ਅਕਾਲ ਤਖਤ ਦੀ 5 ਮੈਂਬਰੀ ਕਮੇਟੀ 18 ਮਾਰਚ ਤੋਂ ਸ਼ੁਰੂ ਕਰੇਗੀ ਭਰਤੀ

In ਮੁੱਖ ਖ਼ਬਰਾਂ
March 05, 2025
ਇੱਕ ਪਾਸੇ ਸ਼੍ਰੋਮਣੀ ਅਕਾਲੀ ਦਲ 25 ਫਰਵਰੀ ਨੂੰ ਭਰਤੀ ਮੁਹਿੰਮ ਮੁਕੰਮਲ ਕਰ ਕੇ ਅਗਲੀ ਪ੍ਰਕਿਰਿਆ ਆਰੰਭ ਕਰ ਚੁੱਕਾ ਹੈ, ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਆਖ ਰਹੇ ਹਨ ਕਿ ਭਰਤੀ ਸਬੰਧੀ ਜੋ ਹੁਕਮ ਕੀਤਾ ਗਿਆ ਸੀ, ਉਸ ਮੁਤਾਬਕ ਇਹ ਸ਼ੁਰੂ ਹੀ ਨਹੀਂ ਹੋਈ। ਜੇਕਰ ਹਰਜਿੰਦਰ ਸਿੰਘ ਧਾਮੀ ਅਤੇ ਕਿਰਪਾਲ ਸਿੰਘ ਬਡੂੰਗਰ ਅਸਤੀਫ਼ਾ ਵਾਪਸ ਨਹੀਂ ਲੈਣਗੇ ਤਾਂ ਪੰਜ ਮੈਂਬਰੀ ਕਮੇਟੀ ਹੁਕਮਾਂ ਮੁਤਾਬਕ ਆਪਣਾ ਕੰਮ ਕਰੇਗੀ ਅਤੇ ਇਸ ਵਿਚੋਂ ਹੀ ਇੱਕ ਮੈਂਬਰ ਕਮੇਟੀ ਦੀ ਅਗਵਾਈ ਕਰੇਗਾ। ਇਥੇ ਜ਼ਿਕਰਯੋਗ ਹੈ ਕਿ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਾਮਲੇ ਸਬੰਧੀ ਬਣਾਈ 7 ਮੈਂਬਰੀ ਕਮੇਟੀ ਦੇ ਬਚੇ 5 ਮੈਂਬਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵਰਕਾਰਾਂ ਦੀ ਭਰਤੀ ਸ਼ੁਰੂ ਕਰਨ ਤੋਂ ਪਹਿਲਾਂ ਅਰਦਾਸ ਕੀਤੀ ਸੀ। 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਨਵੀਂ ਭਰਤੀ ਕਰਨ ਲਈ ਪੰਜ ਮੈਬਰਾਂ ਵਿਚ ਸੰਤਾ ਸਿੰਘ ਉਮੈਦਪੁਰੀ, ਮਨਪ੍ਰੀਤ ਸਿੰਘ ਇਯਾਲੀ, ਇਕਬਾਲ ਸਿੰਘ ਝੂੰਦਾ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਬੀਬੀ ਸਤਵੰਤ ਕੌਰ ਇਸ ਮੌਕੇ ਮੌਜੂਦ ਸਨ। ਉਨ੍ਹਾਂ ਨੇ ਕਿਹਾ ਕਿ 18 ਮਾਰਚ ਤੋਂ ਭਰਤੀ ਸ਼ੁਰੂ ਕੀਤੀ ਜਾਵੇਗੀ। ਜੋ ਪੂਰੀ ਇਮਾਨਦਾਰੀ, ਸਮਰਪਿਤ ਭਾਵਨਾ ਅਤੇ ਸਮੁੱਚੀਆਂ ਪੰਥਕ ਧਿਰਾਂ ਨੂੰ ਇਕੱਠਾ ਕਰਕੇ ਅਕਾਲੀ ਵਰਕਰਾਂ ਦੀ ਤਰਜਮਾਨੀ ਕਰੇਗੀ ਅਤੇ ਹਰ ਪਿੰਡ, ਕਸਬੇ, ਸ਼ਹਿਰ, ਮੁਹੱਲੇ ਤੱਕ ਪਹੁੰਚ ਕਰਕੇ ਵੱਡੇ ਪੱਧਰ ‘ਤੇ ਭਰਤੀ ਕਰੇਗੀ। ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ਼ ਮੌਜੂਦਾ ਸ਼੍ਰੋਮਣੀ ਅਕਾਲੀ ਦਲ ਇਸ ਵੇਲੇ ਕਮਜ਼ੋਰ ਹੋ ਕੇ ਨਿਘਾਰ ਵੱਲ ਜਾ ਚੁੱਕਾ ਹੈ, ਜਿਸ ਕਾਰਨ ਸ੍ਰੀ ਅਕਾਲ ਤਖਤ ਵੱਲੋਂ ਸਿੱਖਾਂ ਦੀ ਇਸ ਸਿਆਸੀ ਜਮਾਤ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਜਥੇਬੰਦੀ ਵਜੋਂ ਉਭਾਰਨ ਲਈ ਇਸ ਦੀ ਨਵੀਂ ਭਰਤੀ ਰਾਹੀ ਨਵੀਂ ਲੀਡਰਸ਼ਿਪ ਨੂੰ ਅੱਗੇ ਲਿਆਉਣ ਦਾ ਫੈਸਲਾ ਕੀਤਾ ਗਿਆ ਸੀ। ਉਨ੍ਹਾਂ ਸਿੱਖ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਅੱਗੇ ਆਉਣ ਤਾਂ ਜੋ ਇੱਕ ਨਵੀਂ ਲੀਡਰਸ਼ਿਪ ਨੂੰ ਉਭਾਰਿਆ ਜਾ ਸਕੇ।ਵਡਾਲਾ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ ਅਸਤੀਫੇ ਸਬੰਧੀ ਫੈਸਲੇ ਨੂੰ ਤਿਆਗ ਕੇ ਅੱਗੇ ਆਉਣ ਅਤੇ ਇਸ ਨਿਗਰਾਨ ਕਮੇਟੀ ਦੀ ਜ਼ਿੰਮੇਵਾਰੀ ਸੰਭਾਲਣ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਵੀ ਵਾਪਸ ਲੈਣ। ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਜਾ ਚੁੱਕੀ ਭਰਤੀ ਸਬੰਧੀ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਵੱਲੋਂ ਇਸ ਕਮੇਟੀ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸ਼ੁਰੂ ਕਰਨ ਦਾ ਆਦੇਸ਼ ਦਿੱਤਾ ਗਿਆ ਸੀ ਅਤੇ ਕਮੇਟੀ ਵੱਲੋਂ ਹੁਣ ਤੱਕ ਭਰਤੀ ਨਹੀਂ ਕੀਤੀ ਗਈ ਹੈ। ਸ੍ਰੀ ਅਕਾਲ ਤਖਤ ਦੇ ਆਦੇਸ਼ ਮੁਤਾਬਿਕ ਇਸ ਕਮੇਟੀ ਵੱਲੋਂ ਨਵੀਂ ਭਰਤੀ 18 ਮਾਰਚ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਇਹ ਜਵਾਬ ਨਾਲ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਹੋ ਚੁੱਕੀ ਭਰਤੀ ’ਤੇ ਸਵਾਲੀਆ ਨਿਸ਼ਾਨ ਲਾ ਦਿੱਤਾ ਹੈ। ਸ੍ਰੀ ਅਕਾਲ ਤਖਤ ਦੇ ਅਧਿਕਾਰ ਖੇਤਰ ਨੂੰ ਸੀਮਤ ਕਰਨ ਵਾਲੇ ਬਾਦਲ ਦਲ ਪਖੀ ਸ੍ਰੋਮਣੀ ਕਮੇਟੀ ਦੇ ਬਿਆਨਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਦੀ ਸਥਾਪਨਾ ਸ਼੍ਰੋਮਣੀ ਕਮੇਟੀ ਤੋਂ ਵੀ ਪਹਿਲਾਂ ਹੋਈ ਸੀ। ਇਸ ਤਖਤ ਦੀ ਸਥਾਪਨਾ ਗੁਰੂ ਸਾਹਿਬ ਨੇ ਖੁਦ ਕੀਤੀ ਸੀ। ਸ੍ਰੀ ਅਕਾਲ ਤਖਤ ਦੇ ਆਦੇਸ਼ਾਂ ’ਤੇ ਸਮੁੱਚੀ ਸਿੱਖ ਕੌਮ ਨੇ ਕਈ ਮੋਰਚੇ ਲਾਏ ਹਨ ਅਤੇ ਕਈ ਜੰਗਾਂ ਵੀ ਲੜੀਆਂ ਹਨ। ਇਸ ਦੇ ਫੈਸਲੇ ਸਮੁੱਚੇ ਸਿੱਖ ਜਗਤ ’ਤੇ ਲਾਗੂ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਅਧਿਕਾਰ ਖੇਤਰ ਤਾਂ ਸੀਮਤ ਹੋ ਸਕਦਾ ਹੈ ਪਰ ਸ੍ਰੀ ਅਕਾਲ ਤਖਤ ਦਾ ਅਧਿਕਾਰ ਖੇਤਰ ਅਸੀਮਤ ਹੈ। ਉਨ੍ਹਾਂ ਕਿਹਾ ਕਿ ਅਜਿਹੇ ਬਿਆਨ ਦੇਣ ਵਾਲੇ ਭਾਵੇਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਅਕਾਲੀ ਆਗੂ ਹੀ ਹਨ ਪਰ ਇਹ ਉਨ੍ਹਾਂ ਵਾਸਤੇ ਨਮੋਸ਼ੀ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਦੀ ਸਰਵਉਚਤਾ ਨੂੰ ਵੰਗਾਰਨ ਵਾਲੇ ਬਿਆਨਾਂ ਨਾਲ ਕੋਈ ਵੀ ਸਹਿਮਤ ਨਹੀਂ ਹੋ ਸਕਦਾ ਅਤੇ ਨਾ ਹੀ ਇਨ੍ਹਾਂ ਨੂੰ ਬਰਦਾਸ਼ਤ ਕੀਤਾ ਜਾ ਸਕਦਾ ਹੈ। ਦੂਜੇ ਪਾਸੇ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਹੁਣ ਇਸ ਸਬੰਧੀ ਫ਼ੈਸਲਾ ਸਿੰਘ ਸਾਹਿਬਾਨ ਦੀ ਹੋਣ ਵਾਲੀ ਅਗਲੀ ਮੀਟਿੰਗ ਵਿੱਚ ਕੀਤਾ ਜਾਵੇਗਾ। ਉਨ੍ਹਾਂ ਕਮੇਟੀ ਦੀ ਢਾਈ ਮਹੀਨੇ ਦੀ ਕਾਰਗੁਜ਼ਾਰੀ ਉੱਤੇ ਫਿਲਹਾਲ ਨਾ ਖ਼ੁਸ਼ੀ ਪ੍ਰਗਟਾਈ ਹੈ। ਅਸਲ ਵਿੱਚ ਜਥੇਦਾਰ ਰਘਬੀਰ ਸਿੰਘ ਦਾ ਤਾਜ਼ਾ ਬਿਆਨ ਪਿਛਲੇ ਸਾਲ ਦੋ ਦਸੰਬਰ 2024 ਨੂੰ ਜਾਰੀ ਕੀਤੇ ਗਏ ਹੁਕਮਨਾਮੇ ਦੇ ਸੰਦਰਭ ਵਿੱਚ ਸੀ।ਇਸ ਹੁਕਮ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਸਿੰਘ ਸਹਿਬਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪੁਰਾਣੇ ਢਾਂਚੇ ਨੂੰ ਭੰਗ ਕਰ ਦਿੱਤਾ ਸੀ ਅਤੇ ਨਵੀਂ ਭਰਤੀ ਕਰਨ ਦੇ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਸੀ।ਸ੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਇਸ ਕਮੇਟੀ ਨੇ ਕੰਮ ਕਰਨਾ ਸੀ ਅਤੇ ਇਸ ਵਿੱਚ ਮੈਂਬਰ ਵਜੋਂ ਕਿਰਪਾਲ ਸਿੰਘ ਬਡੂੰਗਰ, ਸਤਵੰਤ ਕੌਰ, ਸੰਤਾ ਸਿੰਘ ਉਮੈਦਪੁਰੀ, ਮਨਪ੍ਰੀਤ ਸਿੰਘ ਇਯਾਲੀ, ਇਕਬਾਲ ਸਿੰਘ ਝੂੰਦਾ ਅਤੇ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਸ਼ਾਮਲ ਕੀਤਾ ਗਿਆ ਸੀ।ਪਰ ਪਿਛਲੇ ਦਿਨੀਂ ਕਮੇਟੀ ਦੇ ਚੇਅਰਮੈਨ ਹਰਜਿੰਦਰ ਸਿੰਘ ਧਾਮੀ ਅਤੇ ਕਿਰਪਾਲ ਸਿੰਘ ਬਡੂੰਗਰ ਨੇ ਕਮੇਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ।ਹੁਣ ਫ਼ਿਲਹਾਲ ਪੰਜ ਮੈਂਬਰੀ ਕਮੇਟੀ ਰਹਿ ਗਈ ਹੈ ਜਿਸ ਨੇ ਬੀਤੇ ਦਿਨੀਂ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਕਰ ਦਿੱਤੀ ਸੀ, ਜਿਸ ਵਿੱਚ ਉਨ੍ਹਾਂ ਆਖਿਆ ਹੈ ਕਿ ਨਵੀਂ ਭਰਤੀ ਲਈ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਨੂੰ ਸਹਿਯੋਗ ਨਹੀਂ ਦੇ ਰਿਹਾ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਭਰਤੀ ਮੁਹਿੰਮ ਉੱਤੇ ਤਸੱਲੀ ਪ੍ਰਗਟਾਉਂਦਿਆਂ ਕਿਹਾ ਹੈ ਕਿ ਪੰਜਾਬੀਆਂ ਨੇ ਇਸ ਨੂੰ ਲਾਮਿਸਾਲ ਹੁੰਗਾਰਾ ਦਿੱਤਾ ਹੈ। ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਇਹ ਭਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੀ ਗਈ ਹੈ। ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਮੁਤਾਬਕ, " ਪਾਰਟੀ ਨੇ ਭਰਤੀ ਮੁਹਿੰਮ ਵਾਸਤੇ 33 ਲੱਖ ਪਰਚੀਆਂ ਜਾਰੀ ਕੀਤੀਆਂ ਸਨ। ਅਗਲੇ ਸਮੇਂ ਵਿਚ ਜ਼ਿਲ੍ਹਾ ਆਬਜ਼ਰਵਰਾਂ ਦੀ ਮੀਟਿੰਗ ਬੁਲਾਈ ਜਾਵੇਗੀ ਜੋ ਸਰਕਲ ਤੇ ਜ਼ਿਲ੍ਹਾ ਡੈਲੀਗੇਟ ਦੀ ਚੋਣ ਦੀ ਨਿਗਰਾਨੀ ਕਰਨਗੇ ਤੇ ਜ਼ਿਲ੍ਹਾ ਡੈਲੀਗੇਟ ਅੱਗੇ ਸੂਬਾ ਡੈਲੀਗੇਟ ਚੁਣਨ ਜੋ ਅੱਗੇ ਪਾਰਟੀ ਪ੍ਰਧਾਨ ਦੀ ਚੋਣ ਕਰਨਗੇ।" ਗਿਆਨੀ ਰਘਬੀਰ ਸਿੰਘ ਦੇ ਬਿਆਨ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਉੱਤੇ ਸੰਕਟ ਖੜਾ ਹੋ ਗਿਆ ਹੈ। ਸਿਆਸੀ ਮਾਹਿਰ ਮੰਨਦੇ ਹਨ, "ਜਥੇਦਾਰ ਅਕਾਲ ਤਖਤ ਸਾਹਿਬ ਦਾ ਇਹ ਬਿਆਨ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਸਿੱਧੇ ਤੌਰ ʼਤੇ ਚੁਣੌਤੀ ਹੈ ਅਤੇ ਇਸ ਨਾਲ ਹੀ ਸ਼੍ਰੋਮਣੀ ਅਕਾਲੀ ਦੇ ਸੰਕਟ ਵਿੱਚ ਵਾਧੇ ਦੇ ਆਸਾਰ ਹੋਰ ਬਣ ਗਏ ਹਨ। ਡਾਕਟਰ ਪਰਮਜੀਤ ਸਿੰਘ ਮਾਨਸਾ ਮੁਤਾਬਕ ਜਦੋਂ ਤੱਕ ਐੱਸਜੀਪੀਸੀ ਉੱਤੇ ਸ਼੍ਰੋਮਣੀ ਅਕਾਲੀ ਦਲ ਦਾ ਕਬਜ਼ਾ ਰਹੇਗਾ, ਉਦੋਂ ਤੱਕ ਉਨ੍ਹਾਂ ਦੀ ਚੱਲੇਗੀ।ਜਿਸ ਤਰੀਕੇ ਨਾਲ ਜਥੇਦਾਰ ਸਾਹਿਬ ਨੇ ਆਪਣਾ ਬੈਗ਼ ਤਿਆਰ ਰੱਖੇ ਜਾਣ ਬਾਰੇ ਬਿਆਨ ਦਿੱਤਾ ਹੈ, ਉਸ ਤੋਂ ਸਪਸ਼ਟ ਹੈ ਕਿ ਉਨ੍ਹਾਂ ਨੂੰ ਅਹੁਦੇ ਤੋਂ ਹਟਾਏ ਜਾਣ ਦਾ ਖ਼ਦਸ਼ਾ ਹੈ।ਉਨ੍ਹਾਂ ਆਖਿਆ ਕਿ ਅਕਾਲੀ ਦਲ ਆਪਣੀ ਭਰਤੀ ਮੁਹਿੰਮ ਨੂੰ ਕਦੇ ਵੀ ਗ਼ਲਤ ਨਹੀਂ ਆਖੇਗਾ, ਦੂਜੇ ਪਾਸੇ ਸਿੱਖ ਜਗਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਮੰਨਣ ਦੇ ਲਈ ਪਾਬੰਧ ਹੈ, ਇਸ ਕਰ ਕੇ ਪੰਥਕ ਸੰਕਟ ਆਉਣ ਵਾਲੇ ਦਿਨਾਂ ਵਿੱਚ ਹੋਰ ਵੱਧਣ ਦੇ ਆਸਾਰ ਬਣ ਗਏ ਹਨ। ਪ੍ਰੋਫੈਸਰ ਸੁਖਦਿਆਲ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦਾ ਜੋ ਵਤੀਰਾ ਹੈ, ਉਸ ਨੂੰ ਦੇਖਦੇ ਹੋਏ, ਇਨ੍ਹਾਂ ਦੀ ਸ਼ਿਕਾਇਤ ਹੋ ਸਕਦੀ ਅਤੇ ਇਸ ਤੋਂ ਬਾਅਦ ਇਨ੍ਹਾਂ ਨੂੰ ਦੁਬਾਰਾ ਸ਼੍ਰੀ ਅਕਾਲ ਤਖ਼ਤ ਸਾਹਿਬ ਉੱਤੇ ਤਲਬ ਕੀਤਾ ਜਾ ਸਕਦਾ ਹੈ।ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਸਖ਼ਤ ਰੁਖ਼ ਅਖ਼ਤਿਆਰ ਕਰ ਸਕਦਾ ਹੈ।

Loading