ਮ੍ਰਿਤਪਾਲ ਸਿੰਘ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਹਨ, ਉਹ ਸਿੱਖਾਂ ਲਈ ਖੁਦਮੁਖਤਿਆਰ ਰਾਜ (ਖਾਲਿਸਤਾਨ) ਦੀ ਪ੍ਰਾਪਤੀ ਨੂੰ ਆਪਣਾ ਨਿਸ਼ਾਨਾ ਦੱਸਦੇ ਹਨ।ਕਈ ਸਾਲ ਦੁਬਈ ਰਹਿਣ ਤੋਂ ਬਾਅਦ ਸਾਲ 2022 'ਚ ਅਗਸਤ ਮਹੀਨੇ ਪੰਜਾਬ ਵਿੱਚ ਵਾਪਸ ਆਏ ਅਤੇ ਉਨ੍ਹਾਂ ਨੇ ਅਮ੍ਰਿਤ ਸੰਚਾਰ ਅਤੇ ਨਸ਼ਾ ਛੁਡਾਊ ਲਹਿਰ ਦੇ ਨਾਂ ਉੱਤੇ ਨੌਜਵਾਨਾਂ ਨੂੰ ਆਪਣੇ ਨਾਲ ਜੋੜਨਾ ਸ਼ੁਰੂ ਕੀਤਾ।ਅੰਮ੍ਰਿਤਪਾਲ ਸਿੰਘ ਨੂੰ ਮਰਹੂਮ ਸੰਦੀਪ ਸਿੰਘ ਉਰਫ਼ ਦੀਪ ਸਿੱਧੂ ਵਲੋਂ ਬਣਾਈ ਗਈ 'ਵਾਰਸ ਪੰਜਾਬ ਦੇ' ਜਥੇਬੰਦੀ ਦਾ ਨਵਾਂ ਮੁਖੀ ਬਣਾਇਆ ਗਿਆ ਸੀ।
ਅੰਮ੍ਰਿਤਪਾਲ ਸਿੰਘ ਦੀ 'ਵਾਰਸ ਪੰਜਾਬ ਦੇ' ਮੁਖੀ ਵਜੋਂ ਦਸਤਾਰਬੰਦੀ ਜਥੇਬੰਦੀ ਦੀ ਪਹਿਲੀ ਵਰ੍ਹੇਗੰਢ ਮੌਕੇ 29 ਸਤੰਬਰ 2022 ਨੂੰ ਕੀਤੀ ਗਈ ਸੀ।ਦਰਅਸਲ ਇਸ ਦਿਨ ਦਮਦਮੀ ਟਕਸਾਲ ਦੇ ਸਾਬਕਾ ਮੁਖੀ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਜਨਮ ਦਿਨ ਵੀ ਸੀ।
ਪਰ ਉਹ ਆਪਣੇ ਗਰਮਸੁਰ ਵਾਲੇ ਭਾਸ਼ਣਾਂ ਅਤੇ ਗੁਰਦੁਆਰਿਆਂ ਵਿਚਲੇ ਬੈਂਚ ਸਾੜਨ ਤੇ ਅਜਨਾਲਾ ਥਾਣੇ ਅੱਗੇ ਹੋਈ ਹਿੰਸਾ ਕਾਰਨ ਵਿਵਾਦਾਂ ਵਿੱਚ ਆ ਗਏ।ਅਜਨਾਲਾ ਹਿੰਸਾ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ 16 ਕੇਸ ਦਰਜ ਕੀਤੇ ਗਏ ਸਨ। ਉਨ੍ਹਾਂ ਉੱਤੇ ਐਨਐੱਸਏ ਵੀ ਲਗਾਇਆ ਗਿਆ।ਅਪ੍ਰੈਲ 2023 ਨੂੰ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਤੋਂ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ।
ਕੀ ਹੈ ਰਾਸ਼ਟਰੀ ਸੁਰੱਖਿਆ ਕਾਨੂੰਨ
ਰਾਸ਼ਟਰੀ ਸੁਰੱਖਿਆ ਕਾਨੂੰਨ ਨੂੰ ਐੱਨਐੱਸਏ- 1980 ਕਿਹਾ ਜਾ ਸਕਦਾ ਹੈ।ਇਹ ਪੂਰੇ ਭਾਰਤ ਵਿੱਚ ਲਾਗੂ ਹੈ ਅਤੇ ਇਸ ਤਹਿਤ ਕਿਸੇ ਵੀ ਥਾਂ 'ਤੇ ਨਜ਼ਰਬੰਦੀ ਦੇ ਹੁਕਮ ਕੀਤੇ ਜਾ ਸਕਦੇ ਹਨ।ਇਹ ਕਾਨੂੰਨ ਬਾਰ੍ਹਾਂ ਮਹੀਨਿਆਂ ਤੱਕ ਮੁਲਜ਼ਮ ਨੂੰ ਨਿਗਰਾਨੀ ਅਧੀਨ ਹਿਰਾਸਤ ਵਿੱਚ ਰੱਖਣ ਦੀ ਆਗਿਆ ਦਿੰਦਾ ਹੈ।ਕੇਂਦਰ ਜਾਂ ਸੂਬਾ ਸਰਕਾਰ ਨੂੰ ਜੇਕਰ ਲੱਗੇ ਕਿ ਕੋਈ ਵਿਅਕਤੀ ਦੇਸ਼ ਦੇ ਦੂਸਰੇ ਦੇਸ਼ਾਂ ਨਾਲ ਸਬੰਧਾਂ ਲਈ ਖਤਰਾ ਹੈ ਤਾਂ ਇਸ ਕਾਨੂੰਨ ਦੀ ਵਰਤੋਂ ਹੋ ਸਕਦੀ ਹੈ।ਇਹ ਐਕਟ ਕਿਸੇ ਵਿਦੇਸ਼ੀ ਨਾਗਰਿਕ ਉਪਰ ਵੀ ਲੱਗ ਸਕਦਾ ਹੈ ਜੇਕਰ ਉਸ ਦੀ ਲਗਾਤਾਰ ਮੌਜੂਦਗੀ ਨਿਗਰਾਨੀ ਹੇਠ ਰੱਖਣੀ ਹੋਵੇ।ਹਿਰਾਸਤ ਦੇ ਆਦੇਸ਼ ਇਸ ਗੱਲ ’ਤੇ ਖਾਰਿਜ ਨਹੀਂ ਕੀਤੇ ਜਾ ਸਕਦੇ ਕਿ ਜਿਸ ਵਿਅਕਤੀ ਖਿਲਾਫ਼ ਆਦੇਸ਼ ਦਿੱਤਾ ਹੈ, ਉਹ ਸਰਕਾਰ ਜਾਂ ਅਧਿਕਾਰੀ ਦੇ ਅਧਿਕਾਰ ਖੇਤਰ ਤੋਂ ਬਾਹਰ ਹੈ।
ਅੰਮ੍ਰਿਤਪਾਲ ਸਿੰਘ ’ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨਐੱਸਏ) ਵੀ ਲਗਾਇਆ ਗਿਆ ਸੀ।ਪੁਲਿਸ ਮੁਤਾਬਕ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਲਗਾਤਾਰ ਸੂਬੇ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਨੁਕਸਾਨ ਪਹੁੰਚਾਉਣ ਕਾਰਨ ਹੋਈ ਕਾਰਵਾਈ ਦੌਰਾਨ ਨਜ਼ਰਬੰਦ ਕਰਨ ਦੀ ਤਜਵੀਜ਼ ਕੀਤੀ ਗਈ ਸੀ।
ਪੁਲਿਸ ਮੁਤਾਬਕ ਐਸਐਸਪੀ ਅੰਮ੍ਰਿਤਸਰ ਦਿਹਾਤੀ ਨੇ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਨੂੰ ਪੱਤਰ ਭੇਜਿਆ ਸੀ, ਜਿਨ੍ਹਾਂ ਨੇ ਇਸ ਬਾਰੇ ਵਿਚਾਰ ਕਰਦੇ ਹੋਏ ਭਾਈ ਅੰਮ੍ਰਿਤਪਾਲ ਸਿੰਘ ਉੱਤੇ ਰਾਸ਼ਟਰੀ ਸੁਰੱਖਿਆ ਐਕਟ, 1980 ਦੀ ਧਾਰਾ 3(2) ਤਹਿਤ ਨਜ਼ਰਬੰਦੀ ਦੇ ਹੁਕਮ ਜਾਰੀ ਕੀਤੇ ਹਨ।