
ਸ੍ਰੀ ਆਨੰਦਪੁਰ ਸਾਹਿਬ: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਯਾਫਤਾ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਸਾਨਾਂ ਦੇ ਮਸਲੇ ਹੱਲ ਕਰਨ ਲਈ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਲ ਪਾਰਟੀ ਮੀਟਿੰਗ ਬੁਲਾ ਕੇ ਅਤੇ ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਕੇਂਦਰ ਨਾਲ ਕਿਸਾਨੀ ਮੁੱਦਿਆਂ ਸਬੰਧੀ ਗੱਲਬਾਤ ਕਰਨ। ਉਨ੍ਹਾਂ ਕਿਹਾ ਕਿ ਸ਼ੰਭੂ ਬਾਰਡਰ ਰਾਹੀਂ ਦਿੱਲੀ ਕੂਚ ਕਰ ਰਹੇ ਕਿਸਾਨਾਂ ’ਤੇ ਹਰਿਆਣਾ ਪੁਲੀਸ ਨੇ ਜੋ ਅੱਤਿਆਚਾਰ ਕੀਤਾ ਹੈ ਉਸਦੀ ਉਹ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਸੱਤਾ ’ਚ ਆਉਣ ਤੋਂ ਪਹਿਲਾਂ ਵੱਡੇ-ਵੱਡੇ ਦਾਅਵੇ ਕਰਨ ਵਾਲੇ ਮੁੱਖ ਮੰਤਰੀ ਅੱਜ ਕਿਸਾਨੀ ਸੰਘਰਸ਼ ਬਾਰੇ ਚੁੱਪੀ ਸਾਧੀ ਬੈਠੇ ਹਨ।