ਨਵੇਂ ਜਥੇਦਾਰ ਦੀ ਸੇਵਾ ਸੰਭਾਲ ਉੱਤੇ ਵਿਵਾਦ

In ਪੰਜਾਬ
March 12, 2025
ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਿਸ ਤਰੀਕੇ ਨਾਲ ਸੇਵਾ ਸੰਭਾਲੀ ਉਸ ਉੱਤੇ ਵੀ ਵਿਵਾਦ ਹੋ ਗਿਆ ਹੈ। ਜਿੱਥੇ ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਜਥੇਦਾਰ ਦੀ ਨਿਯੁਕਤੀ ਦਾ ਸਵਾਗਤ ਕੀਤਾ ਹੈ, ਉੱਥੇ ਹੀ ਕੁਝ ਅਕਾਲੀ ਆਗੂ ਅਤੇ ਪੰਥਕ ਵਿਦਵਾਨ ਇਸ ਉੱਤੇ ਸਵਾਲ ਚੁੱਕੇ ਰਹੇ ਹਨ। ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਵਲੋਂ ਜਥੇਦਾਰ ਭਾਈ ਕੁਲਦੀਪ ਸਿੰਘ ਗੜਗੱਜ ਦੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਤਾਜਪੋਸ਼ੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਸੀ, ਉੱਥੇ ਹੁਣ ਦਲ ਖ਼ਾਲਸਾ ਨੇ ਤਖਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਦੇ ਨਵ-ਨਿਯੁਕਤ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਦੀ ਤਾਜਪੋਸ਼ੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ । ਦਲ ਖ਼ਾਲਸਾ ਦੇ ਸੀਨੀਅਰ ਉੱਪ-ਪ੍ਰਧਾਨ ਬਾਬਾ ਹਰਦੀਪ ਸਿੰਘ ਮਹਿਰਾਜ, ਕੇਂਦਰੀ ਕਮੇਟੀ ਮੈਂਬਰ ਗੁਰਵਿੰਦਰ ਸਿੰਘ ਬਠਿੰਡਾ ਆਦਿ ਨੇ ਕਿਹਾ ਕਿ ਇਸੇ ਰੋਸ ਵਜੋਂ ਦਲ ਖ਼ਾਲਸਾ ਸਿੱਖ ਜਥੇਬੰਦੀਆਂ ਨੂੰ ਨਾਲ ਲੈ ਕੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਦੀ ਤਾਜਪੋਸ਼ੀ ਦਾ ਵਿਰੋਧ ਕਰੇਗਾ ਅਤੇ ਉਨ੍ਹਾਂ ਨੂੰ ਤਖਤ ਸਾਹਿਬ ਦੀ ਸੇਵਾ ਸੰਭਾਲਣ ਨਹੀਂ ਦਿੱਤੀ ਜਾਵੇਗੀ | ਇਸ ਸਬੰਧੀ ਉਹ ਛੇਤੀ ਨੁਮਾਇੰਦਾ ਸਿੱਖ ਜਥੇਬੰਦੀਆਂ ਦਾ ਤਖਤ ਦਮਦਮਾ ਸਾਹਿਬ ਵਿਖੇ ਇਕੱਠ ਸੱਦ ਰਹੇ ਹਨ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ "ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅਹੁਦੇ ਦਾ ਚਾਰਜ ਲਏ ਜਾਣ ਮੌਕੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਨਾ ਹੋਣ ਅਤੇ ਸਿੱਖ ਸੰਗਤ ਦੀ ਹਾਜ਼ਰੀ ਤੋਂ ਬਿਨਾਂ ਕੀਤੇ ਗਏ ਸੇਵਾ ਸੰਭਾਲ ਸਮਾਗ਼ਮ ਨੂੰ ਮਰਿਆਦਾ ਦੀ ਘੋਰ ਉਲੰਘਣਾ ਕਰਾਰ ਦਿੱਤਾ ਹੈ।ਉਨ੍ਹਾਂ ਨੇ ਕਿਹਾ ਕਿ "ਨਵ-ਨਿਯੁਕਤ ਜਥੇਦਾਰ ਦੀ ਸੇਵਾ ਸੰਭਾਲ ਦੇ ਸਮਾਗ਼ਮ ਦੌਰਾਨ ਨਾ ਤਾਂ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ ਸੀ ਅਤੇ ਨਾ ਹੀ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ, ਨਾ ਹੀ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਅਤੇ ਨਾ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਨਾ ਹੀ ਸਿੱਖ ਸੰਗਤਾਂ, ਜਥੇਬੰਦੀਆਂ, ਸੰਪਰਦਾਵਾਂ ਹਾਜ਼ਰ ਸਨ।" ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਦਸਤਾਰਬੰਦੀ ਦੌਰਾਨ ਮਰਿਆਦਾ ਦਾ ਵੱਡਾ ਘਾਣ ਕੀਤਾ ਗਿਆ ਹੈ, ਜਿਸ ਸੰਬੰਧੀ ਉਨ੍ਹਾਂ ਕੋਲ ਦੇਸ਼ ਵਿਦੇਸ਼ ਤੋਂ ਸੰਗਤਾਂ ਨੇ ਵੀ ਇਤਰਾਜ਼ ਉਠਾਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਜਥੇਦਾਰਾਂ ਦੀ ਨਿਯੁਕਤੀ ਕਰਦੀ ਹੈ ਅਤੇ ਜਥੇਦਾਰ ਦੀ ਸੇਵਾ ਸੰਭਾਲਣ ਸੰਬੰਧੀ ਵਿਸ਼ੇਸ਼ ਤੌਰ ’ਤੇ ਗੁਰਮਤਿ ਸਮਾਗਮ ਸਜਾਇਆ ਜਾਂਦਾ ਹੈ ਤੇ ਇਸ ਵਿਚ ਸ਼ਾਮਲ ਹੋਣ ਲਈ ਸਮੂਹ ਸਿੱਖ ਜਥੇਬੰਦੀਆਂ ਸੰਪਰਦਾਵਾਂ , ਨਿਹੰਗ ਸਿੰਘ ਜਥੇਬੰਦੀਆਂ, ਉਦਾਸੀਆਂ ਨਿਰਮਲਿਆਂ ਸੰਤਾਂ ਮਹਾਂਪੁਰਖਾਂ ਨੂੰ ਸੱਦਾ ਦਿੱਤਾ ਜਾਂਦਾ ਹੈ। ਇਸ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਦਾ ਮੁੱਖ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਦੀ ਨਿਯੁਕਤੀ ਦਾ ਐਲਾਨ ਕਰਦਾ ਹੈ ਤੇ ਸੰਗਤ ਜੈਕਾਰੇ ਬੁਲਾ ਕੇ ਉਸ ਨੂੰ ਪ੍ਰਵਾਨਗੀ ਦਿੰਦੀ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਰਵਾਇਤ ਅਨੁਸਾਰ ਮੁੱਖ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਦਾ ਮੁੱਖ ਗ੍ਰੰਥੀ ਜਥੇਦਾਰ ਨੂੰ ਪਹਿਲੀ ਦਸਤਾਰ ਦਿੰਦਾ ਹੈ ਤੇ ਇਸੇ ਤਰ੍ਹਾਂ ਫਿਰ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਉਨ੍ਹਾਂ ਨੂੰ ਦਸਤਾਰਾਂ ਭੇਟ ਕੀਤੀਆਂ ਜਾਂਦੀਆਂ ਹਨ ਦੂਜੇ ਪਾਸੇ ਰਘੂਜੀਤ ਸਿੰਘ ਵਿਰਕ ਨੇ ਕਿਹਾ ਕਿ ਗਿਆਨੀ ਕੁਲਦੀਪ ਸਿੰਘ ਦੇ ਸੇਵਾ ਸੰਭਾਲਣ ਮੌਕੇ ਪੰਜ ਪਿਆਰੇ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਦਸਤਾਰਾਂ ਦਿੱਤੀਆਂ ਗਈਆਂ ਹਨ। ਇਸ ਦੀ ਪੁਸ਼ਟੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਕੀਤੀ ਗਈ ਉਹਨਾਂ ਕਿਹਾ ਕਿ ਮੈਂ ਖੁਦ ਉਸ ਸਮੇਂ ਹਾਜ਼ਰ ਸੀ ।ਸ੍ਰੀ ਅਖੰਡ ਪਾਠ ਸਾਹਿਬ ਹੋ ਰਹੇ ਸਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ ਵਿੱਚ ਹੀ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦਸਤਾਰਬੰਦੀ ਕੀਤੀ ਗਈ।ਮਰਿਆਦਾ ਦੀ ਕੋਈ ਉਲੰਘਣਾ ਨਹੀਂ ਹੋਈ। ਉਧਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਸਰਨਾ ਨੇ ਸ਼੍ਰੋਮਣੀ ਕਮੇਟੀ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਸਰਨਾ ਨੇ ਆਖਿਆ, "ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਵਿੱਚ ਬਣੇ ਹੋਏ ਹਾਲਾਤ ਦੇ ਮੱਦੇਨਜ਼ਰ ਜੋ ਫ਼ੈਸਲਾ ਸਿੰਘ ਸਾਹਿਬਾਨ ਦੀ ਨਿਯੁਕਤੀ ਦਾ ਲਿਆ ਹੈ ਅਤੇ ਟਕਰਾਅ ਤੋਂ ਬਚਣ ਲਈ ਸਿੰਘ ਸਾਹਿਬ ਨੇ ਅੰਮ੍ਰਿਤ ਵੇਲੇ ਨੂੰ ਚੁਣਦੇ ਹੋਏ ਕੌਮ ਨੂੰ ਇੱਕਮੁੱਠ ਹੋਣ ਦਾ ਸੰਦੇਸ਼ ਦਿੱਤਾ ਹੈ, ਉਸ ਨਾਲ ਇਹ ਸਾਬਤ ਹੋਇਆ ਹੈ ਕਿ ਕਮੇਟੀ ਦਾ ਇਹ ਫ਼ੈਸਲਾ ਦੂਰ ਅੰਦੇਸ਼ੀ ਵਾਲਾ ਹੈ।"

Loading