ਅਮਰੀਕਾ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਤੇ ਯਾਤਰਾ ਕਰਨ ਆਇਆਂ ਦੀ ਨਿਗਰਾਨੀ ਵਧੀ

In ਅਮਰੀਕਾ
April 15, 2025
ਅਮਰੀਕਾ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਨਿਗਰਾਨੀ ਵਧ ਗਈ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸੱਤਾ ਵਿੱਚ ਵਾਪਸ ਆਉਣ ਤੋਂ ਬਾਅਦ ਇਮੀਗ੍ਰੇਸ਼ਨ ਨਿਯਮਾਂ ਅਤੇ ਉਨ੍ਹਾਂ ਨੂੰ ਲਾਗੂ ਕਰਨ ਨੂੰ ਹੁਣ ਹੋਰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਡੋਨਲਡ ਟਰੰਪ ਨੇ ਦੇਸ਼ ਵਿੱਚ ਗੈਰਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ’ਤੇ ਸਖਤੀ ਕਰ ਦਿੱਤੀ ਹੈ। ਅਮਰੀਕਾ ਸਰਕਾਰ ਨੇ ਦੇਸ਼ ਵਿਚ ਰਹਿ ਰਹੇ ਵਿਦੇਸ਼ੀ ਨਾਗਰਿਕਾਂ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਹੈ ਕਿ ਜੇ ਉਨ੍ਹਾਂ ਨੇ ਅਮਰੀਕਾ ਵਿਚ ਤੀਹ ਦਿਨ ਤੋਂ ਜ਼ਿਆਦਾ ਰਹਿਣਾ ਹੈ ਤਾਂ ਉਹ ਰਜਿਸਟਰੇਸ਼ਨ ਕਰਵਾ ਲੈਣ, ਨਹੀਂ ਤਾਂ ਉਨ੍ਹਾਂ ਨੂੰ ਜੇਲ੍ਹ ਤੇ ਜੁਰਮਾਨਾ ਦੋਵੇਂ ਹੋਣਗੇ। ਯੂਐਸ ਡਿਪਾਰਟਮੈਂਟ ਆਫ਼ ਹੋਮਲੈਂਡ ਸਕਿਉਰਿਟੀ (ਡੀਐਚਐਸ) ਨੇ ਸਵੈ-ਡਿਪੋਰਟੇਸ਼ਨ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ ਵਿਦੇਸ਼ੀ ਨਾਗਰਿਕਾਂ ਨੂੰ 30 ਦਿਨਾਂ ਦੇ ਅੰਦਰ ਆਪਣੇ ਆਪ ਨੂੰ ਸਰਕਾਰ ਕੋਲ ਰਜਿਸਟਰ ਕਰਨ ਜਾਂ ਜੁਰਮਾਨੇ ਜਾਂ ਕੈਦ ਦਾ ਸਾਹਮਣਾ ਕਰਨ ਲਈ ਕਿਹਾ ਹੈ। ਡੋਨਲਡ ਟਰੰਪ ਪ੍ਰਸ਼ਾਸਨ ਨੇ ਕਿਹਾ ਹੈ ਕਿ ਜੋ ਵਿਦੇਸ਼ੀ ਨਾਗਰਿਕ ਅਮਰੀਕਾ ਵਿਚ 30 ਦਿਨਾਂ ਤੋਂ ਵੱਧ ਸਮੇਂ ਤੋਂ ਰਹਿ ਰਹੇ ਹਨ, ਉਨ੍ਹਾਂ ਨੂੰ ਸਰਕਾਰ ਕੋਲ ਰਜਿਸਟਰ ਹੋਣਾ ਚਾਹੀਦਾ ਹੈ ਅਤੇ ਅਜਿਹਾ ਨਾ ਕਰਨ ’ਤੇ ਜੁਰਮਾਨਾ ਅਤੇ ਕੈਦ ਹੋ ਸਕਦੀ ਹੈ। ਇਸ ਸਬੰਧੀ ਪੋਸਟ ਐਕਸ ’ਤੇ ਵੀ ਨਸ਼ਰ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਟਰੰਪ ਪ੍ਰਸ਼ਾਸਨ ਦੇ ਫੈਸਲਿਆਂ ਕਾਰਨ ਗੈਰਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਨੂੰ ਵਾਪਸ ਉਨ੍ਹਾਂ ਦੇ ਦੇਸ਼ ਭੇਜਿਆ ਗਿਆ ਸੀ।ਅਜਿਹੀ ਸਥਿਤੀ ਵਿੱਚ ਜੇਕਰ ਕੋਈ ਵਿਦਿਆਰਥੀ ਕੁਝ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸਦਾ ਵਿਦਿਆਰਥੀ ਵੀਜ਼ਾ ਰੱਦ ਕੀਤਾ ਜਾ ਸਕਦਾ ਹੈ। ਜੇਕਰ ਤੁਸੀਂ ਇਸ ਸਮੇਂ ਅਮਰੀਕਾ ਵਿੱਚ ਪੜ੍ਹ ਰਹੇ ਹੋ ਜਾਂ ਭਵਿੱਖ ਵਿੱਚ ਉੱਥੇ ਜਾਣ ਬਾਰੇ ਸੋਚ ਰਹੇ ਹੋ ਤਾਂ ਤੁਹਾਨੂੰ ਕੁਝ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਅਮਰੀਕਾ ਵਿੱਚ ਵਿਦਿਆਰਥੀ ਨੂੰ ਉਸਦੀ ਪੜ੍ਹਾਈ ਦੇ ਆਧਾਰ 'ਤੇ ਵੀਜ਼ਾ ਦਿੱਤਾ ਜਾਂਦਾ ਹੈ। ਉਦਾਹਰਣ ਵਜੋਂ, ਐਫ-1 ਵੀਜ਼ਾ ਉਨ੍ਹਾਂ ਵਿਦਿਆਰਥੀਆਂ ਨੂੰ ਦਿੱਤਾ ਜਾਂਦਾ ਹੈ, ਜੋ ਰਵਾਇਤੀ ਅਕਾਦਮਿਕ ਪ੍ਰੋਗਰਾਮਾਂ ਵਿੱਚ ਦਾਖਲਾ ਲੈਂਦੇ ਹਨ। ਜਦੋਂਕਿ ਐੱਮ-1 ਵੀਜ਼ਾ ਉਨ੍ਹਾਂ ਵਿਦਿਆਰਥੀਆਂ ਨੂੰ ਦਿੱਤਾ ਜਾਂਦਾ ਹੈ ਜੋ ਕਿ ਕਿੱਤਾਮੁਖੀ ਪ੍ਰੋਗਰਾਮਾਂ ਵਿੱਚ ਦਾਖਲਾ ਲੈਂਦੇ ਹਨ। ਅਜਿਹੀ ਸਥਿਤੀ ਵਿੱਚ ਜੇਕਰ ਕੋਈ ਵਿਦਿਆਰਥੀ ਕੋਈ ਗਲਤੀ ਕਰਦਾ ਹੈ ਤਾਂ ਉਸਦਾ ਵੀਜ਼ਾ ਰੱਦ ਕੀਤਾ ਜਾ ਸਕਦਾ ਹੈ। ਇਸ ਹਾਲਤ ਵਿੱਚ ਵਿਦਿਆਰਥੀਆਂ ਕੋਲ ਸਿਰਫ਼ ਇੱਕ ਹੀ ਬਦਲ ਬਚਦਾ ਹੈ ਅਤੇ ਉਹ ਹੈ ਅਮਰੀਕਾ ਛੱਡਣਾ। ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ * ਵਿਦਿਆਰਥੀ ਆਪਣਾ ਕੋਰਸ ਸ਼ੁਰੂ ਹੋਣ ਤੋਂ ਸਿਰਫ਼ 30 ਦਿਨ ਪਹਿਲਾਂ ਅਮਰੀਕਾ ਜਾ ਸਕਦੇ ਹਨ। * ਅਮਰੀਕਾ ਪਹੁੰਚਣ ਤੋਂ ਬਾਅਦ ਵਿਦਿਆਰਥੀ ਲਈ ਆਪਣੀ ਯੂਨੀਵਰਸਿਟੀ ਬਾਰੇ ਡੈਜ਼ੀਗਨੇਟਿਡ ਸਕੂਲ ਅਧਿਕਾਰੀ (DSO) ਨੂੰ ਸੂਚਿਤ ਕਰਨਾ ਜ਼ਰੂਰੀ ਹੈ। ਜੇਕਰ ਪੜ੍ਹਾਈ ਦੌਰਾਨ ਕਿਸੇ ਕਿਸਮ ਦੀ ਸਮੱਸਿਆ ਆਉਂਦੀ ਹੈ ਤਾਂ ਵਿਦਿਆਰਥੀ ਨੂੰ ਸਿਰਫ਼ ਡੈਜ਼ੀਗਨੇਟਿਡ ਸਕੂਲ ਅਧਿਕਾਰੀ ਨਾਲ ਹੀ ਸੰਪਰਕ ਕਰਨਾ ਪਵੇਗਾ। * ਜੇਕਰ ਕੋਈ ਵਿਦਿਆਰਥੀ ਆਪਣੇ ਕੋਰਸ ਦੀ ਮਿਆਦ ਵਧਾਉਣਾ ਚਾਹੁੰਦਾ ਹੈ ਤਾਂ ਉਸ ਨੂੰ ਕੋਰਸ ਪੂਰਾ ਹੋਣ ਤੋਂ ਪਹਿਲਾਂ ਡੈਜ਼ੀਗਨੇਟਿਡ ਸਕੂਲ ਅਧਿਕਾਰੀ ਨਾਲ ਸੰਪਰਕ ਕਰਨਾ ਚਾਹੀਦਾ ਹੈ। * ਐਫ-1 ਵੀਜ਼ਾ ਵਾਲੇ ਵਿਦਿਆਰਥੀ ਸਿਰਫ਼ ਤਾਂ ਹੀ ਕੰਮ ਕਰ ਸਕਦੇ ਹਨ ਜੇਕਰ ਉਨ੍ਹਾਂ ਕੋਲ ਯੂਨੀਵਰਸਿਟੀ ਦੇ ਡੈਜ਼ੀਗਨੇਟਿਡ ਸਕੂਲ ਅਧਿਕਾਰੀ ਤੋਂ ਜਾਂ ਕੁਝ ਮਾਮਲਿਆਂ ਵਿੱਚ, ਯੂਐਸਸਿਟੀਜਨ ਸ਼ਿਪ ਐਂਡ ਇੰਮੀਗ੍ਰੇਸ਼ਨ ਸਰਵਿਸਿਜ਼ ਤੋਂ ਇਜਾਜ਼ਤ ਹੋਵੇ। * ਕੋਰਸ ਪੂਰਾ ਹੋਣ ਤੋਂ ਬਾਅਦ, ਐਫ-1 ਵੀਜ਼ਾ 'ਤੇ ਪੜ੍ਹ ਰਹੇ ਵਿਦਿਆਰਥੀਆਂ ਨੂੰ 60 ਦਿਨਾਂ ਦੇ ਅੰਦਰ ਅਮਰੀਕਾ ਛੱਡਣਾ ਪਵੇਗਾ ਅਤੇ ਐਮ-1 ਵੀਜ਼ਾ 'ਤੇ ਪੜ੍ਹ ਰਹੇ ਵਿਦਿਆਰਥੀਆਂ ਨੂੰ 30 ਦਿਨਾਂ ਦੇ ਅੰਦਰ ਅਮਰੀਕਾ ਛੱਡਣਾ ਪਵੇਗਾ।

Loading