ਬਾਜਵਾ ਦੇ ਸੂਬੇ ਵਿਚ 50 ਬੰਬ ਆਉਣ ਬਾਰੇ ਦਿੱਤੇ ਗਏ ਬਿਆਨ ਕਾਰਨ ਸਿਆਸੀ ਹਲਚਲ

In ਖਾਸ ਰਿਪੋਰਟ
April 16, 2025
ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਇਕ ਇੰਟਰਵਿਊ ਦੌਰਾਨ ਸੂਬੇ ਵਿਚ 50 ਬੰਬ ਆਉਣ ਬਾਰੇ ਦਿੱਤੇ ਗਏ ਬਿਆਨ ਕਾਰਨ ਉਨ੍ਹਾਂ ’ਤੇ ਐੱਫਆਈਆਰ ਤੋਂ ਬਾਅਦ ਇਹ ਮਾਮਲਾ ਹੋਰ ਭਖ ਗਿਆ ਹੈ। ਬਾਜਵਾ ਦਾ ਇਹ ਬਿਆਨ ਉਦੋਂ ਆਇਆ ਜਦੋਂ ਸੂਬੇ ਵਿਚ ਲਗਾਤਾਰ ਗ੍ਰਨੇਡ ਹਮਲਿਆਂ ਕਾਰਨ ਸੁਰੱਖਿਆ ਪ੍ਰਬੰਧ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਜਲੰਧਰ ਵਿਚ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ’ਤੇ ਧਮਾਕੇ ਤੋਂ ਬਾਅਦ ‘ਆਪ’ ਸਰਕਾਰ ਲਈ ਸੁਰੱਖਿਆ ਪ੍ਰਬੰਧ ਪੁਖਤਾ ਕਰਨੇ ਚੁਣੌਤੀ ਬਣੇ ਹੋਏ ਹਨ। ਬਾਜਵਾ ਦੇ ਬਿਆਨ ਮਗਰੋਂ ਸਰਕਾਰ ਲਗਾਤਾਰ ਉਨ੍ਹਾਂ ਕੋਲੋਂ ਸਨਸਨੀਖੇਜ਼ ਖ਼ੁਲਾਸੇ ਦੇ ਸਰੋਤ ਬਾਰੇ ਪੁੱਛਣ ਦਾ ਯਤਨ ਕਰ ਰਹੀ ਹੈ। ਅਧਿਕਾਰੀਆਂ ਵੱਲੋਂ ਮੋਹਾਲੀ ਦੇ ਸਾਈਬਰ ਥਾਣੇ ਵਿਚ ਉਨ੍ਹਾਂ ਨੂੰ ਸਵਾਲ-ਜਵਾਬ ਕੀਤੇ ਗਏ। ਇਸ ਪੁੱਛਗਿੱਛ ਦੌਰਾਨ ਥਾਣੇ ਦੇ ਬਾਹਰ ਕਾਂਗਰਸ ਤੇ ‘ਆਪ’ ਦੇ ਵਰਕਰਾਂ ਨੇ ਇਕ-ਦੂਜੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਤੋਹਮਤਬਾਜ਼ੀ ਕੀਤੀ ਹੈ। ਸੂਬੇ ਵਿਚ 50 ਬੰਬ ਆਏ, 18 ਚੱਲੇ ਤੇ 32 ਬਾਕੀ ਹਨ’ ਵਾਲੇ ਬਾਜਵਾ ਦੇ ਇਸ ਬਿਆਨ ਨੇ ਸੂਬੇ ਵਿਚ ਨਵਾਂ ਮੁੱਦਾ ਤਾਂ ਛੇੜਿਆ ਹੀ ਹੈ, ਇਸ ਦੇ ਨਾਲ ਹੀ ਵਿਰੋਧੀਆਂ ਨੂੰ ਜ਼ਰੂਰ ਇਕ ਮੰਚ ’ਤੇ ਇਕੱਠੇ ਕਰ ਦਿੱਤਾ ਹੈ। ਲੁਧਿਆਣਾ ਦੀ ਜ਼ਿਮਨੀ ਚੋਣ ਵੀ ਸਿਰ ’ਤੇ ਹੈ ਤੇ ਹੁਣ ਤੱਕ ਕਾਂਗਰਸ ਦੀ ਖ਼ਾਨਾਜੰਗੀ ਵੀ ਲਗਾਤਾਰ ਚਰਚਾ ਦਾ ਵਿਸ਼ਾ ਬਣੀ ਹੋਈ ਸੀ। ਹੁਣ ਬਾਜਵਾ ਦੇ ਸਮਰਥਨ ਵਿਚ ਉਨ੍ਹਾਂ ਦੀ ਪਾਰਟੀ ਦੇ ਉਹ ਆਗੂ ਵੀ ਆ ਗਏ ਹਨ ਜਿਨ੍ਹਾਂ ਦੀ ਉਨ੍ਹਾਂ ਨਾਲ ਸਿਆਸੀ ਸੁਰ ਨਹੀਂ ਮਿਲਦੀ ਸੀ। ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਇਹ ਰੋਸ ਧਰਨਾ ਪ੍ਰਤਾਪ ਸਿੰਘ ਬਾਜਵਾ ਦੇ ਥਾਣੇ 'ਚੋਂ ਬਾਹਰ ਆਉਣ ਤੱਕ ਜਾਰੀ ਰਿਹਾ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ, ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ, ਪਾਰਟੀ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਇਹ ਕਾਰਵਾਈ ਸੱਤਾਧਾਰੀ ਪਾਰਟੀ ਵਲੋਂ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਕੀਤੀ ਗਈ ਹੈ ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਪ੍ਰਤਾਪ ਸਿੰਘ ਬਾਜਵਾ ਨਾਲ ਇਕਜੁੱਟ ਹੈ । ਉਹਨਾਂ ਨੇ ਪਰਚੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ । ਧਰਨੇ ਪ੍ਰਦਰਸ਼ਨ ਦੌਰਾਨ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸੰਸਦ ਮੈਂਬਰ ਡਾ. ਅਮਰ ਸਿੰਘ, ਵਿਧਾਇਕ ਸੁਖਪਾਲ ਸਿੰਘ ਖਹਿਰਾ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ, ਰਾਜਕੁਮਾਰ ਵੇਰਕਾ, ਕੁਲਜੀਤ ਸਿੰਘ ਨਾਗਰਾ, ਸਿਮਰਨਜੀਤ ਸਿੰਘ ਬੈਂਸ, ਰਾਣਾ ਕੇ. ਪੀ. ਸਿੰਘ, ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ ਪੁੱਛਗਿੱਛ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਕਾਨੂੰਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਹੋਣ ਦੇ ਬਾਵਜੂਦ ਵੀ ਪੁਲਿਸ ਨੇ ਉਨ੍ਹਾਂ ਤੋਂ ਕਰੀਬ 6 ਘੰਟੇ ਪੁੱਛਗਿੱਛ ਕੀਤੀ, ਜੋ ਕਿ ਸੰਵਿਧਾਨਕ ਅਹੁਦੇ ਦੀ ਤੌਹੀਨ ਹੈ | ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਪੁਲਿਸ ਦਾ ਵਤੀਰਾ ਵੀ ਠੀਕ ਨਹੀਂ ਸੀ | ਉਨ੍ਹਾਂ ਕਿਹਾ ਕਿ ਇਹ ਐਫ. ਆਈ. ਆਰ. ਉਨ੍ਹਾਂ ਦੇ ਅਕਸ ਨੂੰ ਖ਼ਰਾਬ ਕਰਨ ਅਤੇ ਪੰਜਾਬ ਦੇ ਲੋਕਾਂ ਦਾ ਧਿਆਨ ਸੂਬੇ ਦੇ ਅਸਲ ਮੁੱਦਿਆਂ ਤੋਂ ਹਟਾਉਣ ਲਈ ਦਰਜ ਕੀਤੀ ਗਈ ਹੈ |

Loading