ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਪੰਜਾਬ ਭਰ ਵਿੱਚ ਮੈਂਬਰਸ਼ਿਪ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਸੁਖਬੀਰ ਸਿੰਘ ਬਾਦਲ ਨੇ ਪਿੰਡ ਬਾਦਲ ਵਿਚ ਨਵੇਂ ਸਿਰੇ ਤੋਂ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ ਹੈ। ਇਸ ਮੁਹਿੰਮ ਦੀ ਸ਼ੁਰੂਆਤ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਤੋਂ ਮੀਟਿੰਗ ਤੋਂ ਬਾਅਦ ਕਰਵਾਈ।ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਮੁੱਖ ਚੋਣ ਅਫਸਰ ਗੁਲਜ਼ਾਰ ਸਿੰਘ ਰਣੀਕੇ ਭਰਤੀ ਵਾਸਤੇ ਨਿਯੁਕਤ ਕੀਤੇ ਗਏ ਆਬਜ਼ਰਵਰਾਂ ਦੇ ਨਾਲ ਮਿਲ ਕੇ ਸਾਰੀ ਮੁਹਿੰਮ ਦੀ ਨਿਗਰਾਨੀ ਕਰਨਗੇ। ਉਨ੍ਹਾਂ ਪਾਰਟੀ ਦੇ ਸੀਨੀਅਰ ਆਗੂਆਂ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਸੁੱਚਾ ਸਿੰਘ ਲੰਗਾਹ ਨੂੰ ਮੈਂਬਰਸ਼ਿਪ ਦੀਆਂ ਪਰਚੀਆਂ ਸੌਂਪੀਆਂ। ਇਹ ਭਰਤੀ ਮੁਹਿੰਮ 20 ਫਰਵਰੀ ਤੱਕ ਜਾਰੀ ਰਹੇਗੀ ।ਇਸ ਤੋਂ ਬਾਅਦ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ 1 ਮਾਰਚ ਨੂੰ ਹੋਵੇਗੀ।
ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਵਲੋਂ ਇਕ ਮਹੀਨੇ 'ਚ 25 ਲੱਖ ਮੈਂਬਰ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ। ਡਾ. ਚੀਮਾ ਨੇ ਭਰਤੀ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਭਰਤੀ ਵਾਸਤੇ ਸਿਰਫ਼ 10 ਰੁਪਏ ਮੈਂਬਰਸ਼ਿਪ ਫ਼ੀਸ ਲਈ ਜਾਵੇਗੀ ਤੇ ਜਿਹੜੇ ਵੀ ਮੈਂਬਰ 100 ਮੈਂਬਰਾਂ ਦੀ ਭਰਤੀ ਕਰਨਗੇ, ਉਹ ਸਰਕਲ ਡੈਲੀਗੇਟ ਬਣਨ ਯੋਗ ਹੋਣਗੇ ਤੇ ਉਹ ਅੱਗੋਂ ਸਰਕਲ ਜਥੇਦਾਰਾਂ ਦੀ ਚੋਣ ਕਰਨਗੇ ।ਉਨ੍ਹਾਂ ਕਿਹਾ ਕਿ ਜਿਹੜੇ 2500 ਡੈਲੀਗੇਟਾਂ ਦੀ ਭਰਤੀ ਕਰਨਗੇ, ਉਹ ਜ਼ਿਲ੍ਹਾ ਡੈਲੀਗੇਟ ਬਣਨਗੇ ਅਤੇ ਉਹ ਹੀ ਅੱਗੋਂ ਜ਼ਿਲ੍ਹਾ ਜਥੇਦਾਰਾਂ ਦੀ ਚੋਣ ਕਰਨਗੇ । ਡਾ. ਚੀਮਾ ਨੇ ਇਹ ਵੀ ਦੱਸਿਆ ਕਿ ਹਰ ਹਲਕੇ ਤੋਂ 4 ਡੈਲੀਗੇਟ ਜਨਰਲ ਹਾਊਸ ਲਈ ਨਾਮਜ਼ਦ ਕੀਤੇ ਜਾਣਗੇ, ਇਸ ਮੁਤਾਬਕ 117 ਵਿਧਾਨ ਸਭਾ ਹਲਕਿਆਂ ਤੋਂ 468 ਡੈਲੀਗੇਟ 1 ਮਾਰਚ ਨੂੰ ਪਾਰਟੀ ਪ੍ਰਧਾਨ ਦੀ ਚੋਣ ਕਰਨਗੇ ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਨਵੇਂ ਮੈਂਬਰਾਂ ਦੀ ਭਰਤੀ ਦਾ ਕੁੱਲ ਟੀਚਾ ਲਗਭਗ 25 ਲੱਖ ਵਰਕਰ ਭਰਤੀ ਕਰਨ ਦਾ ਰੱਖਿਆ ਗਿਆ ਹੈ ਤੇ ਹਲਕਾ ਲੰਬੀ ਵਿਚੋਂ ਲਗਭਗ 40 ਹਜ਼ਾਰ ਵਰਕਰ ਭਰਤੀ ਕੀਤੇ ਜਾਣਗੇ।ਉਨ੍ਹਾਂ ਹਰਿਆਣਾ ਦੀ ਗੁਰਦੁਆਰਾ ਕਮੇਟੀ ਦੇ ਆਏ ਨਤੀਜਿਆਂ 'ਤੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਆਖਿਆ ਕਿ ਹਰਿਆਣਾ ਦੀ ਸਿੱਖ ਸੰਗਤ ਨੇ ਉਨ੍ਹਾਂ ਲੋਕਾਂ ਨੂੰ ਸਾਫ਼ ਕਰ ਦਿੱਤਾ ਹੈ, ਜਿਹੜੇ ਲੋਕ ਸਿੱਖ ਧਰਮ ਵਿਚ ਦਖ਼ਲਅੰਦਾਜ਼ੀ ਕਰਦੇ ਹਨ ਅਤੇ ਸੰਗਤ ਨੇ ਉਨ੍ਹਾਂ ਨੂੰ ਨਕਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਬਲਜੀਤ ਸਿੰਘ ਦਾਦੂਵਾਲ ਤੇ ਉਸ ਦੇ ਸਾਥੀ ਏਜੰਸੀਆਂ ਦੇ ਬੰਦੇ ਹਨ | ਇਨ੍ਹਾਂ ਨੇ ਸ਼੍ਰੋਮਣੀ ਕਮੇਟੀ ਤੋੜ ਕੇ ਹਰਿਆਣਾ ਅਲੱਗ ਕਰਵਾਇਆ ਅਤੇ ਹੁਣ ਇਹ ਚੋਣ ਹਾਰ ਗਏ