ਜ਼ਿਲ੍ਹਾ ਜੇਲ੍ਹ ਸੰਗਰੂਰ ਵਿੱਚ ਖ਼ਾਲਿਸਤਾਨੀ ਕੈਦੀ ਦੀ ਮੌਤ

In ਮੁੱਖ ਖ਼ਬਰਾਂ
August 05, 2025

ਸੰਗਰੂਰ/ਏ.ਟੀ.ਨਿਊਜ਼: ਜ਼ਿਲ੍ਹਾ ਜੇਲ੍ਹ ਸੰਗਰੂਰ ਵਿੱਚ ਇੱਕ ਕੈਦੀ ਦੀ ਕਥਿਤ ਖੁਦਕੁਸ਼ੀ ਤੋਂ ਬਾਅਦ ਜੇਲ੍ਹ ਸੁਪਰਡੈਂਟ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਪਰਿਵਾਰ ਨੇ ਇਸਨੂੰ ਖੁਦਕੁਸ਼ੀ ਨਹੀਂ ਬਲਕਿ ਕਤਲ ਦੱਸਿਆ ਹੈ ਅਤੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਮ੍ਰਿਤਕ ਦੀ ਪਛਾਣ ਤਰਨਤਾਰਨ ਜ਼ਿਲ੍ਹੇ ਦੇ ਨੌਸ਼ਹਿਰਾ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਵਜੋਂ ਹੋਈ ਹੈ।
ਮ੍ਰਿਤਕ ਦੇ ਪਿਤਾ ਜਗੀਰ ਸਿੰਘ ਅਨੁਸਾਰ, ਗੁਰਵਿੰਦਰ ਇੱਕ ਖ਼ਾਲਿਸਤਾਨ ਸਮਰਥਕ ਸੀ ਅਤੇ ਉਸ ਖ਼ਿਲਾਫ਼ ਯੂ.ਏ.ਪੀ.ਏ. ਤਹਿਤ ਕੇਸ ਦਰਜ ਸੀ। ਉਹਨਾਂ ਦਾ ਕਹਿਣਾ ਹੈ ਕਿ ਗੁਰਵਿੰਦਰ ਪਿਛਲੇ ਸੱਤ ਸਾਲਾਂ ਤੋਂ ਜੇਲ੍ਹ ਵਿੱਚ ਸੀ ਅਤੇ ਉਸਨੂੰ ਕਪੂਰਥਲਾ ਜੇਲ੍ਹ ਤੋਂ ਸੰਗਰੂਰ ਤਬਦੀਲ ਕੀਤਾ ਗਿਆ ਸੀ। ਪਰਿਵਾਰ ਦਾ ਦੋਸ਼ ਹੈ ਕਿ ਜੇਲ੍ਹ ਪ੍ਰਸ਼ਾਸਨ ਉਸਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ ਅਤੇ ਉਸਨੇ ਕਈ ਵਾਰ ਫ਼ੋਨ ’ਤੇ ਜੇਲ੍ਹ ਪ੍ਰਸ਼ਾਸਨ ਵੱਲੋਂ ਆਪਣੀ ਜਾਨ ਨੂੰ ਖ਼ਤਰੇ ਬਾਰੇ ਦੱਸਿਆ ਸੀ।
ਕੈਦੀ ਦੀ ਮੌਤ ਤੋਂ ਬਾਅਦ ਜੇਲ੍ਹ ਸੁਪਰਡੈਂਟ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਅਤੇ ਉਹਨਾਂ ਦੀ ਥਾਂ ਰਮਨਦੀਪ ਸਿੰਘ ਭੰਗੂ ਨੂੰ ਨਵਾਂ ਸੁਪਰਡੈਂਟ ਨਿਯੁਕਤ ਕੀਤਾ ਗਿਆ ਹੈ। ਰਮਨਦੀਪ ਸਿੰਘ ਭੰਗੂ ਨੇ ਚਾਰਜ ਸੰਭਾਲਣ ਤੋਂ ਬਾਅਦ ਜੇਲ੍ਹ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਅਤੇ ਅਨੁਸ਼ਾਸਨ ਬਣਾਈ ਰੱਖਣ ਦਾ ਭਰੋਸਾ ਦਿੱਤਾ ਹੈ। ਇਸ ਦੌਰਾਨ, ਪੁਲਿਸ ਥਾਣਾ ਸਿਟੀ ਸੰਗਰੂਰ-1 ਨੇ ਖੁਦਕੁਸ਼ੀ ਦੇ ਮਾਮਲੇ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਗੁਰਵਿੰਦਰ ਸਿੰਘ ਦਾ ਪੋਸਟਮਾਰਟਮ ਸ਼ਨੀਵਾਰ ਦੇਰ ਸ਼ਾਮ ਇੱਕ ਜੁਡੀਸ਼ੀਅਲ ਮੈਜਿਸਟਰੇਟ ਦੀ ਨਿਗਰਾਨੀ ਹੇਠ ਕੀਤਾ ਗਿਆ। ਪਰਿਵਾਰ ਨੇ ਇਸਨੂੰ ਇੱਕ ਸਾਜਿਸ਼ ਦੱਸਦਿਆਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ।

Loading