
ਨਵੀਂ ਦਿੱਲੀ/ਏ.ਟੀ.ਨਿਊਜ਼:
ਸੁਪਰੀਮ ਕੋਰਟ ਨੇ ਬੀਤੇ ਦਿਨ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਉਸ ਪਟੀਸ਼ਨ ਉੱਤੇ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ, ਜਿਸ ਵਿੱਚ ਹਵਾਰਾ ਨੇ ਖ਼ੁਦ ਨੂੰ ਕੌਮੀ ਰਾਜਧਾਨੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕੀਤੇ ਜਾਣ ਦੀ ਮੰਗ ਸਿਖਰਲੀ ਅਦਾਲਤ ਤੋਂ ਕੀਤੀ ਹੈ।
ਚੰਡੀਗੜ੍ਹ ਪ੍ਰਸ਼ਾਸਨ ਦੀ ਨੁਮਾਇੰਦਗੀ ਕਰ ਰਹੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਵੱਲੋਂ ਹਵਾਰਾ ਦੀ ਪਟੀਸ਼ਨ ’ਤੇ ਜਵਾਬ ਦੇਣ ਲਈ ਸਮਾਂ ਮੰਗਣ ਤੋਂ ਬਾਅਦ ਜਸਟਿਸ ਬੀ.ਆਰ. ਗਵਈ ਦੀ ਅਗਵਾਈ ਵਾਲੇ ਬੈਂਚ ਨੇ ਸੁਣਵਾਈ ਅੱਗੇ ਪਾ ਦਿੱਤੀ।
ਪੰਜਾਬ ਸਰਕਾਰ ਨੇ 4 ਫਰਵਰੀ ਨੂੰ ਹਵਾਰਾ ਦੀ ਜੇਲ੍ਹ ਤਬਦੀਲ ਕਰਨ ਦੀ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਉਸ ਨੂੰ ਪੰਜਾਬ ਵਿੱਚ ਤਬਦੀਲ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਸ ’ਤੇ ਚੰਡੀਗੜ੍ਹ ਵਿੱਚ ਮੁਕੱਦਮਾ ਚੱਲ ਰਿਹਾ ਹੈ।
ਪੰਜਾਬ ਦੇ ਐਡਵੋਕੇਟ ਜਨਰਲ ਨੇ ਕਿਹਾ, ‘‘ਪੰਜਾਬ ਵਿੱਚ ਉਸਦਾ ਕੋਈ ਦਾਅਵਾ ਨਹੀਂ ਹੈ। ਜੇ ਉਸਨੂੰ ਤਬਦੀਲ ਕਰਨਾ ਹੀ ਹੈ, ਤਾਂ ਇਹ ਚੰਡੀਗੜ੍ਹ ਯੂ.ਟੀ. ਵਿੱਚ ਤਬਦੀਲ ਕੀਤਾ ਜਾਵੇ।” ਉਨ੍ਹਾਂ ਬੈਂਚ ਨੂੰ ਦੱਸਿਆ ਸੀ ਹਵਾਰਾ ਵੱਲੋਂ ਦਾਇਰ ਕੀਤੀ ਗਈ ਇੱਕ ਅਜਿਹੀ ਹੀ ਪਟੀਸ਼ਨ ਨੂੰ 2018 ਵਿੱਚ ਦਿੱਲੀ ਹਾਈ ਕੋਰਟ ਨੇ ਖ਼ਾਰਜ ਕਰ ਦਿੱਤਾ ਸੀ।
ਐਡਵੋਕੇਟ-ਜਨਰਲ ਨੇ ਕਿਹਾ ਸੀ ਕਿ ਹਵਾਰਾ ’ਤੇ ਚੰਡੀਗੜ੍ਹ ਵਿੱਚ ਮੁਕੱਦਮਾ ਚਲਾਇਆ ਗਿਆ ਸੀ, ਜਿੱਥੇ ਉਸਨੇ ਜੇਲ੍ਹ ਤੋੜੀ ਸੀ ਅਤੇ ਪੰਜਾਬ ਜੇਲ੍ਹ ਦੇ ਨਿਯਮ ਚੰਡੀਗੜ੍ਹ ’ਤੇ ਲਾਗੂ ਨਹੀਂ ਹੋਣਗੇ। ਪੰਜਾਬ ਸਰਕਾਰ ਨੇ ਕਿਹਾ ਸੀ ਕਿ ਦਿੱਲੀ ਸਰਕਾਰ ਨੇ ਸਟੈਂਡ ਲਿਆ ਸੀ ਕਿ ਹਵਾਰਾ ਨੂੰ ਪੰਜਾਬ ਤਬਦੀਲ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਇੱਕ ਸਰਹੱਦੀ ਰਾਜ ਹੈ ਅਤੇ ਉਹ ਚੰਡੀਗੜ੍ਹ ਵਾਪਸ ਜਾ ਸਕਦਾ ਹੈ।
ਬੈਂਚ ਨੇ ਕੇਂਦਰ, ਦਿੱਲੀ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਹਵਾਰਾ ਦੀ ਪਟੀਸ਼ਨ ਦਾ ਜਵਾਬ ਦੇਣ ਲਈ ਕਿਹਾ ਸੀ।
ਹਵਾਰਾ (54) ਨੇ ਜੇਲ੍ਹ ਵਿੱਚ ਚੰਗੇ ਆਚਰਣ ਦੇ ਹਵਾਲੇ ਨਾਲ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕੀਤੇ ਜਾਣ ਦੀ ਮੰਗ ਕੀਤੀ ਹੈ। ਉਸ ਨੇ ਕਿਹਾ ਕਿ ਇਹ ਜੁਰਮ ਅਜਿਹੇ ਸਮੇਂ ਕੀਤਾ ਗਿਆ ਸੀ ਜਦੋਂ ਪੰਜਾਬ ਵਿੱਚ ਸਮਾਜਕ ਬਦਅਮਨੀ ਸੀ ਅਤੇ ਇਹ ਕਿ ਉਸ ਦੀ ਧੀ ਪੰਜਾਬ ਵਿੱਚ ਰਹਿੰਦੀ ਹੈ।
ਉਸ ਨੇ ਇਹ ਦਲੀਲ ਵੀ ਦਿੱਤੀ ਕਿ ਜੇਲ੍ਹ ਤੋੜਨ ਵਿੱਚ ਸ਼ਾਮਲ ਉਸ ਦੇ ਸਾਰੇ ਸਹਿ-ਮੁਲਜ਼ਮ ਪੰਜਾਬ ਦੀਆਂ ਜੇਲ੍ਹਾਂ ਵਿੱਚ ਹਨ ਅਤੇ ਡਾਇਰੈਕਟਰ-ਜਨਰਲ (ਜੇਲ੍ਹਾਂ) ਨੇ ਕਰੀਬ ਅੱਠ ਸਾਲ ਪਹਿਲਾਂ 7 ਅਕਤੂਬਰ, 2016 ਨੂੰ ਉਸ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਸਿਫਾਰਸ਼ ਕੀਤੀ ਸੀ। ਉਸਨੇ ਇਹ ਵੀ ਦਾਅਵਾ ਕੀਤਾ ਕਿ ਦਿੱਲੀ ਵਿੱਚ ਉਸਦੇ ਖ਼ਿਲਾਫ਼ ਇੱਕ ਵੀ ਕੇਸ ਨਹੀਂ ਚੱਲ ਰਿਹਾ ਅਤੇ ਉਹ ਪੰਜਾਬ ਵਿੱਚ ਲੰਬਿਤ ਕਿਸੇ ਕੇਸ ਵਿੱਚ ਕਾਰਵਾਈ ਵਿੱਚ ਸ਼ਾਮਲ ਹੋਣ ਤੋਂ ਅਸਮਰੱਥ ਹੈ।
ਹਵਾਰਾ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਕੋਲਿਨ ਗੋਂਜ਼ਾਲਵੇਸ ਨੇ ਪਿਛਲੀ ਸੁਣਵਾਈ ਦੌਰਾਨ ਕਿਹਾ ਸੀ ਕਿ ਹਵਾਰਾ ਦੀ ਇੱਕ 14 ਸਾਲ ਦੀ ਧੀ ਹੈ ਪਰ ਹਵਾਰਾ ਦੀ ਉਸ ਤੱਕ ਪਹੁੰਚ ਨਹੀਂ ਹੈ। ਉਨ੍ਹਾਂ ਕਿਹਾ ਸੀ, ‘‘ਇਸ ਮਾਮਲੇ ਦੇ ਬਾਕੀ ਸਾਰੇ ਦੋਸ਼ੀ ਪੰਜਾਬ ਵਿੱਚ ਹਨ।”