ਨਵੀਂ ਦਿੱਲੀ/ਏ.ਟੀ.ਨਿਊਜ਼ :
ਪਹਿਲਗਾਮ ਹਮਲੇ ਦੇ ਪਿਛੋਕੜ ਵਿੱਚ ਭਾਰਤ ਵੱਲੋਂ ਦਹਿਸ਼ਤਗਰਦਾਂ ਅਤੇ ਉਨ੍ਹਾਂ ਦੇ ਪੁਸ਼ਤਪਨਾਹ ਪਾਕਿਸਤਾਨ ਖ਼ਿਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਦੇ ਲਾਏ ਜਾ ਰਹੇ ਕਿਆਸਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਦਿਨੀਂ ਕਿਹਾ ਕਿ ਹਥਿਆਰਬੰਦ ਬਲਾਂ ਨੂੰ ਭਾਰਤ ਦੀ ਜਵਾਬੀ ਕਾਰਵਾੲਂੀ ਦਾ ਢੰਗ ਤਰੀਕਾ, ਟੀਚਾ ਤੇ ਸਮਾਂ ਨਿਰਧਾਰਤ ਕਰਨ ਦੀ ਪੂਰੀ ਖੁੱਲ੍ਹ ਹੈ।
ਅਧਿਕਾਰੀਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਉੱਚ-ਪੱਧਰੀ ਸੁਰੱਖਿਆ ਮੀਟਿੰਗ ਦੌਰਾਨ ਕਿਹਾ ਕਿ ‘ਅਤਿਵਾਦ ਨੂੰ ਕਰਾਰਾ ਝਟਕਾ ਦੇਣਾ ਸਾਡਾ ਕੌਮੀ ਅਹਿਦ ਹੈ।’ ਸ੍ਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਅਹਿਮ ਮੀਟਿੰਗ ਤੋਂ ਪਹਿਲਾਂ ਪਹਿਲਗਾਮ ਦਹਿਸ਼ਤੀ ਹਮਲੇ ਤੋਂ ਬਾਅਦ ਪਾਕਿਸਤਾਨ ਵਿਰੁੱਧ ਅਗਲੀ ਕਾਰਵਾਈ ਦਾ ਫੈਸਲਾ ਕਰਨ ਲਈ ਫੌਜੀ ਅਤੇ ਸੁਰੱਖਿਆ ਸਥਾਪਨਾ ਨਾਲ ਜੁੜੇ ਅਧਿਕਾਰੀਆਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਰੱਖਿਆ ਸਟਾਫ ਦੇ ਮੁਖੀ ਜਨਰਲ ਅਨਿਲ ਚੌਹਾਨ ਸ਼ਾਮਲ ਹੋਏ। ਮੀਟਿੰਗ ਵਿੱਚ ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ, ਜਲ ਸੈਨਾ ਮੁਖੀ ਐਡਮਿਰਲ ਦਿਨੇਸ਼ ਕੇ ਤ੍ਰਿਪਾਠੀ ਅਤੇ ਏਅਰ ਚੀਫ ਮਾਰਸ਼ਲ ਅਮਰ ਪ੍ਰੀਤ ਸਿੰਘ ਨੇ ਵੀ ਸ਼ਿਰਕਤ ਕੀਤੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ‘‘ਸਾਡੇ ਕੋਲ ਬਹੁਤ ਘੱਟ ਸਮਾਂ ਹੈ ਅਤੇ ਬਹੁਤ ਵੱਡੇ ਟੀਚੇ ਹਨ।’
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਸੀ। ਇਹ ਮੀਟਿੰਗ ਚੀਫ਼ ਆਫ਼ ਡਿਫੈਂਸ ਸਟਾਫ ਅਨਿਲ ਚੌਹਾਨ ਵੱਲੋਂ ਜੰਮੂ-ਕਸ਼ਮੀਰ ਵਿੱਚ ਪਹਿਲਗਾਮ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਕੁਝ ਫੈਸਲਿਆਂ ਬਾਰੇ ਰੱਖਿਆ ਮੰਤਰੀ ਨੂੰ ਜਾਣਕਾਰੀ ਦੇਣ ਤੋਂ ਇੱਕ ਦਿਨ ਬਾਅਦ ਹੋਈ। ਪਹਿਲਗਾਮ ਦਹਿਸ਼ਤੀ ਹਮਲੇ ਵਿੱਚ 26 ਲੋਕ ਮਾਰੇ ਗਏ ਸਨ।
ਸਰਕਾਰ ਨੇ ਕਿਹਾ ਹੈ ਕਿ ਅੱਤਵਾਦੀ ਹਮਲੇ ਲਈ ਜ਼ਿੰਮੇਵਾਰ ਅੱਤਵਾਦੀਆਂ ਅਤੇ ਇਸ ਦੇ ਪਿੱਛੇ ਸਾਜ਼ਿਸ਼ ਰਚਣ ਵਾਲਿਆਂ ਨੂੰ ਸਖ਼ਤ ਸਜ਼ਾ ਮਿਲੇਗੀ। ਇਸ ਦੇ ਮੱਦੇਨਜ਼ਰ ਇਸ ਮੀਟਿੰਗ ਨੂੰ ਬਹੁਤ ਅਹਿਮ ਸਮਝਿਆ ਜਾ ਰਿਹਾ ਹੈ।
ਸਰਕਾਰ ਨੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਇੱਕ ਸਰਬ-ਪਾਰਟੀ ਮੀਟਿੰਗ ਬੁਲਾਈ ਸੀ। ਵਿਰੋਧੀ ਪਾਰਟੀਆਂ ਨੇ ਅੱਤਵਾਦੀ ਹਮਲੇ ਦੇ ਦੋਸ਼ੀਆਂ ਵਿਰੁੱਧ ਸਰਕਾਰ ਵੱਲੋਂ ਕੀਤੀ ਗਈ ਕਿਸੇ ਵੀ ਕਾਰਵਾਈ ਲਈ ਆਪਣਾ ਪੂਰਾ ਸਮਰਥਨ ਪ੍ਰਗਟ ਕੀਤਾ ਹੈ।
![]()
