ਅੰਮ੍ਰਿਤਸਰ/ਏ.ਟੀ.ਨਿਊਜ਼: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦਿਨੀਂ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ ਐੱਸ ਪੀ ਸੀ ਐੱਲ) ਵਿੱਚ ਭਰਤੀ ਹੋਏ 2105 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿੱਚ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬੇਰੁਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ। ਸੂਬਾ ਸਰਕਾਰ ਇਸ ਨੂੰ ਖ਼ਤਮ ਕਰਨ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਸੂਬੇ ਨੂੰ ਕਰਜ਼ੇ ਵਿੱਚ ਡੋਬਿਆ। ਉਨ੍ਹਾਂ ਕਿਹਾ ਕਿ ਆਪਣਾ ਅਹੁਦਾ ਸੰਭਾਲਣ ਦੇ ਲਗਪਗ ਸਾਢੇ ਤਿੰਨ ਸਾਲਾਂ ਦੇ ਅੰਦਰ-ਅੰਦਰ ਹੁਣ ਤਕ ਨੌਜਵਾਨਾਂ ਨੂੰ 58,962 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਪੀ ਐੱਸ ਪੀ ਸੀ ਐੱਲ ਅਤੇ ਪੀ ਐੱਸ ਟੀ ਸੀ ਐੱਲ ਵਿੱਚ 2023 ਲਾਈਨਮੈਨ, 48 ਇੰਟਰਨਲ ਆਡੀਟਰਜ਼ ਅਤੇ 35 ਰੈਵੇਨਿਊ ਅਕਾਊਂਟੈਂਟਸ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਮਾਨ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਆਸਾਮੀਆਂ ਲਈ ਸਾਰੇ ਨੌਜਵਾਨਾਂ ਦੀ ਚੋਣ ਮੈਰਿਟ ਦੇ ਆਧਾਰ ’ਤੇ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਮੌਕੇ ਨੌਜਵਾਨਾਂ ਨੂੰ ਸਿਰਫ਼ ‘ਕੈਸ਼ ਅਤੇ ਫ਼ਰਮਾਇਸ਼’ ਨਾਲ ਹੀ ਨੌਕਰੀ ਮਿਲਦੀ ਸੀ। ਇਹ ਖ਼ਤਮ ਹੋਣ ਨਾਲ ਵਿਰੋਧੀਆਂ ਨੂੰ ਸਭ ਤੋਂ ਵੱਧ ਤਕਲੀਫ਼ ਹੋਈ ਹੈ। ਮਾਨ ਨੇ ਕਿਹਾ ਕਿ ਹਰ ਨੌਜਵਾਨ ਸਫ਼ਲਤਾ ਹਾਸਲ ਕਰਨ ਲਈ ਡਾ. ਬੀ ਆਰ ਅੰਬੇਡਕਰ ਦੇ ਜੀਵਨ ਤੇ ਫਲਸਫ਼ੇ ਤੋਂ ਪ੍ਰੇਰਨਾ ਲਵੇ। ਮੁੱਖ ਮੰਤਰੀ ਨੇ ਨਵ-ਨਿਯੁਕਤ ਉਮੀਦਵਾਰ ਨੂੰ ਪ੍ਰੇਰਿਆ ਕਿ ਉਹ ਲੋਕਾਂ ਦੀ ਵੱਧ ਤੋਂ ਵੱਧ ਮਦਦ ਕਰਨ।
![]()
