ਧਾਮੀ ਦੇ ਅਸਤੀਫੇ ਬਾਰੇ ਕੀ ਕਿਹਾ ਪੰਥਕ ਆਗੂਆਂ ਨੇ

In ਪੰਜਾਬ
February 18, 2025
ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਅਸਤੀਫ਼ੇ ਨੂੰ ਦੁਖਦਾਈ ਕਰਾਰ ਦਿੱਤਾ ਹੈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਪਾਈ ਇੱਕ ਪੋਸਟ ਵਿੱਚ ਕਿਹਾ ਕਿ ਪੰਥਕ ਪਰੰਪਰਾਵਾਂ ਤੇ ਮਰਿਆਦਾ ਦੀ ਜਾਣਕਾਰੀ ਤੋਂ ਸੱਖਣੇ ਕੁਝ ਕੁ ਨੇਤਾਵਾਂ ਵੱਲੋਂ ਆਪਣੀਆਂ ਨਿੱਜੀ ਲਾਲਸਾਵਾਂ ਦੀ ਪੂਰਤੀ ਹਿੱਤ ਇੱਕ ਵਿਅਕਤੀ ਵਿਸ਼ੇਸ਼ ਦੀ ਰਾਜਨੀਤੀ ਨੂੰ ਜ਼ਿੰਦਾ ਰੱਖਣ ਲਈ ਪੰਥਕ ਸੰਸਥਾਵਾਂ ਨੂੰ ਪੇਤਲਾ ਕੀਤਾ ਜਾ ਰਿਹਾ ਹੈ। ਪੰਥਕ ਸੋਚ ਦੀ ਤਰਜਮਾਨੀ ਕਰਨ ਵਾਲਿਆਂ ਨੂੰ ਜ਼ਲੀਲ ਕਰਕੇ ਬਾਹਰ ਦਾ ਰਾਹ ਦਿਖਾਇਆ ਜਾ ਰਿਹਾ ਹੈ ਜਾਂ ਫਿਰ ਦਬਾਅ ਹੀ ਇਸ ਤਰ੍ਹਾਂ ਦਾ ਬਣਾਇਆ ਜਾਂਦਾ ਹੈ ਕਿ ਬੰਦਾ ਖ਼ੁਦ ਹੀ ਛੱਡ ਕੇ ਜਾਣ ਲਈ ਮਜਬੂਰ ਹੋ ਜਾਂਦਾ ਹੈ। ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਜਿਸ ਵੇਲੇ ਉਨ੍ਹਾਂ ਨੇ ਸਥਿਤੀ ਨੂੰ ਸੰਭਾਲਣਾ ਸੀ, ਉਸ ਵੇਲੇ ਉਹ ਅਸਤੀਫਾ ਦੇ ਰਹੇ ਹਨ। ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ,ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਨਾਲ ਸਿੱਖ ਜਥੇਬੰਦੀਆਂ ਵਿਚ ਨਿਰਾਸ਼ਾਜਨਕ ਮਾਹੌਲ ਬਣ ਗਿਆ ਹੈ ਅਤੇ ਉਨ੍ਹਾਂ ਦੇ ਅਸਤੀਫ਼ੇ ਕਾਰਨ ਮੈਨੂੰ ਬਹੁਤ ਦੁਖ ਮਹਿਸੂਸ ਹੋਇਆ ਹੈ ।ਕਿਉਂ ਕਿ ਸਰਦਾਰ ਹਰਜਿੰਦਰ ਸਿੰਘ ਧਾਮੀ ਦਾ ਜੀਵਨ ਨਿਤਨੇਮੀ ਗੁਰਸਿੱਖਾਂ ਵਾਲਾ ਹੈ। ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਜਥੇਬੰਦੀ ਵਲੋਂ ਇਹੀ ਦਿਲੀ ਇਛਾ ਹੈ ਕਿ ਉਹ ਇਸ ਮੁਸ਼ਕਿਲ ਸਮੇਂ ਵਿਚ ਸਿਖ ਪੰਥ ਦੀ ਸਿਰਮੌਰ ਧਾਰਮਿਕ ਸੰਸਥਾ ਦੀ ਅਗਵਾਈ ਕਰਨ ਤਾਂ ਜੋ ਇਨ੍ਹਾਂ ਮੁਸ਼ਕਿਲ ਹਾਲਾਤ ਨਾਲ ਨਜਿੱਠਿਆ ਜਾ ਸਕੇ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਰਨਲ ਸਕੱਤਰ ਜਗਦੀਪ ਸਿੰਘ ਕਾਹਲੋ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਸਵਾਗਤ ਕਰਦੇ ਹੋਏ ਇਸ ਨੂੰ ਦੇਰ ਨਾਲ ਸਹੀ ਪਰ ਅੰਦਰੂਨੀ ਆਵਾਜ਼ ਸੁਣ ਕੇ ਲਿਆ ਗਿਆ ਫ਼ੈਸਲਾ ਦੱਸਿਆ ਹੈ। ਕਾਲਕਾ ਤੇ ਕਾਹਲੋ ਨੇ ਕਿਹਾ ਕਿ ਹਾਲਾਂ ਕਿ ਧਾਮੀ ਨੂੰ 2 ਦਸੰਬਰ ਨੂੰ ਹੀ ਆਪਣਾ ਅਹੁਦਾ ਛੱਡਣਾ ਚਾਹੀਦਾ ਸੀ, ਜਦੋਂ ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਬਣਾਈ ਗਈ 7 ਮੈਂਬਰਾਂ ਦੀ ਟੀਮ ਦੇ ਗਠਨ ਸਮੇਤ ਹੋਰ ਫ਼ੈਸਲੇ ਨੂੰ ਪਾਸੇ ਕਰਕੇ ਸਿਰਫ਼ ਇਕ ਪਰਿਵਾਰ ਨੂੰ ਬਚਾਉਂਣ ਲਈ ਕੌਮ ਨੂੰ ਦਾਅ ’ਤੇ ਲਗਾ ਦਿੱਤਾ। ਉਸ ਤੋਂ ਬਾਅਦ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ’ਤੇ ਬੇਬੁਨਿਆਦ ਦੋਸ਼ ਇਕ ਐਸੇ ਵਿਅਕਤੀ ਵੱਲੋਂ ਲਗਾਏ ਗਏ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖਾਹੀਆ ਸੀ ਪਰ ਉਸ ਨੂੰ ਆਧਾਰ ਬਣਾ ਕੇ ਉਨ੍ਹਾਂ ਦੀ ਜਾਂਚ ਲਈ 3 ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ। ਉਸ ਸਮੇਂ ਵੀ ਧਾਮੀ ਨੂੰ ਇਸ ਦਾ ਵਿਰੋਧ ਕਰਦੇ ਹੋਏ ਆਪਣਾ ਪਦ ਛੱਡ ਦੇਣਾ ਚਾਹੀਦਾ ਸੀ ਪਰ ਚਲੋ ਦੇਰ ਨਾਲ ਸਹੀ, ਜਿਸ ਤਰ੍ਹਾਂ ਧਾਮੀ ਨੇ ਆਪਣੀ ਅੰਦਰੂਨੀ ਆਵਾਜ਼ ਸੁਣ ਕੇ ਫ਼ੈਸਲਾ ਲਿਆ ਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਉਸ ਨਾਲ ਉਹਨਾਂ ਦੀ ਇੱਜ਼ਤ ਵਿਚ ਵਾਧਾ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਸੁਰਜੀਤ ਸਿੰਘ ਰੱਖੜਾ, ਸੁੱਚਾ ਸਿੰਘ ਛੋਟੇਪੁਰ, ਪ੍ਰਮਿੰਦਰ ਸਿੰਘ ਢੀਂਡਸਾ ਅਤੇ ਚਰਨਜੀਤ ਸਿੰਘ ਬਰਾੜ ਨੇ ਆਪਣੇ ਸਾਂਝੇ ਬਿਆਨ ਵਿੱਚ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਆਗੂਆਂ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ, ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਅਸਤੀਫ਼ੇ ਨਾਲ ਪੰਥਕ ਸੰਕਟ ਹੋਰ ਡੂੰਘਾ ਹੋਵੇਗਾ।ਆਗੂਆਂ ਨੇ ਕਿਹਾ ਕਿ ਪੰਥਕ ਸੰਕਟ ਵਿਚਕਾਰ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਿਰੜ ਨਾਲ ਨਿਭਾਉਣ ਦੀ ਬਜਾਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਅਸਤੀਫ਼ਾ ਦੇਣਾ ਸੰਗਤ ਦੀਆਂ ਭਾਵਨਾਵਾਂ ਨਾਲ ਇਨਸਾਫ਼ ਨਹੀਂ ਹੋਵੇਗਾ।ਕਿਉਂਕਿ ਨੈਤਿਕਤਾ ਤਾਂ ਉਸ ਸਮੇਂ ਹੀ ਝਲਕਣੀ ਚਾਹੀਦੀ ਸੀ ਜਦ ਜਥੇਦਾਰ ਸ੍ਰੀ ਅਕਾਲ ਤਖ਼ਤ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਪ੍ਰਤੀ ਜਾਂਚ ਬੰਦ ਕਰਨ ਦੇ ਆਦੇਸ਼ ਦਿੱਤੇ ਸਨ। ਇਹਨਾਂ ਅਦੇਸਾਂ ਦੀ ਅਣਦੇਖੀ ਕਰਕੇ ਸਗੋਂ ਤਿੰਨ ਮੈਂਬਰੀ ਕਮੇਟੀ ਦੀ ਜਾਂਚ ਰਿਪੋਰਟ ਮਨਜ਼ੂਰ ਕਰ ਸਮੁੱਚੀ ਅੰਤ੍ਰਿੰਗ ਕਮੇਟੀ ਵੱਲੋਂ ਬੱਜਰ ਗਲਤੀ ਕੀਤੀ ਹੈ।ਆਗੂਆਂ ਨੇ ਹਰਜਿੰਦਰ ਸਿੰਘ ਧਾਮੀ ਸਾਹਿਬ ਨੂੰ ਪੁਰਜੋਰ ਅਪੀਲ ਕੀਤੀ ਕਿ, ਓਹ ਸੰਗਤ ਦੀਆਂ ਭਾਵਨਾਵਾਂ ਦੀ ਰਾਖੀ ਕਰਦੇ ਹੋਏ ਆਪਣਾ ਅਸਤੀਫਾ ਵਾਪਿਸ ਲੈਣ ਅਤੇ ਪਿਛਲੇ ਦਿਨਾਂ ਵਿੱਚ ਹੋਏ ਪੰਥ ਵਿਰੋਧੀ ਫੈਸਲਿਆਂ ਨੂੰ ਰੱਦ ਕਰਦੇ ਹੋਏ ਮਜ਼ਬੂਤ ਅਗਵਾਈ ਵਾਲੀ ਭੂਮਿਕਾ ਨਿਭਾਉਣ, ਜਿਸ ਲਈ ਸਮੁੱਚੀ ਕੌਮ ਉਮੀਦ ਕਰਦੀ ਹੈ।

Loading