
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰਾਂ ਨੂੰ ਹਟਾਉਣ ਕਾਰਣ ਪੰਥਕ ਸੰਕਟ ਵਿਚ ਫਸੀ ਹੋਈ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ 28 ਮਾਰਚ ਨੂੰ ਬਜਟ ਇਜਲਾਸ ਤੋਂ ਬਾਅਦ ਜਲਦੀ ਅੰਤ੍ਰਿੰਗ ਕਮੇਟੀ ਮੀਟਿੰਗ ਸੱਦ ਕੇ ਨਵੇਂ ਜਥੇਦਾਰ ਦਾ ਐਲਾਨ ਕੀਤਾ ਜਾ ਸਕਦਾ ਹੈ। 7 ਮਾਰਚ ਨੂੰ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਜਿਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਵੀ ਹਟਾ ਦਿੱਤਾ ਸੀ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਵਿਵਾਦ ਕਾਰਨ ਉਨ੍ਹਾਂ ਦੀ 10 ਫਰਵਰੀ ਨੂੰ ਹੀ ਛੁੱਟੀ ਕਰ ਦਿੱਤੀ ਸੀ। ਤਿੰਨਾਂ ਤਖ਼ਤ ਸਾਹਿਬਾਨ ਦੇ ਜਥੇਦਾਰ ਨੂੰ ਹਟਾ ਕੇ ਨਵੇਂ ਜਥੇਦਾਰ ਲਗਾਉਣ ਲਈ 7 ਮਾਰਚ ਨੂੰ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਅਹਿਮ ਫੈਸਲੇ ’ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਲਗਾ ਕੇ ਨਾਲ ਹੀ ਕਾਰਜਕਾਰੀ ਤੌਰ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਚਾਰਜ ਵਿਚ ਦੇਣ ਦਾ ਫ਼ੈਸਲਾ ਕੀਤਾ ਸੀ, ਇਸ ਦੇ ਨਾਲ ਫ਼ੈਸਲਾ ਕੀਤਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਸਾਰੀਆਂ ਸਿੱਖ ਸੰਸਥਾਵਾਂ, ਜਥੇਬੰਦੀਆਂ ਤੇ ਸੰਪਰਦਾਵਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੀ ਵਿਰੋਧੀ ਧਿਰ ਨੇ ਸਿੱਖ ਸੰਸਥਾਵਾਂ, ਜਥੇਬੰਦੀਆਂ ਤੇ ਸੰਪਰਦਾਵਾਂ ਪਾਸੋਂ ਬਿਨਾਂ ਸਲਾਹ ਮਸ਼ਵਰੇ ’ਤੇ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਕੀਤੀ ਨਿਯੁਕਤੀ ’ਤੇ ਇਤਰਾਜ਼ ਪ੍ਰਗਟਾਇਆ ਸੀ, ਜਿਸ ਮਗਰੋਂ ਕੁਝ ਨਿਹੰਗ ਸਿੰਘ ਜਥੇਬੰਦੀਆਂ, ਦਮਦਮੀ ਟਕਸਾਲ ਮਹਿਤਾ, ਦਿੱਲੀ ਕਮੇਟੀ, ਪਾਕਿਸਤਾਨ ਕਮੇਟੀ ਤੇ ਵੱਖ-ਵੱਖ ਸੂਬਿਆਂ ਦੀਆਂ ਸਿੰਘ ਜਥੇਬੰਦੀਆਂ ਤੇ ਸੰਸਥਾਵਾਂ ਨੇ ਵੀ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਨਿਯੁਕਤੀ ਨੂੰ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇਸੇ ਦਰਮਿਆਨ 14 ਮਾਰਚ ਨੂੰ ਤਹਿ ਸਮੇਂ ਤੋਂ ਪਹਿਲਾਂ ਤੜਕਸਾਰ 2:50 ਵਜੇ ਗਿਆਨੀ ਕੁਲਦੀਪ ਸਿੰਘ ਦੀ ਦਸਤਾਰਬੰਦੀ ਕਰ ਕੇ ਸ਼੍ਰੋਮਣੀ ਕਮੇਟੀ ਨੇ ਨਵਾਂ ਵਿਵਾਦ ਛੇੜ ਦਿੱਤਾ ਸੀ ਤੇ ਉਸੇ ਦਿਨ ਸ਼ਾਮ 4 ਵਜੇ ਗਿਆਨੀ ਕੁਲਦੀਪ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਡਿਊਟੀ ‘ਤੇ ਮੌਜੂਦ ਪੰਜ ਸਿੰਘਾਂ ਵੱਲੋਂ ਦਸਤਾਰ ਭੇਟ ਕਰਵਾ ਕੇ ਕਾਰਜਕਾਰੀ ਚਾਰਜ ਸੌਂਪ ਦਿੱਤਾ ਸੀ। ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਿਯੁਕਤ ਕੀਤੇ ਜਥੇਦਾਰ ਧਾਰਮਿਕ ਸ਼ਖ਼ਸੀਅਤ ਬਾਬਾ ਟੇਕ ਸਿੰਘ ਮੁਖੀ ਬੁੰਗਾ ਮਸਤੂਆਣਾ ਸ੍ਰੀ ਦਮਦਮਾ ਸਾਹਿਬ ਦੀ ਦਸਤਾਰਬੰਦੀ ਹੁਣ ਤੱਕ ਨਹੀਂ ਹੋ ਸਕੀ। ਉਨ੍ਹਾਂ ਉਪਰ ਕਈ ਦੋਸ਼ ਲਗ ਚੁਕੇ ਸਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਏ ਜਾਣ ਦੇ ਇਤਰਾਜ਼ ਤੋਂ ਬਾਅਦ 17 ਫਰਵਰੀ ਨੂੰ ਅਸਤੀਫਾ ਦੇ ਦਿੱਤਾ ਸੀ, ਜਿਸ ਨੂੰ ਇਕ ਮਹੀਨੇ ਬਾਅਦ 17 ਮਾਰਚ ਨੂੰ ਅੰਤ੍ਰਿੰਗ ਕਮੇਟੀ ਨੇ ਅਪ੍ਰਵਾਨ ਕਰ ਕੇ ਮੁੜ ਸੇਵਾਵਾਂ ਸੰਭਾਲਣ ਲਈ ਧਾਮੀ ਨੂੰ ਅਪੀਲ ਕੀਤੀ ਸੀ ਅਤੇ 19 ਮਾਰਚ ਨੂੰ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਅਕਾਲੀ ਆਗੂਆਂ ਨੇ ਧਾਮੀ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਜਾ ਕੇ ਮੁੜ ਸੇਵਾ ਸੰਭਾਲਣ ਲਈ ਮਨਾ ਲਿਆ ਸੀ। ਸੂਤਰਾਂ ਮੁਤਾਬਕ ਐਡਵੋਕੇਟ ਧਾਮੀ ਲਗਾਤਾਰ ਸਿੱਖ ਸੰਸਥਾਵਾਂ, ਜਥੇਬੰਦੀਆਂ ਤੇ ਸੰਪਰਦਾਵਾਂ ਤੇ ਖਾਸ ਕਰ ਕੇ ਨਰਾਜ਼ ਚੱਲ ਰਹੀਆਂ ਨਿਹੰਗ ਸਿੰਘ ਜਥੇਬੰਦੀਆਂ, ਦਮਦਮੀ ਟਕਸਾਲ ਮਹਿਤਾ ਆਦਿ ਨਾਲ ਸੰਪਰਕ ਕਰ ਕੇ ਇਸ ਮਸਲੇ ਨੂੰ ਹੱਲ ਕਰਨ ਦੇ ਯਤਨ ਕਰਨ ਦੇ ਨਾਲ-ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਉਪਰੋਕਤਾਂ ਦੀ ਰਾਏ ਨਾਲ ਕਰਨ ਦੀ ਗੱਲਬਾਤ ਕਰ ਰਹੇ ਹਨ। 28 ਮਾਰਚ ਨੂੰ ਸਾਲਾਨਾ ਬਜਟ ਇਜਲਾਸ ਦੌਰਾਨ ਵੀ ਕਈਆਂ ਵੱਲੋਂ ਉਪਰੋਕਤ ਫ਼ੈਸਲਿਆਂ ਦੇ ਵਿਰੋਧ ਕਰਨ ਸਬੰਧੀ ਤਿਆਰੀ ਕੀਤੀ ਜਾ ਰਹੀ ਹੈ, ਪਰ ਐਡਵੋਕੇਟ ਧਾਮੀ ਵੱਲੋਂ 28 ਮਾਰਚ ਤੋਂ ਬਾਅਦ ਹੋਣ ਵਾਲੀ ਅੰਤ੍ਰਿੰਗ ਕਮੇਟੀ ਵਿਚ ਅਹਿਮ ਫ਼ੈਸਲੇ ਕੀਤੇ ਜਾਣ ਦੀਆਂ ਚਰਚਾਵਾਂ ਵੀ ਹਨ।