
ਸ੍ਰੀ ਆਨੰਦਪੁਰ ਸਾਹਿਬ/ਏ.ਟੀ.ਨਿਊਜ਼:
ਹੋਲਾ ਮਹੱਲਾ ਦੇ ਆਖ਼ਰੀ ਦਿਨ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਲੱਖਾਂ ਦੀ ਗਿਣਤੀ ’ਚ ਸੰਗਤ ਨਤਮਸਤਕ ਹੋਈ। ਤਖ਼ਤ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਗਏ। ਸਮਾਗਮ ਦੌਰਾਨ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੌਮ ਨੂੰ ਪੰਥਕ ਏਕਤਾ ਦਾ ਸੰਦੇਸ਼ ਦਿੰਦਿਆਂ ਐਲਾਨ ਕੀਤਾ ਕਿ ਆਉਣ ਵਾਲੀ ਵਿਸਾਖੀ ਨੂੰ ਅਕਾਲ ਤਖ਼ਤ ਸਾਹਿਬ ਦੇ ਝੰਡੇ ਹੇਠ ਗ਼ਰੀਬ ਸਿੱਖਾਂ ਦੇ ਘਰਾਂ ਤੋਂ ਧਰਮ ਪ੍ਰਚਾਰ ਲਹਿਰ ਆਰੰਭੀ ਜਾਵੇਗੀ। ਉਨ੍ਹਾਂ ਪੰਜਾਬੀ ਭਾਸ਼ਾ ਨੂੰ ਚੁਣੌਤੀਆਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤਾਕੀਦ ਕੀਤੀ ਕਿ ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ ਦੀ ਪੜਚੋਲ ਕਰਨ ਲਈ ਅਕਾਦਮਿਕ ਵਿਦਵਾਨਾਂ ਦੀ ਬੈਠਕ ਬੁਲਾ ਕੇ ਇਹ ਮਸਲਾ ਵਿਚਾਰਿਆ ਜਾਵੇ।
ਉਨ੍ਹਾਂ ਕਿਹਾ ਕਿ ਖ਼ਾਲਸਾ ਪੰਥ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ ਤੇ ਅੱਜ ਪੰਜਾਬ ਅੰਦਰ ਨਸ਼ਿਆਂ ਦਾ ਦਰਿਆ ਵਗ ਰਿਹਾ ਹੈ ਅਤੇ ਸੂਬੇ ਵਿੱਚ ਵੱਡੇ ਪੱਧਰ ’ਤੇ ਧਰਮ ਪਰਿਵਰਤਨ ਹੋ ਰਿਹਾ ਹੈ, ਜੋ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇੱਕ ਬਸਤੀ ਬਣਾਇਆ ਜਾ ਰਿਹਾ ਹੈ ਤੇ ਧਰਮ ਤੋਂ ਉੱਪਰ ਉੱਠ ਕੇ ਸਮੁੱਚੇ ਪੰਜਾਬੀਆਂ ਨੂੰ ਇਸ ਬਾਰੇ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮੁਹਾਂਦਰਾ ਬਹੁਤ ਤੇਜ਼ੀ ਨਾਲ ਬਦਲ ਰਿਹਾ ਹੈ ਤੇ ਸਰਕਾਰਾਂ ਨੂੰ ਇਸ ਸਬੰਧੀ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਮੰਗੀ। ਉਨ੍ਹਾਂ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਗੁਰਦੁਆਰਿਆਂ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ ਅਤੇ ਸਿੱਖਾਂ ਵਿੱਚ ਪੰਥਕ ਏਕਤਾ ਦੀ ਲੋੜ ਹੈ। ਇਸ ਮਗਰੋਂ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕਰ ਕੇ ਸਿੱਖ ਪ੍ਰੰਪਰਾ ਅਨੁਸਾਰ ਖ਼ਾਲਸਾਈ ਸ਼ਾਨ ਤੇ ਜਾਹੋ-ਜਲਾਲ ਦੇ ਪ੍ਰਤੀਕ ਹੋਲਾ ਮਹੱਲਾ ਮੌਕੇ ਵਿਸ਼ਾਲ ਮਹੱਲਾ ਸਜਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਅਗਜ਼ੈਕਟਿਵ ਮੈਂਬਰ ਦਲਜੀਤ ਸਿੰਘ ਭਿੰਡਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਸਣੇ ਜਥੇਬੰਦੀਆਂ ਦੇ ਆਗੂ ਮੌਜੂਦ ਸਨ।