
ਸ੍ਰੀਨਗਰ:
ਜੰਮੂ ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ’ਚ ਨੈਸ਼ਨਲ ਕਾਨਫਰੰਸ ਅਤੇ ਕਾਂਗਰਸ ਵਿਚਕਾਰ ਸੀਟਾਂ ਦੀ ਵੰਡ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਨੈਸ਼ਨਲ ਕਾਨਫਰੰਸ 51 ਅਤੇ ਕਾਂਗਰਸ 32 ਸੀਟਾਂ ’ਤੇ ਚੋਣ ਲੜੇਗੀ। ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਦੀ ਰਿਹਾਇਸ਼ ’ਤੇ ਅੱਜ ਕਾਂਗਰਸ ਆਗੂਆਂ ਨਾਲ ਪੂਰਾ ਦਿਨ ਚੱਲੀ ਮੀਟਿੰਗ ਮਗਰੋਂ ਸਾਂਝੀ ਪ੍ਰੈੱਸ ਕਾਨਫਰੰਸ ’ਚ ਐਲਾਨ ਕੀਤਾ ਗਿਆ ਕਿ ਇਕ-ਇਕ ਸੀਟ ਸੀਪੀਐੱਮ ਅਤੇ ਜੰਮੂ ਕਸ਼ਮੀਰ ਨੈਸ਼ਨਲ ਪੈਂਥਰਜ਼ ਪਾਰਟੀ ਨੂੰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ ਪੰਜ ਸੀਟਾਂ ’ਤੇ ‘ਦੋਸਤਾਨਾ ਮੁਕਾਬਲਾ’ ਹੋਵੇਗਾ।
ਆਗੂਆਂ ਨੇ ਕਿਹਾ ਕਿ ਹਰੇਕ ਪਾਰਟੀ ਵੱਲੋਂ ਚੋਣ ਲੜਨ ਵਾਲੀਆਂ ਸੀਟਾਂ ਦੀ ਸੂਚੀ ਅਤੇ ਉਮੀਦਵਾਰਾਂ ਦੇ ਨਾਮ ਬਾਅਦ ’ਚ ਜਾਰੀ ਕੀਤੇ ਜਾਣਗੇ। ਫਾਰੂਕ ਅਬਦੁੱਲਾ ਨੇ ਕਿਹਾ ਕਿ ਗੱਠਜੋੜ ਉਨ੍ਹਾਂ ਤਾਕਤਾਂ ਦਾ ਮੁਕਾਬਲਾ ਕਰਨ ਲਈ ਤਿਆਰ ਹੈ, ਜੋ ਨਾ ਸਿਰਫ਼ ਸੂਬੇ ਸਗੋਂ ਦੇਸ਼ ਦੇ ਲੋਕਾਂ ਨੂੰ ਵੰਡਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗੱਠਜੋੜ ਬਾਰੇ ਗੱਲਬਾਤ ਸੁਖਾਵੇਂ ਮਾਹੌਲ ’ਚ ਹੋਈ ਅਤੇ ‘ਇੰਡੀਆ’ ਗੱਠਜੋੜ ਦਾ ਮਕਸਦ ਫਿਰਕੂ ਵੰਡੀਆਂ ਪਾਉਣ ਵਾਲਿਆਂ ਖ਼ਿਲਾਫ਼ ਲੜਨਾ ਹੈ। ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਕਿਹਾ ਕਿ ਦੋਵੇਂ ਪਾਰਟੀਆਂ ਦਾ ਉਦੇਸ਼ ਜੰਮੂ ਕਸ਼ਮੀਰ ਅਤੇ ਦੇਸ਼ ਦੀ ਆਤਮਾ ਬਚਾਉਣਾ ਹੈ। ਕਾਂਗਰਸ ਨਾਲ ਸੀਟਾਂ ਦੀ ਵੰਡ ਸਬੰਧੀ ਸਮਝੌਤਾ ਹੋਣ ਤੋਂ ਬਾਅਦ ਅੱਜ ਨੈਸ਼ਨਲ ਕਾਨਫਰੰਸ ਨੇ ਵਿਧਾਨ ਸਭਾ ਚੋਣਾਂ ਲਈ ਆਪਣੇ 18 ਉਮੀਦਵਾਰਾਂ ਦੇ ਨਾਵਾਂ ਵਾਲੀ ਸੂਚੀ ਜਾਰੀ ਕਰ ਦਿੱਤੀ। ਇਹ ਜਾਣਕਾਰੀ ਪਾਰਟੀ ਨੇ ‘ਐਕਸ’ ਉੱਤੇ ਪਾਈ ਇਕ ਪੋਸਟ ਰਾਹੀਂ ਦਿੱਤੀ।