ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਮਲੇ ਦੀ ਸਖ਼ਤ ਨਿੰਦਾ ਕੀਤੀ

In ਮੁੱਖ ਖ਼ਬਰਾਂ
April 23, 2025
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਅਤੇ ਸਾਊਦੀ ਅਰਬ ਤੋਂ ਵਾਪਸ ਆਉਣ ਤੋਂ ਬਾਅਦ ਦਿੱਲੀ ਵਿੱਚ ਇੱਕ ਐਮਰਜੈਂਸੀ ਮੀਟਿੰਗ ਬੁਲਾਈ। ਉਨ੍ਹਾਂ ਕਿਹਾ, "ਇਸ ਘਿਨਾਉਣੇ ਕੰਮ ਕਰਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮੇਰੀ ਉਨ੍ਹਾਂ ਲੋਕਾਂ ਪ੍ਰਤੀ ਦਿਲੋਂ ਹਮਦਰਦੀ ਹੈ ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ ।ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ । ਪੀੜਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ । ਗ੍ਰਹਿ ਮੰਤਰੀ ਅਮਿਤ ਸ਼ਾਹ ਸ੍ਰੀਨਗਰ ਪਹੁੰਚੇ ਅਤੇ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ। ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਅਤੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਵੀ ਹਮਲੇ ਦੀ ਨਿੰਦਾ ਕੀਤੀ, ਅਬਦੁੱਲਾ ਨੇ ਇਸਨੂੰ "ਹਾਲ ਹੀ ਦੇ ਸਾਲਾਂ ਵਿੱਚ ਨਾਗਰਿਕਾਂ 'ਤੇ ਸਭ ਤੋਂ ਵੱਡਾ ਹਮਲਾ" ਕਿਹਾ। ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਪਹਿਲਗਾਮ ਵਿਚ ਮਾਸੂਮ ਸੈਲਾਨੀਆਂ 'ਤੇ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਮਨੁੱਖਤਾ 'ਤੇ ਇਕ ਧੱਬਾ ਹੈ । ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਦੀ ਰਾਸ਼ਟਰੀ ਸੁਰੱਖਿਆ ਸਭ ਤੋਂ ਉੱਪਰ ਹੈ ਅਤੇ ਉਨ੍ਹਾਂ ਨੇ ਇਸ ਮੌਕੇ ਕੇਂਦਰ ਸਰਕਾਰ ਨੂੰ ਸੁਧਾਰਾਤਮਕ ਕਦਮ ਚੁੱਕਣ ਦੀ ਅਪੀਲ ਕੀਤੀ । ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ, ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ, ਫਰਾਂਸ, ਯੂਕਰੇਨ, ਜਾਪਾਨ ਅਤੇ ਹੋਰ ਦੇਸ਼ਾਂ ਨੇ ਹਮਲੇ ਦੀ ਨਿੰਦਾ ਕੀਤੀ ਅਤੇ ਭਾਰਤ ਨਾਲ ਹਮਦਰਦੀ ਪ੍ਰਗਟ ਕੀਤੀ। ਅਮਰੀਕੀ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਨੇ ਕਿਹਾ, "ਅਸੀਂ ਇਸ ਭਿਆਨਕ ਹਮਲੇ ਤੋਂ ਦੁਖੀ ਹਾਂ। ਅਸੀਂ ਭਾਰਤ ਦੇ ਲੋਕਾਂ ਨਾਲ ਖੜ੍ਹੇ ਹਾਂ।" ਘਾਤਕ ਹਮਲਾ ਤੇ ਲੋਕਾਂ ਵਿਚ ਦਹਿਸ਼ਤ 2019 ਤੋਂ ਜੰਮੂ-ਕਸ਼ਮੀਰ ਵਿੱਚ ਸੈਰ-ਸਪਾਟਾ ਬਹੁਤ ਵਧਿਆ ਹੈ, ਜਿਸਨੂੰ ਆਮ ਸਥਿਤੀ ਅਤੇ ਆਰਥਿਕ ਖੁਸ਼ਹਾਲੀ ਦਾ ਪ੍ਰਤੀਕ ਮੰਨਿਆ ਜਾ ਰਿਹਾ ਸੀ। ਪਰ ਇਸ ਹਮਲੇ ਨੇ ਸੁਰੱਖਿਆ ਪ੍ਰਣਾਲੀ 'ਤੇ ਸਵਾਲ ਖੜ੍ਹੇ ਕੀਤੇ ਹਨ। ਸੈਲਾਨੀਆਂ ਵਿੱਚ ਡਰ ਫੈਲ ਗਿਆ ਹੈ, ਅਤੇ ਬਹੁਤ ਸਾਰੇ ਲੋਕਾਂ ਨੇ ਆਪਣੀਆਂ ਯਾਤਰਾਵਾਂ ਰੱਦ ਕਰ ਦਿੱਤੀਆਂ ਹਨ। ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੇ ਜਿਹਾਦੀਆਂ ਦੀ ਭਾਲ ਵਿੱਚ ਇੱਕ ਵਿਸ਼ਾਲ ਮੁਹਿੰਮ ਸ਼ੁਰੂ ਕੀਤੀ ਹੈ। ਦਿੱਲੀ ਸਮੇਤ ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਹ ਹਮਲਾ ਨਾ ਸਿਰਫ਼ ਇੱਕ ਮਨੁੱਖੀ ਦੁਖਾਂਤ ਹੈ, ਸਗੋਂ ਖੇਤਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਭਾਰਤ ਲਈ ਇੱਕ ਵੱਡੀ ਚੁਣੌਤੀ ਵੀ ਹੈ। ਸਰਕਾਰ ਨੇ ਵਾਅਦਾ ਕੀਤਾ ਹੈ ਕਿ ਜਿਹਾਦੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ, ਪਰ ਇਸ ਘਟਨਾ ਨੇ ਇੱਕ ਵਾਰ ਫਿਰ ਕਸ਼ਮੀਰ ਵਿੱਚ ਸ਼ਾਂਤੀ ਅਤੇ ਸਥਿਰਤਾ ਦੀ ਨਾਜ਼ੁਕ ਸਥਿਤੀ ਨੂੰ ਉਜਾਗਰ ਕਰ ਦਿੱਤਾ ਹੈ।ਇਹ ਘਟਨਾ ਉਦੋਂ ਵਾਪਰੀ ਹੈ ਜਦੋਂ ਕਸ਼ਮੀਰ ਸਾਲਾਂ ਤੋਂ ਅੱਤਵਾਦ ਦੀ ਮਾਰ ਝੱਲਣ ਤੋਂ ਬਾਅਦ ਸੈਲਾਨੀਆਂ ਦੀ ਆਮਦ ਵਿਚ ਵਾਧਾ ਦੇਖ ਰਿਹਾ ਹੈ | ਇਸ ਤੋਂ ਇਲਾਵਾ 38 ਦਿਨਾਂ ਦੀ ਅਮਰਨਾਥ ਯਾਤਰਾ ਵੀ 3 ਜੁਲਾਈ ਨੂੰ ਸ਼ੁਰੂ ਹੋਣ ਵਾਲੀ ਹੈ | ਦੇਸ਼ ਭਰ ਤੋਂ ਲੱਖਾਂ ਸ਼ਰਧਾਲੂ ਦੋ ਰੂਟਾਂ-ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿਚ ਰਵਾਇਤੀ 48 ਕਿਲੋਮੀਟਰ ਪਹਿਲਗਾਮ ਰਸਤਾ ਅਤੇ ਗੰਦਰਬਲ ਜ਼ਿਲ੍ਹੇ ਵਿਚ ਛੋਟਾ 14 ਕਿਲੋਮੀਟਰ ਦਾ ਪਰ ਖੜ੍ਹਵਾਂ ਬਾਲਟਾਲ ਰਸਤੇ ਰਾਹੀਂ ਗੁਫਾ ਤੀਰਥ ਸਥਾਨ ਦੀ ਯਾਤਰਾ ਕਰਦੇ ਹਨ |

Loading