ਅੰਮ੍ਰਿਤਪਾਲ ਦੇ ਸਾਥੀਆਂ ਦੇ ਪਰਿਵਾਰਾਂ ਨਾਲ ਦੁਰਵਿਹਾਰ ਕਰਨ ਵਾਲੇ ਪੁਲਿਸ ਅਧਿਕਾਰੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇ : ਅਕਾਲੀ ਦਲ ‘ਵਾਰਿਸ ਪੰਜਾਬ ਦੇ’

In ਮੁੱਖ ਖ਼ਬਰਾਂ
August 04, 2025

ਅੰਮ੍ਰਿਤਸਰ/ਏ.ਟੀ.ਨਿਊਜ਼:
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਆਗੂਆਂ ਨੇ ਪੁਲੀਸ ਅਧਿਕਾਰੀ ’ਤੇ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਸਾਥੀਆਂ ਦੇ ਪਰਿਵਾਰਾਂ ਨਾਲ ਦੁਰਵਿਹਾਰ ਕਰਨ ਦੇ ਦੋਸ਼ ਲਗਾਏ ਹਨ। ਆਗੂਆਂ ਨੇ ਸਬੰਧਤ ਪੁਲਿਸ ਅਧਿਕਾਰੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਆਗੂਆਂ ਅਨੁਸਾਰ ਬੀਤੇ ਦਿਨ ਅਦਾਲਤ ਵਿੱਚ ਅੰਮ੍ਰਿਤਪਾਲ ਦੇ ਸਾਥੀਆਂ ਦੀ ਪੇਸ਼ੀ ਮੌਕੇ ਉਨ੍ਹਾਂ ਦੇ ਪਰਿਵਾਰਾਂ ਨਾਲ ਇੱਕ ਪੁਲਿਸ ਅਧਿਕਾਰੀ ਵੱਲੋਂ ਕਥਿਤ ਤੌਰ ’ਤੇ ਦੁਰਵਿਹਾਰ ਕੀਤਾ ਗਿਆ ਸੀ। ਉਨ੍ਹਾਂ ਇਸ ਪੁਲਿਸ ਅਧਿਕਾਰੀ ਨੂੰ ਤੁਰੰਤ ਮੁਅੱਤਲ ਕਰਨ ਅਤੇ ਉਸ ਖ਼ਿਲਾਫ਼ ਵਿਭਾਗੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਸ ਸਬੰਧੀ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹੋਰ ਆਗੂਆਂ ਨਾਲ ਪ੍ਰੈੱਸ ਕਾਨਫ਼ਰੰਸ ਕੀਤੀ। ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀ ’ਤੇ ਪੇਸ਼ੀ ਭੁਗਤਣ ਆਏ ਨੌਜਵਾਨਾਂ ਦੇ ਪਰਿਵਾਰਾਂ ਨਾਲ ਦੁਰਵਿਹਾਰ ਕਰਨ ਦੇ ਦੋਸ਼ ਲਾਏ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਅੰਮ੍ਰਿਤਸਰ ਕੋਰਟ ਵਿੱਚ ਪੇਸ਼ੀ ਭੁਗਤਣ ਆਏ ਨੌਜਵਾਨਾਂ ਦੇ ਪਰਿਵਾਰ ਵੀ ਆਪਣੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਅਦਾਲਤੀ ਕੰਪਲੈਕਸ ਵਿੱਚ ਆਏ ਸਨ। ਇਸ ਦੌਰਾਨ ਕੰਪਲੈਕਸ ਅੰਦਰ ਵੱਡੀ ਗਿਣਤੀ ’ਚ ਪੁਲੀਸ ਬਲ ਤਾਇਨਾਤ ਕੀਤਾ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਪੇਸ਼ੀ ਭੁਗਤਣ ਆਏ ਨੌਜਵਾਨਾਂ ਦੇ ਪਰਿਵਾਰਾਂ ਨੇ ਉਨ੍ਹਾਂ ਨੂੰ ਮਿਲਣ ਦੀ ਇੱਛਾ ਪ੍ਰਗਟਾਈ ਤਾਂ ਉੱਥੇ ਤਾਇਨਾਤ ਪੁਲਿਸ ਅਧਿਕਾਰੀ ਨੇ ਗੁੱਸੇ ਵਿੱਚ ਆ ਕੇ ਪੁਲਿਸ ਬਲ ਦੀ ਵਰਤੋਂ ਕੀਤੀ। ਇਸ ਦੌਰਾਨ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮਾਤਾ ਨਾਲ ਕਥਿਤ ਬਦਸਲੂਕੀ ਕੀਤੀ ਗਈ ਅਤੇ ਇਤਰਾਜ਼ਯੋਗ ਸ਼ਬਦ ਬੋਲੇ ਗਏ। ਉਨ੍ਹਾਂ ਦੋਸ਼ ਲਾਇਆ ਕਿ ਬਾਕੀ ਨੌਜਵਾਨਾਂ ਦੇ ਪਰਿਵਾਰਾਂ ਦੀਆਂ ਔਰਤਾਂ ਨਾਲ ਵੀ ਕਥਿਤ ਖਿੱਚ ਧੂਹ ਹੋਈ। ਇਸ ਕਾਰਨ ਉਨ੍ਹਾਂ ਸਬੰਧਿਤ ਪੁਲਿਸ ਅਧਿਕਾਰੀ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

Loading