ਨਵੀਂ ਦਿੱਲੀ/ਏ.ਟੀ.ਨਿਊਜ਼ :
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਇਸ ਐਲਾਨ ਦਾ ਸਵਾਗਤ ਕੀਤਾ ਹੈ ਕਿ ਦੋਵੇਂ ਦੇਸ਼ ਵਪਾਰਕ ਅੜਿੱਕਿਆਂ ਨੂੰ ਦੂਰ ਕਰਨ ਲਈ ਗੱਲਬਾਤ ਜ਼ਰੀਏ ਅੱਗੇ ਵੱਧ ਰਹੇ ਹਨ। ਸ੍ਰੀ ਮੋਦੀ ਨੇ ਭਾਰਤ ਤੇ ਅਮਰੀਕਾ ਨੂੰ ‘ਨਜ਼ਦੀਕੀ ਦੋਸਤ ਅਤੇ ਕੁਦਰਤੀ ਭਾਈਵਾਲ’ ਦੱਸਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਵੇਂ ਮੁਲਕ ਵਪਾਰ ਵਾਰਤਾ ਨੂੰ ਛੇਤੀ ਤੋਂ ਛੇਤੀ ਪੂਰਾ ਕਰਨ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ, ‘‘ਮੈਨੂੰ ਰਾਸ਼ਟਰਪਤੀ ਟਰੰਪ ਨਾਲ ਗੱਲਬਾਤ ਦੀ ਬੇਸਬਰੀ ਨਾਲ ਉਡੀਕ ਹੈ। ਅਸੀਂ ਦੋਵਾਂ ਮੁਲਕਾਂ ਦੇ ਲੋਕਾਂ ਲਈ ਉੱਜਲ ਤੇ ਖ਼ੁਸ਼ਹਾਲ ਭਵਿੱਖ ਯਕੀਨੀ ਬਣਾਉਣ ਲਈ ਮਿਲ ਕੇ ਕੰਮ ਕਰਾਂਗੇ।’’ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਇਹ ਗੱਲਬਾਤ ‘ਭਾਰਤ-ਅਮਰੀਕਾ ਭਾਈਵਾਲੀ ਦੀਆਂ ਅਸੀਮ ਸੰਭਾਵਨਾਵਾਂ ਨੂੰ ਖੋਲ੍ਹਣ ਦਾ ਰਾਹ ਪੱਧਰਾ ਕਰੇਗੀ।’
ਇਸ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਭਾਰਤ ਅਤੇ ਅਮਰੀਕਾ ਵਿਚਕਾਰ ਵਪਾਰਕ ਗੱਲਬਾਤ ਦੇ ‘ਸਫਲ ਸਿੱਟਿਆਂ’ ਉੱਤੇ ਪਹੁੰਚਣ ਵਿੱਚ ‘ਕੋਈ ਮੁਸ਼ਕਿਲ’ ਨਹੀਂ ਆਏਗੀ ਅਤੇ ਉਹ ਜਲਦੀ ਹੀ ‘ਆਪਣੇ ਚੰਗੇ ਦੋਸਤ’ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨਗੇ।
ਅਮਰੀਕੀ ਰਾਸ਼ਟਰਪਤੀ ਨੇ ‘ਟਰੂਥ ਸੋਸ਼ਲ’ ਉੱਤੇ ਇੱਕ ਪੋਸਟ ਵਿੱਚ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਭਾਰਤ ਅਤੇ ਅਮਰੀਕਾ ਵਿਚਕਾਰ ਵਪਾਰ ਸਮਝੌਤੇ ਵਿੱਚ ਅੜਿੱਕਿਆਂ ਨੂੰ ਦੂਰ ਕਰਨ ਲਈ ਗੱਲਬਾਤ ਜਾਰੀ ਹੈ। ਉਨ੍ਹਾਂ ਕਿਹਾ, ‘‘ਮੈਂ ਆਉਣ ਵਾਲੇ ਹਫ਼ਤਿਆਂ ਵਿੱਚ ਆਪਣੇ ਸਭ ਤੋਂ ਚੰਗੇ ਦੋਸਤ, ਪ੍ਰਧਾਨ ਮੰਤਰੀ ਮੋਦੀ ਨਾਲ ਗੱਲ ਕਰਨ ਲਈ ਉਤਸੁਕ ਹਾਂ। ਮੈਨੂੰ ਵਿਸ਼ਵਾਸ ਹੈ ਕਿ ਸਾਡੇ ਦੋਵਾਂ ਮੁਲਕਾਂ ਵਿਚਕਾਰ ਗੱਲਬਾਤ ਸਹੀ ਢੰਗ ਨਾਲ ਪੂਰੀ ਹੋਵੇਗੀ ਤੇ ਕੋਈ ਮੁਸ਼ਕਲ ਨਹੀਂ ਆਏਗੀ।’’