ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਿਛਲੇ ਦਿਨੀਂ ਪੰਜਾਬ ਪੁਲਿਸ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਦੋ ਵਿਅਕਤੀਆਂ ਨੂੰ ਚੁੱਕੇ ਜਾਣ ਦੀ ਕਾਰਵਾਈ ’ਤੇ ਪ੍ਰਤੀਕਰਮ ਦਿੰਦਿਆਂ ਇਸ ਨੂੰ ਪੁਲਿਸ ਦੀ ਆਪਮੁਹਾਰੀ ਕਾਰਵਾਈ ਅਤੇ ਪ੍ਰਬੰਧਾਂ ’ਚ ਦਖ਼ਲ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਰੋਜ਼ਾਨਾ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਆਉਂਦੀਆਂ ਹਨ। ਪ੍ਰਬੰਧਕਾਂ ਨੂੰ ਬਿਨਾਂ ਕਿਸੇ ਜਾਣਕਾਰੀ ਦਿੱਤੇ ਪੁਲਿਸ ਵੱਲੋਂ ਕਿਸੇ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਕਾਰਵਾਈ ਅਣਉਚਿੱਤ ਅਤੇ ਸੰਗਤਾਂ ਦੀਆਂ ਭਾਵਨਾਵਾਂ ਦੇ ਵਿਰੁੱਧ ਹੈ।
ਸਕੱਤਰ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਿੱਖ ਸੰਗਤਾਂ ਦੀ ਆਸਥਾ ਦਾ ਕੇਂਦਰ ਹੈ, ਜਿੱਥੇ ਪੁਲੀਸ ਨੂੰ ਅਜਿਹੀ ਹਰਕਤ ਕਰਨ ਦੀ ਖੁੱਲ੍ਹ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਪੁਲਿਸ ਕਾਰਵਾਈ ਦੀ ਸ਼੍ਰੋਮਣੀ ਕਮੇਟੀ ਜਾਂ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੂੰ ਕੋਈ ਸੂਚਨਾ ਨਹੀਂ ਦਿੱਤੀ ਗਈ। ਜੇ ਕਿਸੇ ਵਿਅਕਤੀ ਨੂੰ ਕਿਸੇ ਦੋਸ਼ ਤਹਿਤ ਹਿਰਾਸਤ ਵਿੱਚ ਲੈਣ ਦੀ ਲੋੜ ਸੀ ਤਾਂ ਸ਼੍ਰੋਮਣੀ ਕਮੇਟੀ ਨਾਲ ਸੰਪਰਕ ਕਰਨਾ ਚਾਹੀਦਾ ਸੀ। ਉਨ੍ਹਾਂ ਆਖਿਆ ਕਿ ਪੁਲਿਸ ਦੀ ਹਰਕਤ ਸਬੰਧੀ ਪ੍ਰਬੰਧਕੀ ਤੌਰ ’ਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ, ਜਿਸ ਦੀ ਰਿਪੋਰਟ ਕਾਰਜਕਾਰਨੀ ਕਮੇਟੀ ਨੂੰ ਸੌਂਪੀ ਜਾਵੇਗੀ।
ਦੱਸਣਯੋਗ ਹੈ ਕਿ ਪਿਛਲੇ ਦਿਨੀਂ ਤਰਨ ਤਾਰਨ ਪੁਲਿਸ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਪਰਿਕਰਮਾ ਵਿੱਚੋਂ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਸੀ। ਪੁਲਿਸ ਵੱਲੋਂ ਬਿਨਾਂ ਕੋਈ ਸੂਚਨਾ ਦਿੱਤੇ ਆਪ ਮੁਹਾਰੇ ਕੀਤੀ ਇਸ ਕਾਰਵਾਈ ਦਾ ਸ਼੍ਰੋਮਣੀ ਕਮੇਟੀ ਨੇ ਵਿਰੋਧ ਕੀਤਾ ਅਤੇ ਇਸ ਨੂੰ ਗੁਰੂ ਘਰ ਦੀ ਮਰਿਆਦਾ ਦੀ ਉਲੰਘਣਾ ਵੀ ਆਖਿਆ।
ਜਦੋਂ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ ਤਾਂ ਪਰਿਕਰਮਾ ਵਿੱਚ ਹਾਜ਼ਰ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤੇ ਕਰਮਚਾਰੀਆਂ ਨੇ ਰੋਸ ਵਜੋਂ ਪੁਲਿਸ ਦੇ ਦੋ ਕਰਮਚਾਰੀਆਂ ਨੂੰ ਰੋਕ ਲਿਆ ਅਤੇ ਪਰਿਕਰਮਾ ਦੇ ਇੱਕ ਕਮਰੇ ਵਿੱਚ ਲੈ ਗਏ ਜਿੱਥੇ ਉਨ੍ਹਾਂ ਨੂੰ ਬੰਦ ਕਰ ਦਿੱਤਾ। ਜਦੋਂ ਇਸ ਮਾਮਲੇ ਵਿੱਚ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਦਖਲ ਅੰਦਾਜ਼ੀ ਕੀਤੀ ਤਾਂ ਕਮਰੇ ਵਿੱਚ ਰੋਕੇ ਗਏ ਪੁਲਿਸ ਦੇ ਦੋ ਕਰਮਚਾਰੀਆਂ ਨੂੰ ਬਾਹਰ ਭੇਜ ਦਿੱਤਾ ਗਿਆ। ਜਿਸ ਤੋਂ ਬਾਅਦ ਇਹ ਮਾਮਲਾ ਸ਼ਾਂਤ ਹੋਇਆ। ਪਹਿਲਾਂ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਪੁਲੀਸ ਨੇ ਵੀ ਇਸ ਮਾਮਲੇ ਵਿੱਚ ਚੁੱਪੀ ਧਾਰ ਰੱਖੀ ਸੀ।
ਬਾਅਦ ਵਿੱਚ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਚੁੱਪ ਤੋੜਦਿਆਂ ਇਸ ਕਾਰਵਾਈ ਨੂੰ ਗੁਰੂ ਘਰ ਦੇ ਪ੍ਰਬੰਧਾਂ ਵਿੱਚ ਦਖਲ ਅੰਦਾਜ਼ੀ ਕਰਾਰ ਦਿੱਤਾ ਅਤੇ ਇਸ ਦੀ ਸਖਤ ਨਿੰਦਾ ਕੀਤੀ ਹੈ।
![]()
