-ਪੰਜਾਬ ’ਚ ਧਰਤੀ ਹੇਠਲੇ ਪਾਣੀ ਦਾ ਲਗਾਤਾਰ ਦੋਹਨ ਕੀਤੇ ਜਾਣ ਕਾਰਨ ਹੁਣ ਪੰਜਾਬ ਦੀ ਧਰਤੀ ਹੇਠਲਾ ਪਾਣੀ ਖ਼ਤਮ ਹੋਣ ਕੰਢੇ ਪਹੁੰਚ ਗਿਆ ਹੈ। ਖੇਤੀ ਅਤੇ ਜਲ ਮਾਹਿਰ ਕਹਿ ਰਹੇ ਹਨ ਕਿ ਪੰਜਾਬ ’ਚ ਧਰਤੀ ਹੇਠਲੇ ਪਾਣੀ ਨੂੰ ਜੇ ਇਸੇ ਤਰ੍ਹਾਂ ਕੱਢਿਆ ਜਾਂਦਾ ਰਿਹਾ ਤਾਂ ਪੰਜਾਬ ਦੀ ਧਰਤੀ ਹੇਠਲਾ ਪਾਣੀ ਬਿਲਕੁਲ ਖ਼ਤਮ ਹੋ ਜਾਵੇਗਾ ਅਤੇ ਪੰਜਾਬ ਦੀ ਧਰਤੀ ਬੰਜਰ ਹੋ ਜਾਵੇਗੀ। ਅੱਜ ਦੇ ਸਮੇਂ ’ਚ ਪੰਜਾਬ ਲਗਾਤਾਰ ਰੇਗਿਸਤਾਨ ਬਣਨ ਵੱਲ ਵਧਦਾ ਜਾ ਰਿਹਾ ਹੈ। ਅਜਿਹੀ ਸਥਿਤੀ ਵੇਲੇ ਪੰਜ ਦਰਿਆਵਾਂ ਵਾਲੇ ਪੰਜਾਬ ਦੇ ਲੋਕ ਬੂੰਦ ਬੂੰਦ ਪਾਣੀ ਨੂੰ ਵੀ ਤਰਸਣਗੇ। ਵਿਗਿਆਨੀਆਂ ਵੱਲੋਂ ਅੰਦਾਜ਼ੇ ਲਾਏ ਜਾ ਰਹੇ ਹਨ ਕਿ 2040 ਤੱਕ ਪੰਜਾਬ ਦਾ ਬਹੁਤਾ ਹਿੱਸਾ ਬੰਜਰ ਹੋ ਜਾਵੇਗਾ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੋਂ–ਵਿਭਾਗ ਨਾਲ ਜੁੜੇ ਵਿਗਿਆਨੀਆਂ ਵੱਲੋਂ ਦੱਸਿਆ ਗਿਆ ਹੈ ਕਿ ਪਿਛਲੇ ਦੋ ਦਹਾਕਿਆਂ ਦੌਰਾਨ ਪੰਜਾਬ ਦੇ ਜ਼ਮੀਨ ਹੇਠਲਾ ਪਾਣੀ ਹਰ ਸਾਲ 25 ਤੋਂ 30 ਸੈਂਟੀਮੀਟਰ ਹੇਠਾਂ ਜਾ ਰਿਹਾ ਹੈ। ਪੰਜਾਬ ਰਾਜ ਦੇ ਜ਼ਮੀਨ ਹੇਠਲੇ ਪਾਣੀ ਦੇ ਮਹਿਕਮੇ ਦੇ ਅੰਕੜੇ ਦੱਸਦੇ ਹਨ ਕਿ 1973 ਤੋਂ ਲੈ ਕੇ 1994 ਤੱਕ ਪੰਜਾਬ ਦੇ ਅੱਧੇ ਇਲਾਕੇ ਦਾ ਜ਼ਮੀਨ ਹੇਠਲਾ ਪਾਣੀ 10 ਮੀਟਰ ਡੂੰਘਾ ਜਾ ਚੁੱਕਾ ਸੀ। ਇੱਥੇ ਇਹ ਸਮਝਣ ਦੀ ਲੋੜ ਹੈ ਕਿ ਮੌਜੂਦਾ ਸਮੇਂ ਵਿੱਚ ਵੀ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚੋਂ 20 ਜ਼ਿਲ੍ਹਿਆਂ ਦਾ ਜ਼ਮੀਨ ਹੇਠਲਾ ਪਾਣੀ ਤੇਜ਼ੀ ਨਾਲ ਹੇਠਾਂ ਡਿੱਗ ਰਿਹਾ ਹੈ।
ਪੰਜਾਬ ਦੇ ਲੋਕ ਗੁਣਾਤਮਿਕ ਪੱਖੋਂ ਬੇਹੱਦ ਖ਼ਰਾਬ ਪਾਣੀ-ਪੀਣ ਨੂੰ ਮਜ਼ਬੂਰ ਹੋ ਰਹੇ ਹਨ। ਕਈ ਏਜੰਸੀਆਂ ਜਿਵੇਂ ਭਾਬਾ ਪ੍ਰਮਾਣੂ ਖੋਜ ਕੇਂਦਰ ਮੁੰਬਈ, ਪੰਜਾਬ ਪੁਦੂਸ਼ਣ ਕੰਟਰੋਲ ਬੋਰਡ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਜਰਮਨੀ ਦੀ ਸੂਖ਼ਮ ਤੱਤਾਂ ਸਬੰਧੀ ਪ੍ਰਯੋਗਸ਼ਾਲਾ ਵੱਲੋਂ ਪੰਜਾਬ ਦੇ ਪਾਣੀ ਵਿੱਚ ਯੂਰੇਨੀਅਮ ਦੀ ਜਾਂਚ ਕੀਤੀ ਜਾ ਚੁੱਕੀ ਹੈ। ਇਨ੍ਹਾਂ ਸਾਰਿਆਂ ਦੀਆਂ ਹੀ ਰਿਪੋਰਟਾਂ ਅਨੁਸਾਰ ਪੰਜਾਬ ਦਾ ਜ਼ਮੀਨ ਹੇਠਲਾ ਪਾਣੀ ਪੀਣ ਯੋਗ ਨਹੀਂ ਰਿਹਾ ਹੈ।
ਪੰਜਾਬ ਵਿੱਚ ਸਭ ਤੋਂ ਵੱਧ ਪਾਣੀ ਦੀ ਵਰਤੋਂ ਖੇਤੀ ਵਿੱਚ ਕੀਤੀ ਜਾਂਦੀ ਹੈ ਜਿਸ ਕਰਕੇ ਪਿਛਲੇ ਕੁਝ ਸਾਲਾਂ ਤੋਂ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ। ਸੈਂਟਰਲ ਗਰਾਊਂਡ ਵਾਟਰ ਬੋਰਡ ਦੀ ਇੱਕ ਰਿਪੋਰਟ ਅਨੁਸਾਰ 114 ਬਲਾਕ ਅਤੇ 3 ਸ਼ਹਿਰੀ ਖੇਤਰ ਗੰਭੀਰ ਸਥਿਤੀ ਵਿੱਚ ਪਹੁੰਚ ਗਏ ਹਨ। ਇਸ ਬਾਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਝੋਨੇ ਹੇਠ ਰਕਬਾ 1960-61 ਵਿੱਚ 2.27 ਲੱਖ ਹੈਕਟੇਅਰ ਸੀ, ਸਾਲ 2022-23 ਵਿੱਚ ਵਧ ਕੇ 31.68 ਲੱਖ ਹੈਕਟੇਅਰ ਹੋ ਗਿਆ। ਇਸੇ ਤਰ੍ਹਾਂ ਟਿਊਬਵੈੱਲਾਂ ਦੀ ਗਿਣਤੀ ਵੀ 70 ਹਜ਼ਾਰ ਤੋਂ ਵਧ ਕੇ 14.82 ਲੱਖ ਹੋ ਗਈ। ਮਾਹਿਰਾਂ ਅਨੁਸਾਰ ਮੌਜੂਦਾ ਸਮੇਂ ਪਾਣੀ ਦੀ ਸਾਲਾਨਾ ਉਪਲੱਬਧਤਾ 53 ਬਿਲੀਅਨ ਕਿਊਬਿਕ ਮੀਟਰ ਹੈ ਜਦਕਿ ਮੰਗ 60 ਬੀਸੀਐੱਮ ਹੈ। ਇਸ ਫਰਕ ਨੂੰ ਪੂਰਾ ਕਰਨ ਲਈ ਧਰਤੀ ਹੇਠਲੇ ਡੂੰਘੇ ਪਾਣੀ ਦੇ ਸਰੋਤਾਂ ਨੂੰ ਖਤਮ ਕੀਤਾ ਜਾ ਰਿਹਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਸਾਉਣੀ ਸੀਜ਼ਨ ਵਿੱਚ 80 ਫੀਸਦੀ ਪਾਣੀ ਦੀ ਖਪਤ ਝੋਨੇ ਦੀ ਖੇਤੀ ਵਿੱਚ ਹੁੰਦੀ ਹੈ। ਪਾਣੀ ਬਚਾਉਣ ਲਈ ਝੋਨੇ ਹੇਠਲਾਂ ਕੁਝ ਰਕਬਾ ਨਰਮਾ, ਬਾਸਮਤੀ, ਮੱਕੀ, ਦਾਲਾਂ ਹੇਠ ਲਿਆਉਣ ਦੀ ਲੋੜ ਹੈ।
ਕੁਦਰਤੀ ਸੋਮੇ ਬਚਾਉਣ ਦੀ ਲੋੜ
ਹਾਲਾਤ ਇਹ ਬਣ ਗਏ ਹਨ ਕਿ ਸਰਕਾਰੀ ਤੇ ਗੈਰ ਸਰਕਾਰੀ ਪੱਧਰ ’ਤੇ ਪਾਣੀ ਦੇ ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਕੋਈ ਵੀ ਕਾਰਗਰ ਨੀਤੀ ਨਹੀਂ ਬਣਾਈ ਜਾ ਰਹੀ। ਸਤਲੁਜ ਦਰਿਆ ਵਿੱਚ ਪਹਿਲਾਂ ਹਿਮਾਚਲ ਪ੍ਰਦੇਸ਼ ਤੋਂ ‘ਏ’ ਗ੍ਰੇਡ ਦਾ ਪਾਣੀ ਦਾਖਲ ਹੁੰਦਾ ਸੀ, ਜੋ ਹੁਣ ‘ਬੀ’ ਗ੍ਰੇਡ ਦਾ ਹੋ ਗਿਆ ਹੈ। ਮਾਹਿਰ ਕਹਿੰਦੇ ਹਨ ਕਿ ਨਦੀਆਂ ਤੇ ਦਰਿਆ ਪੰਜਾਬ ਦੀਆਂ ਸਾਹ ਰਗਾਂ ਹਨ, ਇਨ੍ਹਾਂ ਨੂੰ ਬਚਾਉਣਾ ਜਿੱਥੇ ਸਰਕਾਰਾਂ ਦੀ ਜ਼ਿੰਮੇਵਾਰੀ ਹੈ, ਉਥੇ ਹੀ ਲੋਕਾਂ ਲਈ ਵੀ ਜ਼ਰੂਰੀ ਹੈ ਕਿ ਉਹ ਇਸ ਕੁਦਰਤੀ ਸੋਮੇ ਨੂੰ ਬਚਾਉਣ ਲਈ ਆਪਣਾ ਪੂਰਾ ਯੋਗਦਾਨ ਪਾਉਣ।
ਪਾਣੀ ਦੀ ਬਰਬਾਦੀ :
ਇਕ ਪਾਸੇ ਪੰਜਾਬ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਈ ਮਹੱਤਵਪੂਰਨ ਫ਼ੈਸਲੇ ਲੈ ਰਹੀ ਹੈ ਪਰ ਦੂਜੇ ਪਾਸੇ ਪੰਜਾਬ ਦੇ ਪਿੰਡਾਂ ਅੰਦਰ ਘਰੇਲੂ ਮੋਟਰਾਂ ਰਾਹੀਂ ਵੱਡੇ ਪੱਧਰ ’ਤੇ ਪਾਣੀ ਦੀ ਬਰਬਾਦੀ ਕੀਤੀ ਜਾਂਦੀ ਹੈ, ਜਿਸ ਦੀ ਮਿਸਾਲ ਪੇਂਡੂ ਲੋਕਾਂ ਵੱਲੋਂ ਆਪਣੇ ਪਾਲਤੂ ਪਸ਼ੂਆਂ ਨੂੰ ਨਹਾਉਣ ਅਤੇ ਉਨ੍ਹਾਂ ਦਾ ਗੋਹਾ ਆਦਿ ਚੁੱਕਣ ਦੀ ਬਜਾਏ ਪਾਣੀ ਨਾਲ ਹੀ ਨਾਲੀਆਂ ’ਚ ਰੋੜੇ ਜਾਣ ਤੋਂ ਮਿਲਦੀ ਹੈ। ਇਸ ਤਰ੍ਹਾਂ ਗੱਡੀਆਂ, ਮੋਟਰ ਸਾਈਕਲਾਂ ਅਤੇ ਟਰੈਕਟਰਾਂ ਆਦਿ ਨੂੰ ਧੋਣ ਲਈ ਇਨ੍ਹਾਂ ਘਰੇਲੂ ਮੋਟਰਾਂ ਦੀ ਖੁੱਲ੍ਹ ਕੇ ਵਰਤੋਂ ਕੀਤੀ ਜਾਂਦੀ ਹੈ।
ਪੰਜਾਬ ’ਚ ਪਾਣੀ ਦੀ ਘਾਟ ਹੋਣ ਦੇ ਕਾਰਨ :
ਪੰਜਾਬ ’ਚ ਪਾਣੀ ਦੀ ਘਾਟ ਦਾ ਪਹਿਲਾ ਕਾਰਨ ਤਾਂ ਪੂੰਜੀਵਾਦੀ ਕਾਰਪੋਰੇਟ ਵਿਕਾਸ ਮਾਡਲ ਹੈ। ਗੁਰਮਤਿ ਦੇ ਨਜ਼ਰੀਏ ਤੋਂ ਪਾਣੀ ਨੂੰ ਕੁਦਰਤ ਦਾ ਸੋਮਾ ਸਮਝ ਕੇ ਸਤਿਕਾਰ ਦੇਣ ਦੀ ਬਜਾਏ ਇਸ ਨੂੰ ਸਿਰਫ਼ ਮੁਨਾਫ਼ਾ ਕਮਾਉਣ ਲਈ ਇੱਕ ਵਸਤੂ ਬਣਾ ਦਿੱਤਾ ਗਿਆ ਹੈ। ਪਾਣੀ ਦੀ ਦੁਰਵਰਤੋਂ ਵਧਣ ਕਾਰਨ ਆਲਮੀ ਤਪਸ਼ ਅਤੇ ਮੌਸਮੀ ਤਬਦੀਲੀ ਵਰਗੇ ਸੰਕਟਾਂ ਦਾ ਅੱਜ ਦੁਨੀਆ ਨੂੰ ਸਾਹਮਣਾ ਕਰਨਾ ਪੈ ਰਿਹਾ ਹੈ।
ਦੂਜਾ ਕਾਰਨ ਪੰਜਾਬ ਦੇ ਦਰਿਆਈ ਪਾਣੀਆਂ ਦਾ ਵੱਡਾ ਹਿੱਸਾ ਗੈਰ ਰਾਇਪੋਰੀਅਨ ਖਿੱਤਿਆਂ ਨੂੰ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਦਰਿਆਈ ਪਾਣੀਆਂ ਨਾਲ ਸਿਰਫ਼ 27, 82, 500 ਏਕੜ (ਲਗਭਗ 25 ਫੀਸਦੀ) ਦੀ ਸਿੰਚਾਈ ਹੁੰਦੀ ਹੈ। 75, 00, 000 ਏਕੜ (ਲਗਭਗ 74 ਫੀਸਦੀ) ਦੇ ਕਰੀਬ ਰਕਬੇ ਦੀ ਸਿੰਜਾਈ ਲਈ ਪੰਜਾਬ ਜ਼ਮੀਨ ਹੇਠੋਂ ਪਾਣੀ ਕੱਢਣ ਲਈ ਮਜਬੂਰ ਹੈ।
ਤੀਸਰਾ ਕਾਰਨ ਪੰਜਾਬ ਜ਼ਮੀਨੀ ਪਾਣੀ ਦੀ ਗੈਰ ਹੰਢਣਸਾਰ ਵਰਤੋਂ ਦਾ ਹੈ। ਪੰਜਾਬ ’ਚ ਘਰੇਲੂ ਤੇ ਉਦਯੋਗਿਕ ਖੇਤਰ ਦਾ ਪਾਣੀ ਸੋਧ ਕੇ ਮੁੜ ਵਰਤੋਂ ਵਿੱਚ ਲਿਆਉਣ ਦੀ ਔਸਤ 10 ਫੀਸਦੀ ਤੋਂ ਵੀ ਘੱਟ ਹੈ, ਜਦਕਿ ਇਜਰਾਈਲ ਵਿੱਚ ਇਹ ਔਸਤ 80 ਫ਼ੀਸਦੀ ਹੈ, ਜਿਸ ਦੀ ਔਸਤ ਵਧਾਏ ਜਾਣ ਦੀ ਜ਼ਰੂਰਤ ਹੈ।
ਚੌਥਾ ਕਾਰਨ ਪੰਜਾਬ ਦੇ ਰਵਾਇਤੀ ਖੇਤੀ ਮਾਡਲ ਵਿੱਚ ਵਿਗਾੜ ਤੇ ਗੈਰ-ਇਲਾਕਾਈ ਫ਼ਸਲ ਝੋਨਾ ਪੈਦਾ ਕਰਨ ਦੀ ਕਵਾਇਦ ਹੈ, ਜਿਸ ਕਾਰਨ ਆਏ ਸਾਲ 10 ਤੋਂ 15 ਫੁੱਟ ਤੱਕ ਪਾਣੀ ਦਾ ਪੱਧਰ ਹੇਠਾਂ ਜਾ ਰਿਹਾ ਹੈ। ਧਰਤੀ ਉੱਤੇ ਪਾਣੀ ਦੀ ਹੋਂਦ ਦੁਆਰਾ ਮਨੁੱਖੀ ਜੀਵਨ ਦੀ ਹੱਦ ਸੰਭਵ ਹੋਈ ਹੈ। ਜਿੱਥੇ ਸਾਰੇ ਧਰਮਾਂ ਵਿੱਚ ਪਾਣੀ ਨੂੰ ਪਵਿੱਤਰ ਮੰਨਿਆ ਜਾਂਦਾ ਹੈ, ਉੱਥੇ ਵਿਗਿਆਨ ਅਨੁਸਾਰ ਵੀ ਪਾਣੀ ਤੋਂ ਬਿਨਾਂ ਜੀਵਨ ਅਸੰਭਵ ਹੈ। ਧਰਤੀ ਦੇ 70 ਫ਼ੀਸਦੀ ਹਿੱਸੇ ’ਤੇ ਪਾਣੀ ਹੈ, ਜਿਸ ਵਿੱਚ 97.5 ਫੀਸਦੀ ਸਮੁੰਦਰ ਅਤੇ ਹੋਰ ਖਾਰੇ ਪਾਣੀ ਦੇ ਸੋਮੇ ਹਨ। ਬਾਕੀ 2.5 ਫ਼ੀਸਦੀ ਪਾਣੀ ’ਚ 68.7 ਫੀਸਦੀ ਧਰੁਵਾਂ ਅਤੇ ਗਲੇਸ਼ੀਅਰਾਂ ’ਤੇ ਜੰਮਿਆ ਹੋਇਆ ਹੈ। ਕੇਵਲ 30 ਫੀਸਦੀ ਪਾਣੀ ਭੂਮੀਗਤ ਹੈ, ਬਾਕੀ 1.2 ਫੀਸਦੀ ਸਤਹੀ ਪਾਣੀ ਦੇ ਰੂਪ ਵਿੱਚ ਹੈ।
ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਸੰਕਟ ਦਿਨੋਂ ਦਿਨ ਵੱਧ ਰਿਹਾ ਹੈ। ਅਜਿਹੀ ਅਵਸਥਾ ਵਿੱਚ ਆਪਣਾ ਤੇ ਸਰਬੱਤ ਦਾ ਭਲਾ ਚਾਹੁਣ ਵਾਲੇ ਕਿਸਾਨਾਂ ਨੂੰ ਹੁਣੇ ਤੋਂ ਪੰਜਾਬ ਦੀਆਂ ਨਵੀਆਂ ਅਤੇ ਪੁਰਾਣੀਆਂ ਬੀਰਾਨੀ ਜ਼ਮੀਨਾਂ ਵਿੱਚ ਬੀਜੀਆਂ ਜਾਣ ਵਾਲੀਆਂ ਫਸਲਾਂ ਦੀ ਚੋਣ ਕਰਕੇ ਇਨ੍ਹਾਂ ਦੀ ਕਾਸ਼ਤ ਕਰਨ ਲਈ ਮਾਨਸਿਕ ਪੱਖੋਂ ਆਪਣੇ-ਆਪ ਨੂੰ ਤਿਆਰ ਕਰਨਾ ਚਾਹੀਦਾ ਹੈ। ਕਿਸਾਨਾਂ ਨੂੰ ਹੁਣ ਇਹ ਗੱਲ ਚੰਗੀ ਤਰ੍ਹਾਂ ਸਮਝ ਲੈਣੀ ਚਾਹੀਦੀ ਹੈ ਕਿ ਆਪਣੇ ਅਤੇ ਸਮੁੱਚੇ ਪੰਜਾਬ ਦੇ ਭਵਿੱਖ ਬਾਰੇ ਫੈਸਲਾ ਕਰਨਾ ਹੁਣ ਉਨ੍ਹਾਂ ਦੇ ਹੱਥ ਵਿੱਚ ਹੈ।
![]()
