
ਪੰਜਾਬ ਦੀ ਸਭ ਤੋਂ ਪੁਰਾਣੀ ਖੇਤਰੀ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਉਭਾਰ ਹੋਣ ਸਬੰਧੀ ਕਿਆਸ ਅਰਾਈਆਂ ਦਾ ਦੌਰ ਸ਼ੁਰੂ ਹੋ ਚੁੱਕਿਆ ਹੈ। ਇਸ ਸਮੇਂ ਸਭ ਦੀਆਂ ਨਜ਼ਰਾਂ 12 ਅਪ੍ਰੈਲ ਨੂੰ ਅਕਾਲੀ ਦਲ ਦੇ ਹੋ ਰਹੇ ਡੈਲੀਗੇਟ ਇਜਲਾਸ ਵੱਲ ਲੱਗੀਆਂ ਹੋਈਆਂ ਹਨ। ਇਹ ਇਜਲਾਸ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਪ੍ਰਧਾਨਗੀ ਹੇਠ ਵਰਕਿੰਗ ਕਮੇਟੀ ਨੇ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਲਈ 12 ਅਪ੍ਰੈਲ ਨੂੰ ਅੰਮ੍ਰਿਤਸਰ ਵਿੱਚ ਦਰਬਾਰ ਸਾਹਿਬ ਕੰਪਲੈਕਸ ਦੇ ਤੇਜਾ ਸਿੰਘ ਸਮੁੰਦਰੀ ਹਾਲ ’ਚ ਸੱਦਣ ਦਾ ਫ਼ੈਸਲਾ ਲਿਆ ਹੈ। ਉੱਧਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 2 ਦਸੰਬਰ ਨੂੰ ਜਾਰੀ ਹੁਕਮਨਾਮੇ ਤਹਿਤ ਪਾਰਟੀ ਦੀ ਨਵੀਂ ਭਰਤੀ ਲਈ ਬਣਾਈ ਗਈ ਕਮੇਟੀ ਵੀ ਭਰਤੀ ਕਰਨ ਵਿੱਚ ਜੁਟੀ ਹੋਈ ਹੈ। ਇਸ ਪੰਜ ਮੈਂਬਰੀ ਕਮੇਟੀ ਦੀ ਭਰਤੀ ਮੁਹਿੰਮ ਨੂੰ ਦਰਕਿਨਾਰ ਕਰ ਕੇ ਵਰਕਿੰਗ ਕਮੇਟੀ ਨੇ ਨਵੇਂ ਪ੍ਰਧਾਨ ਦੀ ਚੋਣ ਦਾ ਫ਼ੈਸਲਾ ਲਿਆ ਹੈ। ਇਸ ਨਾਲ ਪੰਥਕ ਹਲਕਿਆਂ ਵਿੱਚ ਨਵੇਂ ਭੰਬਲਭੂਸੇ ਖੜ੍ਹੇ ਹੋ ਗਏ ਹਨ। ਪੰਜ ਮੈਂਬਰੀ ਕਮੇਟੀ ਨੇ 12 ਅਪ੍ਰੈਲ ਦੇ ਡੈਲੀਗੇਟ ਇਜਲਾਸ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਅਕਾਲੀ ਦਲ ਵੱਲੋਂ ਡੈਲੀਗੇਟ ਇਜਲਾਸ ਸੱਦਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਭਰਤੀ ਕਮੇਟੀ ਨੂੰ ਦਰਕਿਨਾਰ ਕਰਨ ਕਾਰਨ ਪੰਥਕ ਹਲਕਿਆਂ ਵਿੱਚ ਸਥਿਤੀ ਇਸ ਸਮੇਂ ਦੁਬਿਧਾ ਵਾਲੀ ਬਣੀ ਹੋਈ ਹੈ। ਵੱਖ -ਵੱਖ ਪੰਥਕ ਜਥੇਬੰਦੀਆਂ ਇਸ ਸਾਰੇ ਘਟਨਾਕ੍ਰਮ ਨੂੰ ਨੇੜਿਓਂ ਦੇਖ ਰਹੀਆਂ ਹਨ। ਸਿੱਖ ਪੰਥ ਵੀ ਇਸ ਸਾਰੇ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਲੈ ਰਿਹਾ ਹੈ ਪਰ ਆਮ ਸਿੱਖਾਂ ਨੂੰ ਸਮਝ ਨਹੀਂ ਆ ਰਹੀ ਕਿ ਇਸ ਸਮੇਂ ਅਕਾਲੀ ਦਲ ਬਾਦਲ ਸਹੀ ਹੈ ਜਾਂ ਫਿਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਕਮੇਟੀ ਸਹੀ ਹੈ ਕਿਉਂਕਿ ਇਸ ਭਰਤੀ ਕਮੇਟੀ ਵੱਲੋਂ ਵੀ ਅਕਾਲੀ ਦਲ ਦੇ ਮੈਂਬਰਾਂ ਦੀ ਭਰਤੀ ਕੀਤੀ ਜਾ ਰਹੀ ਹੈ, ਜਿਸ ਨੂੰ ਚੰਗਾ ਹੁੰਗਾਰਾ ਵੀ ਮਿਲ ਰਿਹਾ ਦੱਸਿਆ ਜਾ ਰਿਹਾ ਹੈ, ਜਦੋਂ ਕਿ ਅਕਾਲੀ ਦਲ ਬਾਦਲ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਸ ਵੱਲੋਂ ਤਾਂ ਭਰਤੀ ਮੁਕੰਮਲ ਵੀ ਕਰ ਲਈ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਪਾਰਟੀ ਦੇ ਕਰੀਬ 27 ਲੱਖ ਤੋਂ ਜ਼ਿਆਦਾ ਮੈਂਬਰ ਬਣੇ ਹਨ। ਸਰਕਲਾਂ ਦੇ ਡੈਲੀਗੇਟ, ਜ਼ਿਲ੍ਹੇ ਦੇ ਡੈਲੀਗੇਟ ਚੁਣਨਗੇ ਅਤੇ ਹਰੇਕ ਅਸੈਂਬਲੀ ਹਲਕੇ ’ਚੋਂ ਚਾਰ ਸਟੇਟ ਡੈਲੀਗੇਟ ਬਣਨਗੇ। ਉਨ੍ਹਾਂ ਕਿਹਾ ਹੈ ਕਿ 12 ਅਪ੍ਰੈਲ ਦੇ ਡੈਲੀਗੇਟ ਇਜਲਾਸ ਵਿੱਚ 520 ਤੋਂ ਜ਼ਿਆਦਾ ਡੈਲੀਗੇਟ ਨਵੇਂ ਪ੍ਰਧਾਨ ਦੀ ਚੋਣ ਕਰਨਗੇ। ਡਾ. ਚੀਮਾ ਨੇ ਕਿਹਾ ਹੈ ਕਿ ਪੰਜ ਮੈਂਬਰੀ ਕਮੇਟੀ ਦਾ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਵਰਕਿੰਗ ਕਮੇਟੀ ਵੱਲੋਂ ਸ਼ੁਰੂ ਕੀਤੀ ਗਈ ਭਰਤੀ ਬਾਰੇ ਪਹਿਲਾਂ ਹੀ ਸਪੱਸ਼ਟਤਾ ਹੋ ਚੁੱਕੀ ਹੈ। ਪੰਜ ਮੈਂਬਰੀ ਕਮੇਟੀ ਆਪੂ ਬਣੀ ਕਮੇਟੀ ਤੋਂ ਵੱਧ ਕੁੱਝ ਨਹੀਂ ਹੈ।
ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਸਥਿਤੀ ਵੇਖ ਕੇ ਆਮ ਲੋਕ ਸਵਾਲ ਕਰਨ ਲੱਗ ਪਏ ਹਨ ਕਿ ਅਕਾਲੀ ਸਿਆਸਤ ਹੁਣ ਕਿਹੜੇ ਰਾਹ ਤੁਰ ਪਈ ਹੈ? ਅਸਲ ਵਿੱਚ ਇਸ ਸਮੇਂ ਅਕਾਲੀ ਸਿਆਸਤ ਅਜਿਹੇ ਮੋੜ ’ਤੇ ਖੜੀ ਹੈ, ਕਿ ਕੋਈ ਵੀ ਫੈਸਲਾ ਵੱਡਾ ਪ੍ਰਭਾਵ ਪਾ ਸਕਦਾ ਹੈ। ਅਕਾਲੀ ਦਲ ਬਾਦਲ ਦੇ ਆਗੂ ਆਪਣੀ ਅੜੀ ਛੱਡਣ ਨੂੰ ਤਿਆਰ ਨਹੀਂ ਜਦੋਂ ਕਿ ਬਾਗੀ ਅਕਾਲੀ ਆਗੂ ਵੀ ਬਾਦਲ ਪਰਿਵਾਰ ਨੂੰ ਅਕਾਲੀ ਦਲ ਤੋਂ ਲਾਂਭੇ ਕਰਨਾ ਚਾਹੁੰਦੇ ਹਨ। ਇਸੇ ਕਾਰਨ ਹੀ ਬਾਗੀ ਅਕਾਲੀ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਪਹੁੰਚ ਕੀਤੀ ਗਈ ਸੀ। ਬਾਦਲ ਦਲ ਦੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲਗਾਈ ਤਨਖਾਹ ਤਾਂ ਭੁਗਤ ਲਈ ਪਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਕਮੇਟੀ ਨੂੰ ਮੰਨਣ ਤੋਂ ਹੀ ਇਨਕਾਰ ਕਰ ਦਿੱਤਾ ਅਤੇ ਆਪਣੀ ਵੱਖਰੀ ਭਰਤੀ ਕਮੇਟੀ ਬਣਾ ਕੇ ਅਕਾਲੀ ਦਲ ਦੀ ਭਰਤੀ ਕਰਨ ਦਾ ਵੀ ਦਾਅਵਾ ਕਰ ਦਿੱਤਾ ਅਤੇ ਹੁਣ ਡੈਲੀਗੇਟ ਇਜਲਾਸ ਰਾਹੀਂ ਪ੍ਰਧਾਨ ਦੀ ਚੋਣ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ, ਜਦੋਂ ਕਿ ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਅਕਾਲੀ ਦਲ ਦੀ ਭਰਤੀ ਕਮੇਟੀ ਵੀ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਮੈਂਬਰਾਂ ਦੀ ਲਗਾਤਾਰ ਭਰਤੀ ਕਰ ਰਹੀ ਹੈ। ਇਸ ਤਰ੍ਹਾਂ ਸਥਿਤੀ ਪੂਰੀ ਤਰ੍ਹਾਂ ਉਲਝਵੀਂ ਅਤੇ ਭੰਬਲਭੂਸੇ ਵਾਲੀ ਬਣੀ ਹੋਈ ਹੈ।
ਅਕਾਲੀ ਦਲ ਬਾਦਲ ਦੇ ਡੈਲੀਗੇਟ ਇਜਲਾਸ ਵਿੱਚ ਵੇਖਣ ਵਾਲੀ ਗੱਲ ਇਹ ਹੋਵੇਗੀ ਕਿ ਅਕਾਲੀ ਦਲ ਦਾ ਪ੍ਰਧਾਨ ਕੋਈ ਹੋਰ ਆਗੂ ਚੁਣਿਆ ਜਾਂਦਾ ਹੈ ਜਾਂ ਪਹਿਲਾਂ ਵਾਂਗ ਸੁਖਬੀਰ ਬਾਦਲ ਹੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਚੁਣੇ ਜਾਂਦੇ ਹਨ?