ਚੰਡੀਗੜ੍ਹ/ਏ.ਟੀ.ਨਿਊਜ਼:
ਪੰਜਾਬ ਪੁਲਿਸ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਬੈਠੇ ਕਿਸਾਨਾਂ ਖ਼ਿਲਾਫ਼ ਜਬਰੀ ਕਾਰਵਾਈ ਨਾਲ ਪੰਜਾਬ ਦਾ ਸਿਆਸੀ ਮਾਹੌਲ ਭਖ਼ ਗਿਆ ਹੈ। ਭਾਜਪਾ ਆਗੂ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ‘ਆਪ’ ਸਰਕਾਰ ਵਿੱਚ ਘਬਰਾਹਟ ਸੀ ਕਿਉਂਕਿ ਕੇਂਦਰ ਸਰਕਾਰ ਅਤੇ ਕਿਸਾਨਾਂ ਦਰਮਿਆਨ ਗੱਲਬਾਤ ਸਿਰੇ ਲੱਗਣ ਵਾਲੇ ਪਾਸੇ ਚੱਲ ਰਹੀ ਸੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਕਿਸਾਨਾਂ ਨੂੰ ਬੇਗ਼ਾਨਗੀ ਦਾ ਅਹਿਸਾਸ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪਿਛਲੇ ਤਿੰਨ ਦਿਨ ਪੰਜਾਬ ਵਿੱਚ ਬੈਠ ਕੇ ਸਾਜ਼ਿਸ਼ ਘੜੀ ਅਤੇ ਇਹ ਪੇਂਡੂ ਅਤੇ ਸ਼ਹਿਰੀ ਲੋਕਾਂ ਨੂੰ ਆਪਸ ਵਿੱਚ ਵੰਡਣ ਦੀ ਚਾਲ ਹੈ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਪਿੱਠ ’ਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਆਗੂਆਂ ਅਤੇ ਕੇਂਦਰੀ ਵਜ਼ੀਰਾਂ ਵਿਚਕਾਰ ਗੱਲਬਾਤ ਅਗਾਂਹ ਵਧ ਰਹੀ ਸੀ ਤਾਂ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਪਿੱਛੇ ਕੋਈ ਦਲੀਲ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ‘ਆਪ’ ਸਰਕਾਰ ਨੇ ਕਿਸਾਨਾਂ ਨਾਲ ਇਹ ਵੱਡਾ ਧੋਖਾ ਕੀਤਾ ਹੈ। ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਸਰਕਾਰ ਵੱਲੋਂ ਕਿਸਾਨ ਆਗੂਆਂ ਵਿਰੁੱਧ ਕੀਤੀ ਕਾਰਵਾਈ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਇਹ ਪਹਿਲੀ ਵਾਰ ਹੋਵੇਗਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਗੱਲਬਾਤ ਲਈ ਬੁਲਾ ਕੇ ਗ੍ਰਿਫ਼ਤਾਰ ਕੀਤਾ ਗਿਆ ਹੋਵੇ। ਉਨ੍ਹਾਂ ਕਿਹਾ ਕਿ ਅਜਿਹੀ ਕਾਰਵਾਈ ਲਈ ਲੋਕ ਵੀ ਸਰਕਾਰ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਸ੍ਰੀ ਬਾਜਵਾ ਨੇ ਕਿਹਾ ਕਿ ‘ਆਪ’ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਇਸ ਐਕਸ਼ਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨੀ ਮੰਗਾਂ ਦਾ ਹੱਲ ਤਾਂ ਕੀ ਕੱਢਣਾ ਸੀ ਸਗੋਂ ਕਿਸਾਨਾਂ ਨਾਲ ਸ਼ਰੇਆਮ ਧੱਕਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅੰਨਦਾਤੇ ਨਾਲ ਅਜਿਹਾ ਸਲੂਕ ਬਰਦਾਸ਼ਤਯੋਗ ਨਹੀਂ ਹੈ।