ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਚੱਲ ਰਹੇ ਵਿਵਾਦ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਖਤ ਰੁਖ ਅਪਨਾਇਆ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਟਕਰਾਅ ਦੀ ਨੀਤੀ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 2 ਦਸੰਬਰ ਨੂੰ ਜਾਰੀ ਕੀਤੇ ਗਏ ਹੁਕਮਨਾਮੇ ਨੂੰ ਪੂਰੀ ਤਰ੍ਹਾਂ ਲਾਗੂ ਕਰਵਾਇਆ ਜਾਏਗਾ।
ਦਰਅਸਲ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੇ ਪੰਜ ਮੈਂਬਰਾਂ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਸਤਵੰਤ ਕੌਰ, ਮਨਪ੍ਰੀਤ ਸਿੰਘ ਇਆਲੀ, ਸੰਤਾ ਸਿੰਘ ਉਮੈਦਪੁਰੀ ਤੇ ਇਕਬਾਲ ਸਿੰਘ ਝੂੰਢਾ ਨੇ ਬੀਤੇ ਦਿਨੀਂ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਸੀ ਤੇ ਉਨ੍ਹਾਂ ਨੂੰ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਸੀ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਭਰਤੀ ਲਈ ਬਣਾਈ ਗਈ ਕਮੇਟੀ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਈ ਸਮਰਥਨ ਨਹੀਂ ਮਿਲ ਰਿਹਾ ਤੇ ਉਹ ਭਰਤੀ ਆਪਣੇ ਆਪ ਕਰਨਾ ਚਾਹੁੰਦੇ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਸਹਿਯੋਗ ਨਹੀਂ ਕਰ ਰਹੀ। ਇਸ ਕਾਰਨ ਭਰਤੀ ਪ੍ਰਕਿਰਿਆ ਸਹੀ ਢੰਗ ਨਾਲ ਨਹੀਂ ਚੱਲ ਰਹੀ। ਕਮੇਟੀ ਆਪਣੇ ਪੱਧਰ 'ਤੇ ਕੰਮ ਕਰਨ ਦੇ ਅਯੋਗ ਹੈ। ਮੈਂਬਰਾਂ ਵਿੱਚੋਂ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਕਿ੍ਪਾਲ ਸਿੰਘ ਬਡੂੰਗਰ ਨੇ ਅਸਤੀਫ਼ਾ ਦੇ ਦਿੱਤਾ ਹੈ। ਜਥੇਦਾਰ ਨੂੰ ਕਿਹਾ ਗਿਆ ਹੈ ਕਿ ਇਸ ਮਾਮਲੇ ਵਿੱਚ ਅਕਾਲ ਤਖ਼ਤ ਸਾਹਿਬ ਜੋ ਵੀ ਹੋਰ ਹੁਕਮ ਦੇਵੇਗਾ, ਕਮੇਟੀ ਮੈਂਬਰ ਉਸ ਅਨੁਸਾਰ ਕੰਮ ਕਰਨਗੇ।ਕਮੇਟੀ ਮੈਂਬਰਾਂ ਨੇ ਕਿਹਾ ਕਿ ਅਕਾਲ ਤਖ਼ਤ ਦੇ ਜਥੇਦਾਰ ਨੇ ਭਰੋਸਾ ਦਿੱਤਾ ਹੈ ਕਿ ਉਹ 2 ਦਸੰਬਰ ਨੂੰ ਅਕਾਲ ਤਖ਼ਤ ਦੇ ਫੈਸਲੇ ਰਾਹੀਂ ਜਾਰੀ ਕੀਤੇ ਗਏ ਹੁਕਮ ਨੂੰ ਲਾਗੂ ਕਰਨਗੇ। ਇਹ ਵੀ ਪਤਾ ਲੱਗਾ ਹੈ ਕਿ ਦੋ ਮੈਂਬਰਾਂ ਵੱਲੋਂ ਅਸਤੀਫਾ ਦੇਣ ਕਰਕੇ ਹੁਣ ਪੰਜ ਮੈਂਬਰੀ ਕਮੇਟੀ ਹੀ ਆਪਣਾ ਕੰਮ ਅੱਗੇ ਜਾਰੀ ਰੱਖ ਸਕਦੀ ਹੈ। ਕਮੇਟੀ ਮੈਂਬਰਾਂ ਨੇ ਕਿਹਾ ਕਿ ਜਥੇਦਾਰ ਸਾਹਿਬ ਨੇ ਭਰੋਸਾ ਦੁਆਇਆ ਹੈ ਕਿ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨੀ ਪਵੇਗੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਸਖਤ ਰੁਖ਼ ਮਗਰੋਂ ਅਕਾਲੀ ਦਲ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਅਕਾਲੀ ਦਲ ਖਦਸ਼ਾ ਹੈ ਕਿ ਜਥੇਦਾਰ ਮੈਂਬਰਸ਼ਿਪ ਭਰਤੀ ਉਪਰ ਵੀ ਸਵਾਲੀਆ ਨਿਸ਼ਾਨ ਲੱਗਾ ਸਕਦੇ ਹਨ। ਇਸ ਕਾਰਣ ਜਥੇਦਾਰ ਤੇ ਅਕਾਲੀ ਦਲ ਦਾ ਆਪਸੀ ਟਕਰਾਅ ਵਧ ਸਕਦਾ ਹੈ।ਸੂਤਰਾਂ ਤੋਂ ਪਤਾ ਲਗਾ ਹੈ ਕਿ ਬਾਦਲ ਅਕਾਲੀ ਦਲ ਭਰਤੀ ਰਦ ਕਰਨ ਦੇ ਮੂਡ ਵਿਚ ਨਹੀਂ ਹੈ।