ਧਾਰਮਿਕ ਮਾਮਲਿਆਂ ਵਿੱਚ ਦਖਲ ਅੰਦਾਜ਼ੀ ਕਰ ਰਹੀ ਹੈ ਸਰਕਾਰ : ਧਾਮੀ

In ਪੰਜਾਬ
December 13, 2025

ਅੰਮ੍ਰਿਤਸਰ/ਏ.ਟੀ.ਨਿਊਜ਼: ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਦਰਜ ਕੀਤੇ ਪੁਲਿਸ ਕੇਸ ਨੂੰ ਮੰਨਣ ਤੋਂ ਇੰਨਕਾਰ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਕਾਰ ਦੀ ਇਸ ਕਾਰਵਾਈ ਨੂੰ ਸ੍ਰੀ ਅਕਾਲ ਤਖ਼ਤ ਨੂੰ ਸਿੱਧੀ ਚੁਣੌਤੀ ਤੇ ਧਾਰਮਿਕ ਮਾਮਲਿਆਂ ਵਿੱਚ ਦਖਲ ਅੰਦਾਜ਼ੀ ਕਰਾਰ ਦਿੱਤਾ ਹੈ।
ਪਿਛਲੇ ਦਿਨੀਂ ਇੱਥੇ ਅੰਤਿ੍ਰੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਰਕਾਰ ਵੱਲੋਂ ਦਰਜ ਕੀਤੇ ਗਏ ਕੇਸ ਅਤੇ ਮਾਮਲੇ ਨੂੰ ਵਿਚਾਰਨ ਲਈ ਅੰਤਿ੍ਰੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਗਈ ਸੀ, ਜਿਸ ਵਿੱਚ ਇਸ ਮਾਮਲੇ ਨੂੰ ਵਿਚਾਰਿਆ ਗਿਆ ਹੈ। ਉਨ੍ਹਾਂ ਸਰਕਾਰ ਦੀ ਇਸ ਕਾਰਵਾਈ ਨੂੰ ਸਿਆਸੀ ਹਿੱਤਾਂ ਨਾਲ ਪ੍ਰੇਰਿਤ ਕਾਰਵਾਈ ਕਰਾਰ ਦਿੱਤਾ।
ਧਾਮੀ ਨੇ ਆਖਿਆ ਕਿ ਇਹ ਮਾਮਲਾ ਪਾਵਨ ਸਰੂਪਾਂ ਦੀ ਬੇਅਦਬੀ ਦਾ ਨਹੀਂ ਸਗੋਂ ਹੇਰਾ ਫੇਰੀ ਨਾਲ ਸੰਬੰਧਿਤ ਹੈ। ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਇੱਕ ਮੈਂਬਰੀ ਜਾਂਚ ਕਮੇਟੀ ਵੱਲੋਂ ਇਸ ਦੀ ਜਾਂਚ ਕੀਤੀ ਗਈ ਸੀ ਅਤੇ ਜਾਂਚ ਰਿਪੋਰਟ ਵਿੱਚ 16 ਵਿਅਕਤੀਆਂ ਨੂੰ ਜਿੰਮੇਵਾਰ ਠਹਿਰਾਇਆ ਗਿਆ ਸੀ। ਉਨਾਂ ਦੇ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੇ ਮੁਤਾਬਕ ਕਾਰਵਾਈ ਵੀ ਕੀਤੀ ਗਈ ਸੀ।
ਉਨ੍ਹਾਂ ਕਿਹਾ ਕਿ ਫੈਸਲਾ ਕੀਤਾ ਗਿਆ ਹੈ ਕਿ ਸਰਕਾਰ ਦੀ ਇਸ ਕਾਰਵਾਈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦਾ ਸਮੁੱਚਾ ਰਿਕਾਰਡ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ ਜਾਵੇਗਾ। ਇਸ ਮਾਮਲੇ ਚ ਅਗਲੇ ਦੀ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਹੀ ਹੋਵੇਗੀ।
ਐਡ. ਧਾਮੀ ਨੇ ਕਿਹਾ ਕਿ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਅਣਡਿੱਠ ਕਰਕੇ ਇਹ ਕਾਰਵਾਈ ਕੀਤੀ ਗਈ ਹੈ, ਜੋ ਕਿ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਹੈ। ਇਸ ਮਾਮਲੇ ਵਿੱਚ ਇੱਕ ਵੇਲੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਪੁਲਿਸ ਕੇਸ ਦਰਜ ਕਰਾਉਣ ਬਾਰੇ ਵਿਚਾਰ ਕੀਤਾ ਗਿਆ ਸੀ ਪਰ ਸਿੱਖ ਵਿਦਵਾਨਾਂ ਨੇ ਅਜਿਹੀ ਕਾਰਵਾਈ ਕਰਨ ਤੋਂ ਮਨਾ ਕੀਤਾ ਸੀ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੀ ਇਸ ਸਬੰਧੀ ਕੋਈ ਆਦੇਸ਼ ਨਹੀਂ ਦਿੱਤੇ ਗਏ ਸਨ।
ਦੱਸਣ ਯੋਗ ਹੈ ਕਿ ਇਸ ਮਾਮਲੇ ਵਿੱਚ ਸਿੱਖ ਜਥੇਬੰਦੀ ਸਿੱਖ ਸਦਭਾਵਨਾ ਦਲ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਹੈਰੀਟੇਜ ਸਟ੍ਰੀਟ ਵਿੱਚ ਧਰਨਾ ਲਾਇਆ ਹੋਇਆ ਹੈ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਇਸੇ ਤਹਿਤ ਹੀ ਬੀਤੇ ਦਿਨ ਮਹਾ ਪੰਚਾਇਤ ਕੀਤੀ ਗਈ ਸੀ, ਜਿਸ ਵਿੱਚ ਸਰਕਾਰ ਦੇ ਪ੍ਰਤਿਨਿਧ ਵਜੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਵੀ ਸ਼ਮੂਲੀਅਤ ਕੀਤੀ ਅਤੇ ਪ੍ਰਦਰਸ਼ਨਕਾਰੀਆਂ ਦੀ ਮੰਗ ਤੇ ਇਸ ਮਾਮਲੇ ਵਿੱਚ ਪੁਲੀਸ ਕੇਸ ਦਰਜ ਕਰਨ ਦੀ ਹਦਾਇਤ ਕੀਤੀ। ਜਿਸ ਤੋਂ ਬਾਅਦ ਪੁਲੀਸ ਨੇ 16 ਵਿਅਕਤੀਆਂ ਨੂੰ ਨਾਮਜਦ ਕੀਤਾ ਅਤੇ ਪੁਲਿਸ ਕੇਸ ਦਰਜ ਕੀਤਾ।

Loading