
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ:
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਚ ਨਵੇਂ ਮੈਂਬਰਾਂ ਦੀ ਭਰਤੀ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਿੰਡ ਬਾਦਲ ਵਿਚਲੇ ਪਾਰਟੀ ਦਫ਼ਤਰ ਵਿਚ ਫਾਰਮ ਭਰ ਕੇ ਨਵੇਂ ਸਿਰਿਓਂ ਪਾਰਟੀ ਦੀ ਮੈਂਬਰਸ਼ਿਪ ਲਈ। ਸੁਖਬੀਰ ਨੇ ਕਿਹਾ ਕਿ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀਆਂ ਹਦਾਇਤਾਂ ਮੁਤਾਬਕ ਪਾਰਟੀ ਨੇ ਅੱਜ ਤੋਂ ਆਪਣੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ, ‘‘ਸਿਰਫ਼ ਲੰਬੀ ਅਸੈਂਬਲੀ ਹਲਕੇ ਤੋਂ ਕਰੀਬ 40,000 ਲੋਕਾਂ ਦੇ ਸ਼੍ਰੋਮਣੀ ਅਕਾਲੀ ਦਾ ਮੈਂਬਰ ਬਣਨ ਦੀ ਉਮੀਦ ਹੈ। ਅਸੀਂ ਪਾਰਟੀ ਦੇ 50 ਲੱਖ ਮੈਂਬਰ ਬਣਾਉਣ ਦਾ ਟੀਚਾ ਮਿੱਥਿਆ ਹੈ।’’
ਚੇਤੇ ਰਹੇ ਕਿ ਬਾਗ਼ੀ ਅਕਾਲੀ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਨੇ ਵੀਰਵਾਰ ਨੂੰ ਅਕਾਲ ਤਖ਼ਤ ਦੇ ਜਥੇਦਾਰ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਨਵੀਂਂ ਮੈਂਬਰਸ਼ਿਪ ਮੁਹਿੰਮ ਦੀ ਨਿਗਰਾਨੀ ਨੂੰ ਲੈ ਕੇ ਕੁਝ ਨੁਕਤਿਆਂ ਬਾਰੇ ਸਫ਼ਾਈ ਮੰਗੀ ਸੀ। ਬੈਠਕ ਉਪਰੰਤ ਵਡਾਲਾ ਨੇ ਦਾਅਵਾ ਕੀਤਾ ਸੀ ਕਿ ਪਿਛਲੇ ਸਾਲ 2 ਦਸੰਬਰ ਨੂੰ ਅਕਾਲ ਤਖ਼ਤ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਹੀ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਚਲਾ ਸਕਦੀ ਹੈ। ਉਨ੍ਹਾਂ ਦਾਅਵਾ ਕੀਤਾ ਸੀ ਕਿ ਜਥੇਦਾਰ ਨੇ ਉਨ੍ਹਾਂ ਨੂੰ ਇਸ ਮੁਹਿੰਮ ਬਾਰੇ ਫੈਸਲਾ ਲੈਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਮਿਲਣ ਲਈ ਕਿਹਾ ਸੀ। ਜ਼ਿਕਰਯੋਗ ਹੈ ਕਿ ਅਕਾਲ ਤਖ਼ਤ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਵਿੱਚ ਧਾਮੀ, ਸਾਬਕਾ ਐਸਜੀਪੀਸੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ, ਅਕਾਲੀ ਆਗੂ ਇਕਬਾਲ ਸਿੰਘ ਝੂੰਦਾ, ਬਾਗ਼ੀ ਆਗੂ ਗੁਰਪ੍ਰਤਾਪ ਸਿੰਘ ਵਡਾਲਾ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਸੰਤਾ ਸਿੰਘ ਉਮੈਦਪੁਰ ਅਤੇ ਸਤਵੰਤ ਕੌਰ ਸ਼ਾਮਲ ਸਨ। ਸ਼੍ਰੋਮਣੀ ਅਕਾਲੀ ਦਲ ਨੇ ਹਾਲਾਂਕਿ 10 ਜਨਵਰੀ ਨੂੰ ਇਸ ਮੁਹਿੰਮ ਦੀ ਨਿਗਰਾਨੀ ਲਈ ਆਪਣੀ ਕਮੇਟੀ ਬਣਾਈ ਸੀ। ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਸਣੇ ਹੋਰ ਅਕਾਲੀ ਆਗੂ ਇਹ ਗੱਲ ਆਖ ਰਹੇ ਹਨ ਕਿ ਅਕਾਲ ਤਖ਼ਤ ਵੱਲੋਂ ਦਿੱਤੇ ਹੁਕਮ ਅਨੁਸਾਰ ਸੱਤ ਮੈਂਬਰੀ ਕਮੇਟੀ ਦੇ ਗਠਨ ਨਾਲ ਚੋਣ ਕਮਿਸ਼ਨ ਤੋਂ ਪਾਰਟੀ ਦੀ ਮਾਨਤਾ ਰੱਦ ਹੋ ਜਾਵੇਗੀ, ਇਸ ਲਈ ਉਹ ਇਸ ਹਦਾਇਤ ਦੀ ਪਾਲਣਾ ਕਰਨ ਵਿੱਚ ਅਸਮਰੱਥ ਸਨ।