ਅੰਮ੍ਰਿਤਸਰ/ਏ.ਟੀ.ਨਿਊਜ਼: ਕੈਨੇਡਾ ਦੇ ਮੈਂਬਰ ਪਾਰਲੀਮੈਂਟ ਸਰਦਾਰ ਜਸਰਾਜ ਸਿੰਘ, ਅਮਨਪ੍ਰੀਤ ਸਿੰਘ ਗਿੱਲ ਅਤੇ ਦਲਵਿੰਦਰ ਸਿੰਘ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸਰਦਾਰ ਕੁਲਵੰਤ ਸਿੰਘ ਮੰਨਣ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿੱਚ ਸੰਸਦ ਮੈਂਬਰਾਂ ਅਤੇ ਉਨ੍ਹਾਂ ਦੇ ਨਾਲ ਆਏ ਸੀਨੀਅਰ ਪੱਤਰਕਾਰ ਸੁਖਜਿੰਦਰ ਸਿੰਘ ਚੋਹਲਾ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਸਿਰੋਪਾਓ ਅਤੇ ਧਾਰਮਿਕ ਪੁਸਤਕਾਂ ਭੇਂਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਸਿੱਖਾਂ ਨੂੰ ਇਹ ਬਖਸ਼ਿਸ਼ ਦਿੱਤੀ ਹੈ ਕਿ ਉਹ ਜਿੱਥੇ ਵੀ ਰਹਿਣ, ਸਰਬੱਤ ਦੇ ਭਲੇ ਲਈ ਕੰਮ ਕਰਨ। ਕੈਨੇਡਾ ਦੀ ਧਰਤੀ ’ਤੇ ਵੀ ਸਿੱਖਾਂ ਨੇ ਵਪਾਰ ਦੇ ਨਾਲ-ਨਾਲ ਰਾਜਨੀਤੀ ਵਿੱਚ ਉੱਚੇ ਮੁਕਾਮ ਹਾਸਲ ਕੀਤੇ ਹਨ। ਧਾਮੀ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਸੰਸਦ ਮੈਂਬਰ ਜਸਰਾਜ ਸਿੰਘ ਅਤੇ ਅਮਨਪ੍ਰੀਤ ਸਿੰਘ ਗਿੱਲ ਪੂਰਨ ਸਿੱਖ ਸਰੂਪ ਵਿੱਚ ਹਨ, ਜੋ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ।
ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਕੈਨੇਡਾ ਦੀ ਸੰਸਦ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਸੰਸਦ ਮੈਂਬਰ ਹਨ, ਜਿਨ੍ਹਾਂ ਤੋਂ ਕੌਮ ਨੂੰ ਹਮੇਸ਼ਾ ਉਮੀਦਾਂ ਰਹਿੰਦੀਆਂ ਹਨ। ਸੰਸਦ ਮੈਂਬਰਾਂ ਨੇ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਗੁਰੂ ਦੀਆਂ ਸਿੱਖਿਆਵਾਂ ਅਨੁਸਾਰ ਮਨੁੱਖਤਾ ਦੀ ਸੇਵਾ ਕਰਦੇ ਹੋਏ ਮਾਣ ਮਹਿਸੂਸ ਕਰਦੇ ਹਨ।
![]()
