
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੂਬੇ ਦੇ ਅੱਠ ਜ਼ਿਲ੍ਹਿਆਂ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਮੁੱਖ ਸਕੱਤਰ ਤੋਂ ਇਲਾਵਾ ਭਾਰਤੀ ਫੌਜ ਦੇ ਨੁਮਾਇੰਦੇ, ਐੱਨ ਡੀ ਆਰ ਐੱਫ ਅਤੇ ਹੋਮਗਾਰਡਜ਼ ਦੇ ਡੀਜੀਪੀ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵਰਚੁਅਲੀ ਸ਼ਾਮਲ ਹੋਏ। ਇਸ ਦੌਰਾਨ ਫ਼ੌਜ ਦੇ 20 ਹੈਲੀਕਾਪਟਰ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਆਪਣੀਆਂ ਸੇਵਾਵਾਂ ਦੇ ਰਹੇ ਹਨ। ਮੁੱਖ ਮੰਤਰੀ ਨੇ ਅੱਜ ਸੂਬੇ ਦੇ ਤਿੰਨ ਸੀਨੀਅਰ ਅਧਿਕਾਰੀਆਂ ’ਤੇ ਅਧਾਰਿਤ ਉੱਚ ਤਾਕਤੀ ਕਮੇਟੀ ਦਾ ਗਠਨ ਕੀਤਾ, ਜੋ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਚੱਲ ਰਹੇ ਬਚਾਅ ਕਾਰਜਾਂ ਦੀ ਨਿਗਰਾਨੀ ਕਰੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਾਰਿਆਂ ਨੂੰ 30 ਅਤੇ 31 ਅਗਸਤ ਨੂੰ ਮੀਂਹ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ ਪੈਦਾ ਹੋਣ ਵਾਲੀ ਸਥਿਤੀ ਨਾਲ ਨਜਿੱਠਣ ਵਾਸਤੇ ਤਿਆਰ ਰਹਿਣ ਲਈ ਕਿਹਾ।
ਭਗਵੰਤ ਮਾਨ ਨੇ ਕਿਹਾ ਕਿ ਮਾਲ ਵਿਭਾਗ, ਜਲ ਸਰੋਤ ਅਤੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਸੀਨੀਅਰ ਅਧਿਕਾਰੀਆਂ ’ਤੇ ਅਧਾਰਿਤ ਕਮੇਟੀ ਅੰਮ੍ਰਿਤਸਰ ਅਤੇ ਹੋਰ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਪੱਕੇ ਤੌਰ ’ਤੇ ਤਾਇਨਾਤ ਰਹੇਗੀ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਅਤੇ ਹੋਰ ਅਫਸਰਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਹ ਉੱਚ ਤਾਕਤੀ ਕਮੇਟੀ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰਨਗੇ ਤਾਂ ਜੋ ਹੜ੍ਹ ਪੀੜਤਾਂ ਨੂੰ ਅਤਿ ਲੋੜੀਂਦੀ ਰਾਹਤ ਦਿੱਤੀ ਜਾ ਸਕੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪੰਜਾਬ ਦੇ ਮੁੱਖ ਸਕੱਤਰ ਕੇ ਏ ਪੀ ਸਿਨਹਾ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਬਚਾਅ ਤੇ ਰਾਹਤ ਕਾਰਜਾਂ ਨੂੰ ਹੋਰ ਅਸਰਦਾਇਕ ਬਣਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਹਾੜੀ ਸੂਬਿਆਂ ਤੋਂ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧ ਜਾਣ ਕਾਰਨ ਸੂਬੇ ਵਿੱਚ ਸਥਿਤੀ ਗੰਭੀਰ ਹੋਈ ਹੈ।