ਚੰਡੀਗੜ੍ਹ/ਏ.ਟੀ.ਨਿਊਜ਼: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਬੀਤੇ ਦਿਨ ਇੱਕ ਅਜਿਹੀ ਘਟਨਾ ਵਾਪਰੀ ਜਿਸ ਨੇ ਨਾ ਸਿਰਫ਼ ਵਿਦਿਆਰਥੀਆਂ ਦੇ ਅਧਿਕਾਰਾਂ ਨੂੰ ਕੁਚਲਿਆ ਗਿਆ, ਬਲਕਿ ਸਿੱਖ ਭਾਵਨਾਵਾਂ ਨੂੰ ਵੀ ਠੇਸ ਪਹੁੰਚਾਈ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਅਤੇ ਪੰਜ ਪਿਆਰਿਆਂ ਨੂੰ ਲੈ ਕੇ ਆਯੋਜਿਤ ਸੈਮੀਨਾਰ ਵਿੱਚ ਆਰ ਐੱਸ ਐੱਸ ਅਤੇ ਭਾਜਪਾ ਨਾਲ ਜੁੜੇ ਬੁਲਾਰਿਆਂ ਨੂੰ ਸੱਦੇ ਜਾਣ ਨੂੰ ਲੈ ਕੇ ਵਿਦਿਆਰਥੀ ਜਥੇਬੰਦੀਆਂ ਨੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕੀਤਾ ਪਰ ਚੰਡੀਗੜ੍ਹ ਪੁਲਿਸ ਨੇ ਇਸ ਨੂੰ ਬੇਰਹਿਮੀ ਨਾਲ ਕੁਚਲਦਿਆਂ ਲਾਠੀਚਾਰਜ ਕੀਤਾ, ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲਿਆ ਅਤੇ ਖਿੱਚ-ਧੂਹ ਵਿੱਚ ਕਈਆਂ ਦੀਆਂ ਪੱਗਾਂ ਤੱਕ ਲੱਥ ਗਈਆਂ। ਵਿਦਿਆਰਥੀ ਲੀਡਰਾਂ ਨੇ ਇਸ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੁਲਿਸ ਦੀ ਧੱਕੇਸ਼ਾਹੀ ਕਰਾਰ ਦਿੱਤਾ ਹੈ, ਜਦਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ।
ਘਟਨਾ ਦੀ ਸ਼ੁਰੂਆਤ ਤੋਂ ਲੈ ਕੇ ਵਿਸਥਾਰ ਵਿੱਚ ਜਾਣੀਏ ਤਾਂ ਪਿਛਲੇ ਦਿਨੀਂ ਯੂਨੀਵਰਸਿਟੀ ਦੇ ਲਾਅ ਆਡੀਟੋਰੀਅਮ ਵਿੱਚ ‘ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਅਤੇ ਪੰਜ ਪਿਆਰੇ’ ਵਿਸ਼ੇ ’ਤੇ ਇੱਕ ਸੈਮੀਨਾਰ ਆਯੋਜਿਤ ਕੀਤਾ ਗਿਆ ਸੀ। ਇਸ ਵਿੱਚ ਮੁੱਖ ਬੁਲਾਰੇ ਵਜੋਂ ਆਰ ਐੱਸ ਐੱਸ ਦੇ ਉੱਤਰੀ ਜ਼ੋਨ ਪ੍ਰਚਾਰਕ ਬਨਵੀਰ ਸਿੰਘ (ਜਾਂ ਬਨਵੀਰ ਰਾਣਾ ਵਜੋਂ ਵੀ ਜਾਣੇ ਜਾਂਦੇ) ਅਤੇ ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ ਨੂੰ ਸੱਦਿਆ ਗਿਆ ਸੀ। ਵਿਦਿਆਰਥੀ ਜਥੇਬੰਦੀਆਂ ਜਿਵੇਂ ਕਿ ‘ਸੱਥ’, ਪੀ.ਐੱਸ.ਯੂ. (ਲਲਕਾਰ) ਅਤੇ ਐੱਸ.ਐੱਫ.ਐੱਸ. ਨੇ ਇਸ ਨੂੰ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ। ਉਨ੍ਹਾਂ ਮੁਤਾਬਕ, ਇਹ ਬੁਲਾਰੇ ਪਹਿਲਾਂ ਵੀ ਸਿੱਖ ਧਰਮ ਬਾਰੇ ਗਲਤ ਟਿੱਪਣੀਆਂ ਕਰ ਚੁੱਕੇ ਹਨ ਅਤੇ ਆਰ. ਐੱਸ. ਐੱਸ. ਦੀ ਵਿਚਾਰਧਾਰਾ ਘੱਟ ਗਿਣਤੀਆਂ, ਦਲਿਤਾਂ ਅਤੇ ਔਰਤਾਂ ਨਾਲ ਵਿਤਕਰੇ ਵਾਲੀ ਹੈ। ਦੋ ਦਿਨ ਪਹਿਲਾਂ ਹੀ ਵਿਦਿਆਰਥੀਆਂ ਨੇ ਡੀਨ ਵਿਦਿਆਰਥੀ ਭਲਾਈ ਨੂੰ ਵਿਰੋਧ ਪੱਤਰ ਦਿੱਤਾ ਸੀ ਅਤੇ ਸੈਮੀਨਾਰ ਰੱਦ ਕਰਨ ਦੀ ਮੰਗ ਕੀਤੀ ਸੀ, ਪਰ ਯੂਨੀਵਰਸਿਟੀ ਪ੍ਰਸ਼ਾਸਨ ਨੇ ਇਸ ਨੂੰ ਨਜ਼ਰਅੰਦਾਜ਼ ਕਰ ਕੇ ਪ੍ਰੋਗਰਾਮ ਜਾਰੀ ਰੱਖਿਆ। ਵਾਈਸ ਚਾਂਸਲਰ ਪ੍ਰੋਫੈਸਰ ਰੇਨੂ ਵਿੱਗ ਵੀ ਇਸ ਵਿੱਚ ਸ਼ਾਮਲ ਹੋਏ, ਜਿਸ ਨੂੰ ਵਿਦਿਆਰਥੀਆਂ ਨੇ ਪ੍ਰਸ਼ਾਸਨ ਦੀ ਮਿਲੀਭੁਗਤ ਵਜੋਂ ਵੇਖਿਆ।
ਵਿਦਿਆਰਥੀ ਲੀਡਰ ਅਸ਼ਮੀਤ ਸਿੰਘ, ਜੋ ਵਿਦਿਆਰਥੀ ਕੌਂਸਲ ਦੇ ਮੀਤ ਪ੍ਰਧਾਨ ਅਤੇ ‘ਸੱਥ’ ਜਥੇਬੰਦੀ ਨਾਲ ਜੁੜੇ ਹਨ, ਨੇ ਦੱਸਿਆ ਕਿ ਜਦੋਂ ਵਿਦਿਆਰਥੀ ਵਿਰੋਧ ਲਈ ਇਕੱਠੇ ਹੋਏ ਤਾਂ ਡੀ.ਐੱਸ.ਪੀ. ਦੀ ਅਗਵਾਈ ਵਿੱਚ ਸੈਂਕੜੇ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਘੇਰ ਲਿਆ। ਵਿਦਿਆਰਥੀ ਲੀਡਰ ਅਸ਼ਮੀਤ ਸਿੰਘ ਨੇ ਕਿਹਾ ਕਿ ਅਸੀਂ ਸ਼ਾਂਤਮਈ ਤਰੀਕੇ ਨਾਲ ਆਪਣੀ ਗੱਲ ਰੱਖ ਰਹੇ ਸੀ, ਪਰ ਪੁਲਿਸ ਨੇ ਬਿਨਾਂ ਕਿਸੇ ਪੁੱਛਗਿੱਛ ਤੋਂ ਵੈਨਾਂ ਵਿੱਚ ਸੁੱਟਣਾ ਸ਼ੁਰੂ ਕਰ ਦਿੱਤਾ। ਧੱਕਾ-ਮੁੱਕੀ ਵਿੱਚ ਕਈ ਵਿਦਿਆਰਥੀਆਂ ਦੀਆਂ ਪੱਗਾਂ ਲੱਥ ਗਈਆਂ ਅਤੇ ਸੱਟਾਂ ਲੱਗੀਆਂ। ਉਨ੍ਹਾਂ ਨੇ ਯੂਨੀਵਰਸਿਟੀ ਪ੍ਰਸ਼ਾਸਨ ’ਤੇ ਦੋਸ਼ ਲਾਇਆ ਕਿ ਚੰਡੀਗੜ੍ਹ ਪ੍ਰਸ਼ਾਸਨ ਤੇ ਯੂਨੀਵਰਸਿਟੀ ਅਧਿਕਾਰੀ ਜੇਐਨਯੂ ਵਾਂਗ ਪੰਜਾਬ ਯੂਨੀਵਰਸਿਟੀ ਨੂੰ ਆਰ. ਐੱਸ. ਐੱਸ. ਦਾ ਬੌਧਿਕ ਅੱਡਾ ਬਣਾਉਣਾ ਚਾਹੁੰਦੇ ਹਨ, ਜਿਸ ਨੂੰ ਇਨਸਾਫ਼ਪਸੰਦ ਵਿਦਿਆਰਥੀ ਬਰਦਾਸ਼ਤ ਨਹੀਂ ਕਰਨਗੇ। ਪੀ.ਐੱਸ.ਯੂ. (ਲਲਕਾਰ) ਤੋਂ ਜੋਬਨ ਸਿੰਘ ਅਤੇ ਐੱਸ.ਐੱਫ.ਐੱਸ. ਤੋਂ ਸੰਦੀਪ ਨੇ ਵੀ ਇਸੇ ਤਰ੍ਹਾਂ ਦੇ ਵਿਚਾਰ ਪ੍ਰਗਟ ਕੀਤੇ ਅਤੇ ਕਿਹਾ ਕਿ ਆਰ. ਐੱਸ. ਐੱਸ. ਦੀ ਵਿਚਾਰਧਾਰਾ ਧਾਰਮਿਕ ਘੱਟ ਗਿਣਤੀਆਂ ਅਤੇ ਅਨੁਸੂਚਿਤ ਜਾਤੀਆਂ ਨਾਲ ਵਿਤਕਰੇ ਵਾਲੀ ਹੈ, ਅਤੇ ਅਜਿਹੇ ਲੋਕਾਂ ਨੂੰ ਗੁਰੂ ਜੀ ਦੇ ਵਿਸ਼ੇ ’ਤੇ ਬੋਲਣ ਦਾ ਕੋਈ ਹੱਕ ਨਹੀਂ।
ਇਸ ਘਟਨਾ ਨੇ ਵਿਦਿਆਰਥੀਆਂ ਵਿੱਚ ਗੁੱਸੇ ਦੀ ਲਹਿਰ ਪੈਦਾ ਕਰ ਦਿੱਤੀ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓਜ਼ ਵਿੱਚ ਦੇਖਿਆ ਜਾ ਸਕਦਾ ਹੈ ਕਿ ਪੁਲੀਸ ਵਿਦਿਆਰਥੀਆਂ ਨੂੰ ਬੱਸਾਂ ਵਿੱਚ ਸੁੱਟ ਰਹੀ ਹੈ ਅਤੇ ਲਾਠੀਆਂ ਵਰ੍ਹਾ ਰਹੀ ਹੈ। ਇੱਕ ਵੀਡੀਓ ਵਿੱਚ ਪੁਲਿਸ ਵਾਲੇ ਵਿਦਿਆਰਥੀਆਂ ਨੂੰ ਖਿੱਚਦੇ ਹੋਏ ਦਿਖਾਈ ਦਿੰਦੇ ਹਨ, ਜਿਸ ਵਿੱਚ ਪੱਗਾਂ ਡਿੱਗਣ ਅਤੇ ਵਿਦਿਆਰਥੀਆਂ ਦੇ ਚੀਕਣ ਦੀਆਂ ਆਵਾਜ਼ਾਂ ਸੁਣੀਆਂ ਜਾ ਸਕਦੀਆਂ ਹਨ। ਇਹਨਾਂ ਵੀਡੀਓਜ਼ ਨੇ ਸਿੱਖ ਭਾਈਚਾਰੇ ਵਿੱਚ ਗੁੱਸੇ ਨੂੰ ਹੋਰ ਵਧਾ ਦਿੱਤਾ ਹੈ।
ਵਿਦਿਆਰਥੀਆਂ ਦੇ ਪੱਖ ਨੂੰ ਮਜ਼ਬੂਤੀ ਨਾਲ ਪੇਸ਼ ਕਰਦੇ ਹੋਏ, ਇਹ ਕਹਿਣਾ ਜ਼ਰੂਰੀ ਹੈ ਕਿ ਉਨ੍ਹਾਂ ਦਾ ਵਿਰੋਧ ਬਿਲਕੁਲ ਜਾਇਜ਼ ਸੀ। ਯੂਨੀਵਰਸਿਟੀ ਵਰਗੇ ਅਕਾਦਮਿਕ ਅਦਾਰੇ ਵਿੱਚ ਰਾਜਨੀਤਿਕ ਜਾਂ ਵਿਚਾਰਧਾਰਕ ਪ੍ਰਚਾਰ ਨੂੰ ਰੋਕਣਾ ਵਿਦਿਆਰਥੀਆਂ ਦਾ ਅਧਿਕਾਰ ਹੈ। ਅਸ਼ਮੀਤ ਸਿੰਘ ਨੇ ਕਿਹਾ, ‘ਅਸੀਂ ਪਹਿਲਾਂ ਹੀ ਚਿਤਾਵਨੀ ਦਿੱਤੀ ਸੀ ਕਿ ਜੇ ਪ੍ਰੋਗਰਾਮ ਰੱਦ ਨਾ ਕੀਤਾ ਗਿਆ ਤਾਂ ਵਿਰੋਧ ਕੀਤਾ ਜਾਵੇਗਾ। ਪਰ ਪ੍ਰਸ਼ਾਸਨ ਨੇ ਸਾਡੀ ਗੱਲ ਨਹੀਂ ਸੁਣੀ ਅਤੇ ਪੁਲਿਸ ਨੂੰ ਬੁਲਾ ਕੇ ਜਬਰ ਵਰਤਿਆ।’ ਲਗਭਗ 30 ਤੋਂ 40 ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਿਨ੍ਹਾਂ ਵਿੱਚੋਂ ਕਈਆਂ ਨੂੰ ਬਾਅਦ ਵਿੱਚ ਰਿਹਾਅ ਕੀਤਾ ਗਿਆ ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਨੂੰ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ, ‘ਜੇ ਵਿਦਿਆਰਥੀਆਂ ਨੂੰ ਕੋਈ ਇਤਰਾਜ਼ ਸੀ ਤਾਂ ਪ੍ਰਸ਼ਾਸਨ ਨੂੰ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਸੀ, ਨਾ ਕਿ ਜਬਰ ਕਰਨਾ ਚਾਹੀਦਾ ਸੀ। ਸਿੱਖ ਵਿਦਿਆਰਥੀਆਂ ਦੀਆਂ ਦਸਤਾਰਾਂ ਉਤਾਰਨਾ ਬਰਦਾਸ਼ਤਯੋਗ ਨਹੀਂ। ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਹੋਵੇ।’
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਘਟਨਾ ਨੂੰ ਨਿੰਦਣਯੋਗ ਕਰਾਰ ਦਿੱਤਾ। ਉਨ੍ਹਾਂ ਕਿਹਾ, ‘ਦਸਤਾਰ ਸਿੱਖ ਜੀਵਨ ਦਾ ਅਹਿਮ ਹਿੱਸਾ ਹੈ। ਪੁਲਿਸ ਵੱਲੋਂ ਬਲ ਵਰਤ ਕੇ ਵਿਦਿਆਰਥੀਆਂ ਦੀਆਂ ਦਸਤਾਰਾਂ ਉਤਾਰਨਾ ਸਿੱਖ ਭਾਵਨਾਵਾਂ ਅਤੇ ਸਿੱਖੀ ਗੌਰਵ ਦਾ ਨਿਰਾਦਰ ਹੈ। ਵਿਦਿਆਰਥੀਆਂ ਨੂੰ ਆਪਣੀ ਗੱਲ ਰੱਖਣ ਦਾ ਹੱਕ ਹੈ ਅਤੇ ਇਸ ’ਤੇ ਰੋਕ ਧੱਕੇਸ਼ਾਹੀ ਹੈ।’ ਧਾਮੀ ਨੇ ਦਸਤਾਰਾਂ ਉਤਾਰਨ ਵਾਲੇ ਮੁਲਾਜ਼ਮਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ।
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਵੀ ਲਾਠੀਚਾਰਜ ਨੂੰ ਮੰਦਭਾਗਾ ਕਰਾਰ ਦਿੱਤਾ।
ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੁਲਿਸ ਦੇ ਪੱਖ ਨੂੰ ਵੇਖੀਏ ਤਾਂ ਉਨ੍ਹਾਂ ਨੇ ਇਸ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜ਼ਰੂਰੀ ਕਾਰਵਾਈ ਕਿਹਾ ਹੈ। ਇੱਕ ਰਿਪੋਰਟ ਮੁਤਾਬਕ, ਪੁਲਿਸ ਨੇ ਕਿਹਾ ਕਿ ਵਿਦਿਆਰਥੀਆਂ ਨੇ ਸੈਮੀਨਾਰ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਅਤੇ ਹਿੰਸਕ ਹੋ ਗਏ, ਜਿਸ ਕਰ ਕੇ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਪਰ ਵਿਦਿਆਰਥੀਆਂ ਨੇ ਇਸ ਨੂੰ ਝੂਠਾ ਦੱਸਿਆ ਅਤੇ ਕਿਹਾ ਕਿ ਉਹ ਸ਼ਾਂਤਮਈ ਸਨ ਅਤੇ ਪੁਲਿਸ ਨੇ ਪਹਿਲਾਂ ਹਮਲਾ ਕੀਤਾ। ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ਏਬੀਵੀਪੀ) ਦੇ ਪ੍ਰਧਾਨ ਆਸ਼ੀਸ਼ ਸ਼ਰਮਾ ਨੇ ਕਿਹਾ ਕਿ ਬਨਵੀਰ ਰਾਣਾ ਨੂੰ ਸੱਦਿਆ ਗਿਆ ਸੀ ਅਤੇ ਇਹ ਇੱਕ ਅਕਾਦਮਿਕ ਪ੍ਰੋਗਰਾਮ ਸੀ, ਨਾ ਕਿ ਭਗਵੀਂ ਰਾਜਨੀਤੀ ਦਾ ਪ੍ਰੋਗਰਾਮ। ਪਰ ਵਿਦਿਆਰਥੀ ਜਥੇਬੰਦੀਆਂ ਨੇ ਇਸ ਨੂੰ ਭਾਜਪਾ ਦੇ ਰਾਜਨੀਤਿਕ ਪ੍ਰਚਾਰ ਵਜੋਂ ਵੇਖਿਆ ਅਤੇ ਕਿਹਾ ਕਿ ਅਜਿਹੇ ਅਦਾਰੇ ਵਿੱਚ ਨਿਰਪੱਖਤਾ ਬਣਾਈ ਰੱਖਣੀ ਚਾਹੀਦੀ ਹੈ। ਵਿਦਿਆਰਥੀ ਜਥੇਬੰਦੀਆਂ ਨੇ ਮੰਗ ਕੀਤੀ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਵਿਰੁੱਧ ਜਾਂਚ ਹੋਵੇ ਅਤੇ ਵਿਦਿਆਰਥੀਆਂ ਨੂੰ ਨਿਆਂ ਮਿਲੇ। ਕਾਂਗਰਸ ਪਾਰਟੀ ਨੇ ਵੀ ਇਸ ਘਟਨਾ ਨੂੰ ਨਿਖੇਧੀ ਕੀਤੀ ਹੈ ਅਤੇ ਕਿਹਾ ਕਿ ਇਹ ਵਿਦਿਆਰਥੀ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਹੈ।
ਇਸ ਘਟਨਾ ਨੇ ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਨੂੰ ਵੀ ਯਾਦ ਕਰਵਾਇਆ ਹੈ, ਜਿੱਥੇ ਵਿਦਿਆਰਥੀ ਅੰਦੋਲਨ ਹਮੇਸ਼ਾ ਮਜ਼ਬੂਤ ਰਿਹਾ ਹੈ। ਇੱਥੇ ਵਿਦਿਆਰਥੀ ਨਾ ਸਿਰਫ਼ ਪੜ੍ਹਾਈ ਕਰਦੇ ਹਨ ਬਲਕਿ ਸਮਾਜਿਕ ਅਤੇ ਰਾਜਨੀਤਿਕ ਮੁੱਦਿਆਂ ’ਤੇ ਵੀ ਆਵਾਜ਼ ਉਠਾਉਂਦੇ ਹਨ। ਪਰ ਅਜਿਹੀਆਂ ਘਟਨਾਵਾਂ ਨੇ ਯੂਨੀਵਰਸਿਟੀ ਨੂੰ ਰਾਜਨੀਤਿਕ ਅਖਾੜਾ ਬਣਾਉਣ ਦੀ ਕੋਸ਼ਿਸ਼ ਨੂੰ ਉਜਾਗਰ ਕੀਤਾ ਹੈ। ਵਿਦਿਆਰਥੀਆਂ ਨੇ ਕਿਹਾ ਕਿ ਉਹ ਇਸ ਵਿਰੁੱਧ ਲੜਾਈ ਜਾਰੀ ਰੱਖਣਗੇ। ਇਸ ਪੁਲਸੀਆ ਕਾਰਵਾਈ ਨੇ ਲੋਕਤੰਤਰ ਵਿੱਚ ਵਿਰੋਧ ਦੇ ਅਧਿਕਾਰ ਨੂੰ ਚੁਣੌਤੀ ਦਿੱਤੀ ਹੈ ਅਤੇ ਸਵਾਲ ਖੜ੍ਹੇ ਕੀਤੇ ਹਨ ਕਿ ਕੀ ਅਕਾਦਮਿਕ ਅਦਾਰੇ ਅਸਲ ਵਿੱਚ ਨਿਰਪੱਖ ਹਨ ਜਾਂ ਰਾਜਨੀਤਿਕ ਏਜੰਡੇ ਦਾ ਸਾਧਨ ਬਣ ਰਹੇ ਹਨ।
![]()
