
ਪਟਿਆਲਾ, 18 ਫਰਵਰੀ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ (Kirpal Singh Badungar) ਨੇ ਵੀ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਸੱਤ ਮੈਂਬਰੀ ਕਮੇਟੀ ਤੋਂ ਅਸਤੀਫਾ ਦੇ ਦਿੱਤਾ ਹੈ।
ਬਡੂੰਗਰ ਨੇ ਆਪਣਾ ਅਸਤੀਫਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਭੇਜ ਦਿੱਤਾ ਹੈ।
ਚੇਤਾ ਰਹੇ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੋਮਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ੇ ਦਾ ਐਲਾਨ ਕਰਦਿਆਂ ਇਸ ਉਪਰੋਕਤ ਸੱਤ ਮੈਂਬਰੀ ਕਮੇਟੀ ’ਚੋਂ ਖ਼ੁਦ ਨੂੰ ਲਾਂਭੇ ਕੀਤੇ ਜਾਣ ਦੀ ਮੰਗ ਵੀ ਕੀਤੀ ਸੀ।
ਅਕਾਲ ਤਖ਼ਤ ਦੀ ਫ਼ਸੀਲ ਤੋਂ ਸੁਖਬੀਰ ਬਾਦਲ ਤੇ ਹੋਰਨਾਂ ਅਕਾਲੀ ਆਗੂਆਂ ਨੂੰ ਪਿਛਲੇ ਸਾਲ 2 ਦਸੰਬਰ ਨੂੰ ਸੁਣਾਈ ਧਾਰਮਿਕ ਸਜ਼ਾ ਮੌਕੇ ਜਥੇਦਾਰ ਨੇ ਸ਼੍ਰੋਮਣੀ ਅਕਾਲੀ ਵਿਚ ਨਵੇਂ ਸਿਰੇ ਤੋਂ ਭਰਤੀ ਮੁਹਿੰਮ ਦੀ ਨਿਗਰਾਨੀ ਲਈ ਸੱਤ ਮੈਂਬਰੀ ਕਮੇਟੀ ਬਣਾਈ ਸੀ।
ਇਸ ਕਮੇਟੀ ਵਿਚ ਧਾਮੀ ਤੇ ਬਡੂੰਗਰ ਤੋਂ ਇਲਾਵਾ ਇਕਬਾਲ ਸਿੰਘ ਝੂੰਦਾਂ, ਸੰਤਾ ਸਿੰਘ ਉਮੈਦਪੁਰੀ, ਸਤਵੰਤ ਕੌਰ, ਗੁਰਪ੍ਰਤਾਪ ਸਿੰਘ ਵਡਾਲਾ ਤੇ ਮਨਪ੍ਰੀਤ ਸਿੰਘ ਇਆਲੀ ਸ਼ਾਮਲ ਹਨ।