ਆਨੰਦਪੁਰ ਸਾਹਿਬ/ਏ.ਟੀ.ਨਿਊਜ਼ : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਮੂਹ ਪੰਥਕ ਧੜਿਆਂ ਵਿੱਚ ਏਕਤਾ ਲਈ ਭਾਵੁਕ ਅਪੀਲ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿਰਫ਼ ਸਮੂਹਿਕ ਤਾਕਤ ਹੀ ਸਿੱਖਾਂ ਨੂੰ ਸਿਆਸੀ ਤਾਕਤ ਹਾਸਲ ਕਰਨ ਅਤੇ ਉਨ੍ਹਾਂ ਦੀਆਂ ਸੰਸਥਾਵਾਂ ਦੀ ਰਾਖੀ ਕਰਨ ਵਿੱਚ ਮਦਦ ਕਰ ਸਕਦੀ ਹੈ। ਉਹ ਬੀਤੇ ਦਿਨ ਗੁਰਦੁਆਰਾ ਸੀਸ ਗੰਜ ਸਾਹਿਬ, ਆਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਵਿੱਚ ਸੰਗਤ ਨੂੰ ਸੰਬੋਧਨ ਕਰ ਰਹੇ ਸਨ।
ਸੁਖਬੀਰ ਬਾਦਲ ਨੇ ਕਿਹਾ ਕਿ ਉਹ ਸਿੱਖ ਕੌਮ ਵਿੱਚ ਵੰਡ ਦੇਖ ਕੇ ਬਹੁਤ ਦੁਖੀ ਹਨ। ਉਨ੍ਹਾਂ ਟਿੱਪਣੀ ਕੀਤੀ, “ਈਸਾਈ ਜਾਂ ਹਿੰਦੂ ਕਦੇ ਵੀ ਆਪਣੀਆਂ ਧਾਰਮਿਕ ਸੰਸਥਾਵਾਂ ਦੇ ਵਿਰੁੱਧ ਨਹੀਂ ਬੋਲਦੇ, ਪਰ ਸਿੱਖ ਖੁਦ ਹੀ ਆਪਣੀਆਂ ਸੰਸਥਾਵਾਂ ਨੂੰ ਕਮਜ਼ੋਰ ਕਰ ਰਹੇ ਹਨ।” ਉਨ੍ਹਾਂ ਕਿਹਾ ਕਿ“ਅਕਾਲੀ ਦਲ ਸਿੱਖ ਹਿੱਤਾਂ ਦੀ ਰਾਖੀ ਲਈ ਬਣਾਇਆ ਗਿਆ ਸੀ ਅਤੇ ਅਸਲੀ ਅਕਾਲੀ ਦਲ ਸ਼੍ਰੋਮਣੀ ਅਕਾਲੀ ਦਲ (ਬਾਦਲ) ਹੈ। ਕਈ ਤਾਕਤਾਂ ਸਿੱਖ ਸੰਸਥਾਵਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਸਾਨੂੰ ਇਨ੍ਹਾਂ ਹਮਲਿਆਂ ਦਾ ਮੁਕਾਬਲਾ ਕਰਨ ਲਈ ਇਕਜੁੱਟ ਹੋਣਾ ਚਾਹੀਦਾ ਹੈ।”
” ਉਨ੍ਹਾਂ ਅੱਗੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ 15 ਸਾਲ ਪਹਿਲਾਂ ਹੀ ਆਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਐਲਾਨ ਦਿੱਤਾ ਸੀ ਅਤੇ ਦਾਅਵਾ ਕੀਤਾ ਕਿ ਇਲਾਕੇ ਵਿੱਚ ਵੱਡਾ ਵਿਕਾਸ ਅਕਾਲੀ ਸਰਕਾਰਾਂ ਦੌਰਾਨ ਹੋਇਆ। ਇਸ ਮੌਕੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਸਮੇਤ ਹੋਰ ਆਗੂ ਵੀ ਮੌਜੂਦ ਸਨ।
![]()
