
ਸ੍ਰੀ ਆਨੰਦਪੁਰ ਸਾਹਿਬ/ਏ.ਟੀ.ਨਿਊਜ਼: ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਰਕਾਰ ਵੱਲੋਂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਸਮਾਗਮਾਂ ਤੋਂ ਪਹਿਲਾਂ ਤਖ਼ਤ ਸਾਹਿਬ ਨੂੰ ਆਉਣ ਵਾਲੇ ਮੁੱਖ ਰਸਤੇ ਨੂੰ ਵਿਰਾਸਤੀ ਮਾਰਗ ਬਣਾਉਣ ਦੇ ਨਾਮ ’ਤੇ ਪੁੱਟਣ ਦੀ ਨਿਖੇਧੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਨਵੰਬਰ ਮਹੀਨੇ ਸ਼ਹੀਦੀ ਸਮਾਗਮ ਮਨਾਉਣ ਤੋਂ ਠੀਕ ਪਹਿਲਾਂ ਇਹ ਕੰਮ ਸ਼ੁਰੂ ਕਰਨਾ ਬਿਲਕੁਲ ਗ਼ਲਤ ਹੈ ਤੇ ਇਸ ਕਾਰਨ ਸੰਗਤ ਨੂੰ ਭਾਰੀ ਪ੍ਰੇਸ਼ਾਨੀ ਹੋ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਇਸ ਕੰਮ ਨੂੰ ਤੁਰੰਤ ਰੋਕੇ ਤੇ ਰਸਤੇ ਨੂੰ ਪਹਿਲਾਂ ਵਾਂਗ ਸੰਗਤ ਲਈ ਖੋਲ੍ਹੇ। ਜਥੇਦਾਰ ਗੜਗੱਜ ਨੇ ਸਪਸ਼ਟ ਕੀਤਾ ਕਿ ਆਨੰਦਪੁਰ ਸਾਹਿਬ ਖ਼ਾਲਸੇ ਦੀ ਜਨਮ ਭੂਮੀ ਹੈ ਤੇ ਇਥੋਂ ਦੀ ਵਿਰਾਸਤ ਤੇ ਕੁਦਰਤੀ ਸੁਹੱਪਣ ਨਾਲ ਛੇੜਛਾੜ ਖ਼ਾਲਸਾ ਪੰਥ ਦੀ ਸਾਂਝੀ ਰਾਏ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੁਝਾਅ ਮੁਤਾਬਕ ਹੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸ੍ਰੀ ਆਨੰਦਪੁਰ ਸਾਹਿਬ ਵੱਲ ਆਉਣ ਵਾਲੀਆਂ ਟੁੱਟੀਆਂ ਸੜਕਾਂ ਅਤੇ ਸਤਲੁਜ ’ਤੇ ਬਣੇ ਪੁਲ ਦੀ ਮੁਰੰਮਤ ਵੱਲ ਧਿਆਨ ਦੇਣਾ ਚਾਹੀਦਾ ਹੈ।