕੋਲ ਨਹੀਂ ਹੈ ਅਤੇ ਸਿਰਫ਼ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਹੀ ਇਸ ਸਬੰਧੀ ਕੋਈ ਕਾਰਵਾਈ ਕੀਤੀ ਜਾ ਸਕਦੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਜਥੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਭਾਈ ਮਨਜੀਤ ਸਿੰਘ, ਜਥੇਦਾਰ ਮਿੱਠੂ ਸਿੰਘ ਕਾਹਨੇਕੇ, ਜਥੇਦਾਰ ਸਤਵਿੰਦਰ ਸਿੰਘ ਟੌਹੜਾ ਅਤੇ ਜਥੇਦਾਰ ਮਲਕੀਤ ਸਿੰਘ ਚੰਗਾਲ ਵੱਲੋਂ ਇਕ ਸਾਂਝਾ ਬਿਆਨ ਜਾਰੀ ਕਰਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਗਈ ਸੀ ਕਿ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਤਿਆਰ ਕੀਤੀ ਗਈ, ਇਕਪਾਸੜ ਪੜਤਾਲੀਆ ਰਿਪੋਰਟ ਨੂੰ ਰੱਦ ਕੀਤਾ ਜਾਵੇ।
ਪਾਕਿਸਤਾਨੀ ਸਿੱਖ ਆਗੂ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਨੇ ਕਿਹਾ ਸੀ ਕਿ ਪਾਕਿਸਤਾਨੀ ਸਿੱਖ ਸੰਗਤ ਨੇ ਫੈਸਲਾ ਕੀਤਾ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਚੱਟਾਨ ਵਾਂਗ ਖ੍ੜ੍ਹੇ ਹਾਂ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਬੇਬੁਨਿਆਦ ਦੋਸ਼ ਲਗਾਏ ਗਏ ਹਨ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੌਮ ਦਾ ਹੀਰੋ ਹੈ। ਉਨ੍ਹਾਂ ਹਮੇਸ਼ਾ ਪੰਥ ਅਤੇ ਕੌਮ ਦੇ ਗੱਲ ਕੀਤੀ ਹੈ।
ਹੁਣ ਤੱਕ, ਨਾ ਤਾਂ ਸ਼੍ਰੋਮਣੀ ਕਮੇਟੀ ਅਤੇ ਨਾ ਹੀ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਅਕਾਲ ਤਖ਼ਤ ਦੇ ਜਥੇਦਾਰ ਦੇ ਬਿਆਨ 'ਤੇ ਕੋਈ ਪ੍ਰਤੀਕਿਰਿਆ ਦਿੱਤੀ ਸੀ ਹਾਲਾਂਕਿ ਸੁਖਬੀਰ ਦੇ ਧੜੇ ਦੇ ਸਮਰਥਕ ਗਿਆਨੀ ਹਰਪ੍ਰੀਤ ਸਿੰਘ ਦੀ ਸਖ਼ਤ ਆਲੋਚਨਾ ਕਰ ਰਹੇ ਹਨ, ਕੁਝ ਤਾਂ ਤਿੱਖੀ ਭਾਸ਼ਾ ਦੀ ਵਰਤੋਂ ਵੀ ਕਰ ਰਹੇ ਹਨ, ਅਤੇ ਅਕਾਲੀ ਆਗੂਆਂ ਅਤੇ ਸ਼੍ਰੋਮਣੀ ਕਮੇਟੀ ਦੇ ਫੈਸਲੇ ਦਾ ਸਮਰਥਨ ਕਰਨਾ ਜਾਰੀ ਰੱਖਿਆ ਹੈ, ਪਰ ਅਕਾਲ ਤਖ਼ਤ ਦੇ ਜਥੇਦਾਰ ਦੇ ਬਿਆਨ 'ਤੇ ਉਨ੍ਹਾਂ ਵੱਲੋਂ ਕੋਈ ਸਪੱਸ਼ਟ ਪ੍ਰਤੀਕਿਰਿਆ ਨਹੀਂ ਆਈ।
ਪਰ ਹੁਣ ਜਥੇਦਾਰ ਧਾਮੀ ਨੇ ਇਸ ਸੰਕਟ ਕਾਰਣ ਅਸਤੀਫਾ ਦੇ ਦਿਤਾ ਹੈ।ਧਾਮੀ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਬਹੁਸੰਮਤੀ ਨਾਲ ਗਿਆਨੀ ਹਰਪ੍ਰੀਤ ਸਿੰਘ ਨੂੰ ਫਾਰਗ ਕਰਨ ਦਾ ਫ਼ੈਸਲਾ ਲਿਆ ਗਿਆ ਸੀ ਪਰ ਇਸ ਦੇ ਬਾਵਜੂਦ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਇਸ ਨੂੰ ਮੰਦਭਾਗਾ ਤੇ ਦੁਖਦਾਈ ਦੱਸਿਆ ਗਿਆ ਸੀ। ਉਨ੍ਹਾਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਪੱਤਰ ਦੇ ਕੇ ਆਪਣੇ ਫ਼ੈਸਲੇ ਤੋਂ ਜਾਣੂ ਕਰਵਾ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਤੋਂ ਦਿੱਤਾ ਗਿਆ ਅਸਤੀਫ਼ਾ ਧਾਮੀ ਨੇ ਅੰਤ੍ਰਿੰਗ ਕਮੇਟੀ ਨੂੰ ਭੇਜਿਆ ਹੈ ਜਦੋਂ ਕਿ ਸੱਤ ਮੈਂਬਰੀ ਕਮੇਟੀ ਤੋਂ ਦਿੱਤਾ ਗਿਆ ਅਸਤੀਫ਼ਾ ਉਨ੍ਹਾਂ ਅਕਾਲ ਤਖ਼ਤ ਦੇ ਸਕੱਤਰੇਤ ਨੂੰ ਸੌਂਪਿਆ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦੋ ਦਸੰਬਰ ਨੂੰ ਅਕਾਲ ਤਖ਼ਤ ਤੋਂ ਸ਼੍ਰੋਮਣੀ ਅਕਾਲੀ ਦਲ ਆਗੂ ਸੁਖਬੀਰ ਸਿੰਘ ਬਾਦਲ ਅਤੇ ਹੋਰਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਮਗਰੋਂ ਪੰਥਕ ਹਾਲਾਤ ਲਗਾਤਾਰ ਬਦਲ ਰਹੇ ਹਨ। ਇਸ ਦੌਰਾਨ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਤਖ਼ਤਾਂ ਦੇ ਜਥੇਦਾਰਾਂ ਵਿਚਾਲੇ ਪਾੜਾ ਵਧਿਆ ਹੈ। ਸ਼੍ਰੋਮਣੀ ਕਮੇਟੀ ਦੋਹਾਂ ਧਿਰਾਂ ਵਿਚਾਲੇ ਇੱਕ ਪੁਲ ਵਾਂਗ ਕੰਮ ਕਰ ਰਹੀ ਸੀ ਪਰ ਪੈਦਾ ਹੋਏ ਤਣਾਅ ਅਤੇ ਦਬਾਅ ਕਾਰਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।
ਧਾਮੀ ਦੇ ਅਸਤੀਫ਼ੇ ਤੋਂ ਬਾਅਦ, ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਹੁਣ ਇੱਕ ਹੋਰ ਚੁਣੌਤੀ ਅਤੇ ਇੱਕ ਗੁੰਝਲਦਾਰ ਸਥਿਤੀ ਦਾ ਸਾਹਮਣਾ ਕਰਨਾ ਪਵੇਗਾ , ਕਿਉਂਕਿ ਸੰਕਟ ਨੂੰ ਹੱਲ ਕਰਨ ਦੀ ਬਜਾਏ, ਹੋਰ ਪੇਚੀਦਗੀਆਂ ਪੈਦਾ ਹੋ ਗਈਆਂ ਹਨ।
ਭਾਵੇਂ ਧਾਮੀ ਨੇ ਅਕਾਲ ਤਖ਼ਤ ਦੇ ਜਥੇਦਾਰ ਦੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿਚ ਤੇ ਸ੍ਰੋਮਣੀ ਕਮੇਟੀ ਦੀ ਜਾਂਚ ਟੀਮ ਵਿਰੁਧ ਦਿੱਤੇ ਬਿਆਨ ਤੋਂ ਚਾਰ ਦਿਨ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੂੰ ਬਰਖਾਸਤ ਕਰਨ ਬਾਰੇ ਅਕਾਲ ਤਖ਼ਤ ਦੇ ਜਥੇਦਾਰ ਦੇ ਬਿਆਨ ਦਾ ਹਵਾਲਾ ਦਿੱਤਾ ਸੀ, ਪਰ ਪਤਾ ਲੱਗਾ ਹੈ ਕਿ ਦੂਜਾ ਵੱਡਾ ਕਾਰਨ ਇਹ ਸੀ ਕਿ ਉਹ ਅਕਾਲ ਤਖ਼ਤ ਵੱਲੋਂ 2 ਦਸੰਬਰ ਨੂੰ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਲਈ ਬਣੀ ਸੱਤ ਮੈਂਬਰੀ ਕਮੇਟੀ ਚਲਾਉਣ ਦੀ ਜ਼ਿੰਮੇਵਾਰੀ ਨਹੀਂ ਨਿਭਾ ਸਕੇ । ਇਹ ਕਮੇਟੀ ਅੱਜ ਤੱਕ ਕੰਮ ਨਹੀਂ ਕਰ ਸਕੀ, ਅਤੇ ਸੁਖਬੀਰ ਸਿੰਘ ਬਾਦਲ ਦੇ ਧੜੇ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਸਦੀ ਮੈਂਬਰਸ਼ਿਪ ਮੁਹਿੰਮ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਇਸ ਬਾਰੇ ਕੋਈ ਸਵਾਲ ਨਹੀਂ ਉਠਾਏ ਜਾਣੇ ਚਾਹੀਦੇ। ਕਮੇਟੀ ਨੇ 13 ਫਰਵਰੀ ਨੂੰ ਚੰਡੀਗੜ੍ਹ ਸਥਿਤ ਸ਼੍ਰੋਮਣੀ ਕਮੇਟੀ ਦੇ ਉਪ-ਦਫ਼ਤਰ ਵਿੱਚ ਇੱਕ ਮੀਟਿੰਗ ਕੀਤੀ, ਧਾਮੀ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨਾਲ ਵੀ ਮੁਲਾਕਾਤ ਕੀਤੀ। ਇੱਕ ਦਿਨ ਬਾਅਦ, ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਜ਼ੋਰ ਦੇ ਕੇ ਕਿਹਾ ਸੀ ਕਿ ਇਸ ਕਮੇਟੀ ਦੇ ਮੈਂਬਰ ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਨਿਗਰਾਨ ਵਜੋਂ ਕੰਮ ਕਰ ਸਕਦੇ ਹਨ, ਅਤੇ ਮੈਂਬਰਸ਼ਿਪ ਬਹੁਤ ਸੁਚਾਰੂ ਅਤੇ ਜੋਸ਼ ਨਾਲ ਚੱਲ ਰਹੀ ਹੈ। ਕਲੇਰ ਨੇ ਕਮੇਟੀ ਮੈਂਬਰਾਂ ਬਾਰੇ ਟਿੱਪਣੀ ਕੀਤੀ ਕਿ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕਿਸੇ ਸਾਜ਼ਿਸ਼ ਤਹਿਤ ਕੰਮ ਕਰ ਰਹੇ ਜਾਪਦੇ ਹਨ। ਧਾਮੀ ਦੇ ਅਸਤੀਫ਼ੇ ਤੋਂ ਬਾਅਦ, ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਹੁਣ ਇੱਕ ਹੋਰ ਚੁਣੌਤੀ ਅਤੇ ਇੱਕ ਔਖੀ ਸਥਿਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਸੰਕਟ ਹੱਲ ਹੋਣ ਦੀ ਬਜਾਏ, ਹੋਰ ਪੇਚੀਦਗੀਆਂ ਪੈਦਾ ਹੋ ਗਈਆਂ ਹਨ।