ਟਰੰਪ ਪ੍ਰਸ਼ਾਸਨ ਵਿਦਿਆਰਥੀਆਂ ਦਾ ਵੀਜ਼ਾ ਰੱਦ ਕਰਨ ਦੇ ਫ਼ੈਸਲੇ ਤੋਂ ਪਿੱਛੇ ਹਟਿਆ, ਵੀਜ਼ੇ ਹੋਣਗੇ ਬਹਾਲ

In ਅਮਰੀਕਾ
April 28, 2025
ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਟਰੰਪ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਦਾ ਵੀਜ਼ਾ ਰੱਦ ਕਰਨ ਦੇ ਫ਼ੈਸਲੇ ਨੂੰ ਵਾਪਿਸ ਲੈ ਲੈਣ ਦੀ ਖ਼ਬਰ ਹੈ। ਟਰੰਪ ਪ੍ਰਸ਼ਾਸਨ ਨੇ ਕਿਹਾ ਹੈ ਕਿ ਉਹ ਉਨ੍ਹਾਂ ਹਜ਼ਾਰਾਂ ਵਿਦੇਸ਼ੀ ਵਿਦਿਆਰਥੀਆਂ ਦੇ ਵੀਜ਼ੇ ਮੁੜ ਬਹਾਲ ਕਰ ਰਿਹਾ ਹੈ ਜਿਨ੍ਹਾਂ ਦੇ ਵੀਜ਼ੇ ਅਚਾਨਕ ਰੱਦ ਕਰ ਦਿੱਤੇ ਗਏ ਸਨ, ਜਿਸ ਕਾਰਨ ਵਿਦਿਆਰਥੀਆਂ ਲਈ ਬੇਯਕੀਨੀ ਵਾਲੇ ਹਾਲਾਤ ਪੈਦਾ ਹੋ ਗਏ ਸਨ ਤੇ ਉਨ੍ਹਾਂ ਨੂੰ ਦੇਸ਼ ਨਿਕਾਲੇ ਦਾ ਡਰ ਵੱਢ ਵੱਢ ਖਾ ਰਿਹਾ ਸੀ। ਮੀਡੀਆ ਰਿਪੋਰਟ ਅਨੁਸਾਰ ਨਿਆਂ ਵਿਭਾਗ ਨੇ ਮਾਸਾਚੂਸੈਟਸ ਵਿੱਚ ਯੂ ਐਸ ਡਿਸਟ੍ਰਿਕਟ ਕੋਰਟ ਵਿੱਚ ਦਾਇਰ ਜਵਾਬ ਵਿੱਚ ਆਪਣੇ ਫ਼ੈਸਲੇ ਬਾਰੇ ਜਾਣਕਾਰੀ ਦਿੱਤੀ ਹੈ। ਫ਼ੈਡਰਲ ਸਟੂਡੈਂਟ ਐਕਸਚੇਂਜ ਐਂਡ ਵਿਜ਼ਟਰ ਇਨਫ਼ਰਮੇਸ਼ਨ ਸਿਸਟਮ (ਸੇਵਿਸ) ਵਿੱਚ ਵੀਜ਼ੇ ਰੱਦ ਕਰ ਦੇਣ ਬਾਰੇ ਸੂਚਨਾ ਮਿਲਣ ਜਾਂ ਈ. ਮੇਲ. ਰਾਹੀਂ ਜਾਣਕਾਰੀ ਮਿਲਣ ਉਪਰੰਤ ਬਹੁਤ ਸਾਰੇ ਮਾਮਲਿਆਂ ਵਿੱਚ ਯੂਨੀਵਰਸਿਟੀਆਂ ਨੇ ਵਿਦਿਆਰਥੀਆਂ ਨੂੰ ਤੁਰੰਤ ਚਲੇ ਜਾਣ ਲਈ ਮਜਬੂਰ ਕਰ ਦਿੱਤਾ ਸੀ। ਇਥੇ ਜ਼ਿਕਰਯੋਗ ਹੈ ਕਿ ਵੱਖ- ਵੱਖ ਅਦਾਲਤਾਂ ਵਿੱਚ ਵਿਦਿਆਰਥੀਆਂ ਵੱਲੋਂ ਵੀਜ਼ਾ ਰੱਦ ਕਰਨ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ ਤੇ 100 ਤੋਂ ਵਧ ਪਟੀਸ਼ਨਾਂ ਅਦਾਲਤਾਂ ਵਿੱਚ ਸੁਣਵਾਈ ਅਧੀਨ ਹਨ।

Loading