
ਚੰਡੀਗੜ੍ਹ,9 ਅਗਸਤ (ਅੰਮ੍ਰਿਤਸਰ ਟਾਈਮਜ਼ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਨੇ ਪੈਰਿਸ ਓਲੰਪਿਕਸ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ’ਤੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੰਦਿਆਂ ਟੀਮ ਵਿਚਲੇ ਪੰਜਾਬ ਨਾਲ ਸਬੰਧਤ ਖਿਡਾਰੀਆਂ ਨੂੰ ਇੱਕ-ਇੱਕ ਕਰੋੜ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਸ੍ਰੀ ਮਾਨ ਨੇ ਕਿਹਾ ਕਿ ਭਾਰਤੀ ਖਿਡਾਰੀਆਂ ਨੇ ਸਪੇਨ ਨੂੰ 2-1 ਨਾਲ ਹਰਾ ਕੇ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ 52 ਸਾਲ ਬਾਅਦ ਪਹਿਲੀ ਵਾਰ ਭਾਰਤ ਨੇ ਉਲੰਪਿਕਸ ਵਿੱਚ ਹਾਕੀ ਵਿੱਚ ਲਗਾਤਾਰ ਦੋ ਵਾਰ ਤਗ਼ਮਾ ਜਿੱਤਿਆ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਖੇਡ ਇਤਿਹਾਸ ਵਿੱਚ ਸੁਨਹਿਰੀ ਸ਼ਬਦਾਂ ਵਿੱਚ ਦਰਜ ਹੋਵੇਗੀ। ਭਾਰਤੀ ਹਾਕੀ ਟੀਮ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਤੇ ਉਪ ਕਪਤਾਨ ਸਮੇਤ 10 ਖਿਡਾਰੀ ਪੰਜਾਬ ਦੇ ਹਨ।