
ਵਾਸ਼ਿੰਗਟਨ/ਏ.ਟੀ.ਨਿੳਜ਼: ਅਮਰੀਕੀ ਵਿਦੇਸ਼ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ 1,300 ਤੋਂ ਵੱਧ ਡਿਪਲੋਮੈਟਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਹਨ| ਇਹ ਕਾਰਵਾਈ ਇਸ ਸਾਲ ਦੇ ਸ਼ੁਰੂ ਵਿੱਚ ਟਰੰਪ ਪ੍ਰਸ਼ਾਸਨ ਦੁਆਰਾ ਸ਼ੁਰੂ ਕੀਤੀ ਗਈ ਇੱਕ ਨਾਟਕੀ ਪੁਨਰਗਠਨ ਯੋਜਨਾ ਤਹਿਤ ਕੀਤੀ ਗਈ| ਵਿਦੇਸ਼ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਵਿਭਾਗ ਅਮਰੀਕਾ ਦੇ ਅੰਦਰ ਕੰਮ ਕਰਨ ਵਾਲੇ 1,107 ਪ੍ਰਸ਼ਾਸਨਿਕ ਅਧਿਕਾਰੀਆਂ ਅਤੇ 246 ਵਿਦੇਸ਼ੀ ਸੇਵਾ ਅਧਿਕਾਰੀਆਂ ਨੂੰ ਨੌਕਰੀ ਤੋਂ ਕੱਢਣ ਦੇ ਨੋਟਿਸ ਭੇਜ ਰਿਹਾ ਹੈ|
ਹਾਲਾਂਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਇਸ ਕਦਮ ਨੂੰ ਵਿਭਾਗ ਨੂੰ ਵਧੇਰੇ ਕੁਸ਼ਲ ਬਣਾਉਣ ਲਈ ਜ਼ਰੂਰੀ ਦੱਸਿਆ ਹੈ, ਪਰ ਮੌਜੂਦਾ ਅਤੇ ਸਾਬਕਾ ਡਿਪਲੋਮੈਟਾਂ ਨੇ ਇਸ ਕਾਰਵਾਈ ਦੀ ਸਖ਼ਤ ਆਲੋਚਨਾ ਕੀਤੀ ਹੈ| ਇਨ੍ਹਾਂ ਡਿਪਲੋਮੈਟਾਂ ਦਾ ਕਹਿਣਾ ਹੈ ਕਿ ਇਹ ਅਮਰੀਕਾ ਦੇ ਪ੍ਰਭਾਵ ਨੂੰ ਕਮਜ਼ੋਰ ਕਰੇਗਾ ਅਤੇ ਵਿਦੇਸ਼ਾਂ ਵਿੱਚ ਮੌਜੂਦਾ ਅਤੇ ਉੱਭਰ ਰਹੇ ਖਤਰਿਆਂ ਦਾ ਮੁਕਾਬਲਾ ਕਰਨ ਦੀ ਉਸਦੀ ਯੋਗਤਾ ਨੂੰ ਪ੍ਰਭਾਵਤ ਕਰੇਗਾ|