ਜਥੇਦਾਰਾਂ ਨੂੰ ਸੇਵਾ ਮੁਕਤ ਕਰਨ ਬਾਅਦ ਅਕਾਲੀ ਸੰਕਟ ਹੋਰ ਡੂੰਘਾ

In ਪੰਜਾਬ
March 12, 2025
ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਸਿੱਖਾਂ ਦੇ ਸਿਰਮੌਰ ਤਖ਼ਤਾਂ ਵਿਚਕਾਰ ਪਿਛਲੇ ਕੁਝ ਸਮੇਂ ਤੋਂ ਚੱਲ ਰਹੀ ਕਸ਼ਮਕਸ਼ ਨੇ ਬੀਤੇ ਸ਼ੁੱਕਰਵਾਰ ਨੂੰ ਦੋ ਹੋਰ ਜਥੇਦਾਰਾਂ ਦੀ ਬਲੀ ਲੈ ਲਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਅਹੁਦੇ ਤੋਂ ਹਟਾਉਣ ਦਾ ਕਦਮ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਥਕ ਬਿਰਤਾਂਤ ’ਤੇ ਆਪਣੀ ਪਕੜ ਬਣਾਉਣ ਦੀ ਕੋਸ਼ਿਸ਼ ਦੀ ਉਪਜ ਜਾਪਦਾ ਹੈ।ਹਾਲਾਂਕਿ, ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਜਾਰੀ ਰਹਿਣਗੀਆਂ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਨੇ ਜਥੇਦਾਰ ਸਾਹਿਬਾਨ ਨੂੰ ਬਦਲਣ ਦਾ ਕਾਰਨ ਇਹ ਦੱਸਿਆ ਹੈ ਕਿ ਸਿੱਖ ਪੰਥ ਨੂੰ ਦਰਪੇਸ਼ ਚੁਣੌਤੀਆਂ ਦੇ ਮੱਦੇਨਜ਼ਰ, ਜਥੇਦਾਰ ਗਿਆਨੀ ਰਘੁਬੀਰ ਸਿੰਘ ਸੰਪਰਦਾ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਅਤੇ ਸਹੀ ਅਗਵਾਈ ਦੇਣ ਦੇ ਅਸਮਰੱਥ ਰਹੇ ਹਨ। ਵਿਰਕ ਨੇ ਕਿਹਾ ਕਿ ਸਿੱਖ ਸੰਸਥਾਵਾਂ ਵਿੱਚ ਵਧ ਰਹੇ ਪਾੜੇ ਅਤੇ ਵਿਸ਼ਵ ਪੱਧਰ 'ਤੇ ਸਿੱਖ ਪਛਾਣ ਅਤੇ ਸਵੈ-ਮਾਣ ਲਈ ਵਧ ਰਹੇ ਖ਼ਤਰੇ 'ਤੇ ਠੋਸ ਕਾਰਵਾਈ ਨਹੀਂ ਕੀਤੀ ਜਾ ਸਕੀ। ਇਸੇ ਕਰਕੇ ਸੇਵਾ ਮੁਕਤ ਕੀਤਾ ਗਿਆ ਹੈ। ਯਾਦ ਰਹੇ ਕਿ ਲੰਘੀ 11 ਫਰਵਰੀ 2025 ਨੂੰ 15 ਮੈਂਬਰੀ ਕਾਰਜਕਾਰੀ ਕਮੇਟੀ ਨੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਸਨ। ਇਸ ਤਰ੍ਹਾਂ ਪਿਛਲੇ ਸਾਲ ਦੋ ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਅਕਾਲੀ ਆਗੂਆਂ ਨੂੰ ਪਿਛਲੇ ਅਰਸੇ ਦੌਰਾਨ ਪੰਥ ਅਤੇ ਪੰਜਾਬ ਦੇ ਹਿੱਤਾਂ ਖ਼ਿਲਾਫ਼ ਕੀਤੀਆਂ ਗਈਆਂ ਕਾਰਵਾਈਆਂ ਬਦਲੇ ਤਨਖ਼ਾਹੀਏ ਕਰਾਰ ਦੇਣ ਦੇ ਇਤਿਹਾਸਕ ਹੁਕਮਨਾਮੇ ਦੀ ਇਬਾਰਤ ਲਿਖਣ ਵਾਲੇ ਹੁਣ ਤਕ ਤਿੰਨ ਜਥੇਦਾਰਾਂ ਨੂੰ ਹਟਾ ਦਿੱਤਾ ਗਿਆ ਹੈ ਪਰ ਸਵਾਲ ਹੈ ਕਿ ਕੀ ਉਨ੍ਹਾਂ ਨੂੰ ਪੰਥਕ ਤੇ ਸਿਆਸੀ ਤੇ ਪੰਥਕ ਦਿ੍ਸ਼ ਤੋਂ ਲਾਂਭੇ ਕੀਤਾ ਜਾ ਸਕਿਆ ਹੈ? ਕੀ ਇਸ ਨਾਲ ਅਕਾਲੀ ਸੰਕਟ ਹੋਰ ਡੂੰਘਾ ਨਹੀਂ ਹੋਇਆ? ਇਥੇ ਜ਼ਿਕਰਯੋਗ ਹੈ ਕਿ ਪੰਜ ਸਿੰਘ ਸਾਹਿਬਾਨ ਦੇ ਦੋ ਦਸੰਬਰ ਦੇ ਹੁਕਮਨਾਮੇ ਵਿਚੋਂ ਉਪਜੀ 7 ਮੈਂਬਰੀ ਕਮੇਟੀ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਚੋਣ ਕਮਿਸ਼ਨ ਨੂੰ ਆਧਾਰ ਬਣਾਕੇ ਮਾਨਤਾ ਨਹੀਂ ਦਿੱਤੀ ਸੀ। ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸਾਬਕਾ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਦੇ ਅਸਤੀਫ਼ਿਆਂ ਜ਼ਰੀਏ ਅਕਾਲ ਤਖਤ ਸਾਹਿਬ ਦੀ ਭਰਤੀ ਕਮੇਟੀ ਨੂੰ ਨਕਾਰਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਜਦੋਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਪੰਜ ਮੈਂਬਰੀ ਕਮੇਟੀ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਭਰਤੀ ਲਈ ਆਪਣਾ ਕੰਮ ਜਾਰੀ ਰੱਖਣ ਅਤੇ ਮੌਜੂਦਾ ਮੈਂਬਰਾਂ ਵਿਚੋਂ ਹੀ ਨਵਾਂ ਮੁਖੀ ਚੁਣ ਲੈਣ ਦੀ ਸੇਧ ਦੇਣ ਤੋਂ ਬਾਅਦ 5 ਮੈਂਬਰੀ ਕਮੇਟੀ ਨੇ 18 ਮਾਰਚ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਵੀਂ ਭਰਤੀ ਆਰੰਭ ਕਰਨ ਦਾ ਐਲਾਨ ਕਰ ਦਿੱਤਾ। ਇਸ ਨਾਲ ਸ਼੍ਰੋਮਣੀ ਅਕਾਲੀ ਦਲ ਲਈ ਵੱਡੀ ਚੁਣੌਤੀ ਪੈਦਾ ਹੋ ਗਈ ਸੀ ।ਹਾਲਾਂਕਿ ਬਾਦਲ ਅਕਾਲੀ ਦਲ ਨੇ ਇਸ ਤੋਂ ਪਹਿਲਾਂ ਆਪਣੀ ਭਰਤੀ ਪ੍ਰਕਿਰਿਆ ਲਗਭਗ ਮੁਕੰਮਲ ਕਰਨ ਦਾ ਐਲਾਨ ਕਰ ਦਿੱਤਾ ਸੀ। ਇਸੇ ਕਰਕੇ ਜਥੇਦਾਰਾਂ ਦੀ ਬਰਤਰਫ਼ੀ ਕੀਤੀ ਗਈ।ਮੰਨਿਆ ਜਾ ਰਿਹਾ ਹੈ ਕਿ ਜਥੇਦਾਰ ਸਾਹਿਬਾਨ ਨੂੰ ਹਟਾਉਣ ਦੀ ਕਾਰਵਾਈ ਦਾ ਅਕਾਲੀ ਦਲ ਦਾ ਸੰਕਟ ਅਗੇ ਨਾਲੋਂ ਹੋਰ ਜ਼ਿਆਦਾ ਵਧੇਗਾ ਜੋ ਬਾਦਲ ਅਕਾਲੀ ਦਲ ਪਹਿਲਾਂ ਹੀ ਆਪਣੀ ਭਰੋਸੇਯੋਗਤਾ ਲਈ ਜਦੋਜਹਿਦ ਕਰ ਰਿਹਾ ਹੈ। ਸ਼੍ਰੋਮਣੀ ਕਮੇਟੀ ਦੀ ਅੰਤਰਿਮ ਕਮੇਟੀ ਵੱਲੋਂ ਚੁੱਕਿਆ ਗਿਆ ਇਹ ਕਦਮ ਪੰਥਕ ਜਥੇਬੰਦੀਆਂ ਵਲੋਂ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਦੱਸਿਆ ਜਾ ਰਿਹਾ ਹੈ।

Loading