
ਪਾਤੜਾਂ : ਢਾਬੀ ਗੁੱਜਰਾਂ ਬਾਰਡਰ ’ਤੇ ਮਰਨ ਵਰਤ ਉਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ ਵਿੱਚ ਕਈ ਸਿਆਸੀ ਅਤੇ ਸਮਾਜਿਕ ਆਗੂ ਅੱਗੇ ਆ ਗਏ ਹਨ। ਅੱਜ ਸਵੇਰੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ , ਲੋਕ ਸਭਾ ਮੈਂਬਰ ਧਰਮਵੀਰ ਗਾਂਧੀ, ਕਿੱਕੀ ਢਿੱਲੋ, ਬਰਿੰਦਰ ਸਿੰਘ ਢਿੱਲੋ, ਵਿਧਾਇਕ ਪਰਗਟ ਸਿੰਘ, ਵਿਧਾਇਕ ਅਤੇ ਪਹਿਲਵਾਨ ਵਿਨੇਸ਼ ਫੋਗਾਟ, ਉਨ੍ਹਾਂ ਦੇ ਪਤੀ ਸੋਮਵੀਰ ਰਾਠੀ, ਫਰੀਦਕੋਟ ਦੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ, ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਅਤੇ ਪੰਜਾਬੀ ਗਾਇਕ ਹਰਫ ਚੀਮਾ ਨੇ ਵੱਖੋ ਵੱਖਰੇ ਤੌਰ ’ਤੇ ਡੱਲੇਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਕਿਸਾਨ ਅੰਦੋਲਨ ਦੇ ਨਾਲ ਆਪਣੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਸ੍ਰੀ ਬਾਜਵਾ ਨੇ ਕਿਹਾ ਜੇ ਕੇਂਦਰ ਕਿਸਾਨਾਂ ਦੀਆਂ ਮੰਗਾਂ ਮੰਨ ਲੈਂਦਾ ਤਾਂ ਅੱਜ ਡੱਲੇਵਾਲ ਨੂੰ ਮਰਨ ਵਰਤ ’ਤੇ ਨਾ ਬੈਠਣਾ ਪੈਂਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ ਅਤੇ ਕਾਂਗਰਸ ਪਾਰਟੀ ਐੱਮਐੱਸਪੀ ਸਮੇਤ ਕਿਸਾਨਾਂ ਦੀਆਂ ਹੋਰ ਜਾਇਜ਼ ਮੰਗਾਂ ਲਈ ਉਨ੍ਹਾਂ ਨਾਲ ਡਟ ਕੇ ਖੜ੍ਹੀ ਹੈ।