ਅੰਮ੍ਰਿਤਸਰ: ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧੇ ਤਣਾਅ ਦੇ ਮੱਦੇਨਜ਼ਰ ਇਸ ਵਾਰ ਭਾਰਤ ਦੀਆਂ ਸਿੱਖ ਸੰਗਤਾਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਲਾਹੌਰ ਦੇ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਜਾ ਕੇ ਨਹੀਂ ਮਨਾ ਸਕਣਗੀਆਂ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਸਿੱਖ ਜਥੇ ਨੂੰ ਪਾਕਿਸਤਾਨ ਭੇਜਣ ਲਈ ਵੀਜ਼ਾ ਪ੍ਰਕਿਰਿਆ ਸ਼ੁਰੂ ਹੀ ਨਹੀਂ ਹੋ ਸਕੀ, ਜਿਸ ਕਾਰਨ ਸੰਗਤਾਂ ਵਿੱਚ ਨਿਰਾਸ਼ਾ ਦੀ ਲਹਿਰ ਹੈ।ਸ਼੍ਰੋਮਣੀ ਕਮੇਟੀ ਵੱਲੋਂ ਸੋਧਿਆ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ 30 ਮਈ ਨੂੰ ਮਨਾਇਆ ਜਾਵੇਗਾ, ਜਦਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ 16 ਜੂਨ ਨੂੰ ਇਹ ਸ਼ਹੀਦੀ ਪੁਰਬ ਮਨਾਉਣ ਦੀ ਤਿਆਰੀ ਕਰ ਰਹੀ ਹੈ। ਇਸ ਵਾਰ ਸੰਗਤਾਂ ਦੇ ਪਾਕਿਸਤਾਨ ਜਾਣ 'ਤੇ ਪਾਬੰਦੀ ਕਾਰਨ ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਅੰਮ੍ਰਿਤਸਰ ਵਿਖੇ 30 ਮਈ ਨੂੰ ਸ਼ਹੀਦੀ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਦਾ ਐਲਾਨ ਕੀਤਾ ਹੈ।
ਸ਼੍ਰੋਮਣੀ ਕਮੇਟੀ ਅਤੇ ਪੰਥਕ ਜਥੇਬੰਦੀਆਂ ਦਾ ਪ੍ਰਤੀਕਰਮ:
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਵੱਲੋਂ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਨਾ ਦੇਣ ਦੇ ਫੈਸਲੇ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਇਹ ਫੈਸਲਾ ਮੰਦਭਾਗਾ ਹੈ। ਪਹਿਲਾਂ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 788 ਸ਼ਰਧਾਲੂਆਂ ਨੂੰ ਵੀਜ਼ੇ ਨਾ ਦੇਣ ਦੀ ਘਟਨਾ ਨੂੰ ਯਾਦ ਕਰਦਿਆਂ ਧਾਮੀ ਨੇ ਕਿਹਾ ਕਿ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਅਜਿਹੀਆਂ ਪਾਬੰਦੀਆਂ ਨੂੰ ਹਟਾਉਣ ਲਈ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ।
ਹਾਲਾਂਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਸਬੰਧੀ ਚਿੰਤਾਵਾਂ ਵਧੀਆਂ ਹਨ, ਪਰ ਸਿੱਖ ਆਗੂਆਂ ਅਤੇ ਵਿਦਵਾਨਾਂ ਦਾ ਮੰਨਣਾ ਹੈ ਕਿ ਹਾਲਾਤ ਹੁਣ ਸ਼ਾਂਤ ਹਨ ਅਤੇ ਸਿੱਖ ਸ਼ਰਧਾਲੂਆਂ ਨੂੰ ਧਾਰਮਿਕ ਯਾਤਰਾ 'ਤੇ ਜਾਣ ਦੀ ਇਜਾਜ਼ਤ ਦੇਣੀ ਚਾਹੀਦੀ। ਸਿੱਖ ਇਤਿਹਾਸਕ ਅਸਥਾਨਾਂ, ਖਾਸ ਕਰਕੇ ਗੁਰਦੁਆਰਾ ਡੇਹਰਾ ਸਾਹਿਬ, ਦਾ ਸਿੱਖ ਪੰਥ ਵਿੱਚ ਵਿਸ਼ੇਸ਼ ਮਹੱਤਵ ਹੈ, ਜਿੱਥੇ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ਼ਹੀਦੀ ਪ੍ਰਾਪਤ ਕੀਤੀ ਸੀ। ਪੰਥਕ ਜਥੇਬੰਦੀਆਂ ਦਾ ਕਹਿਣਾ ਹੈ ਕਿ ਸਿੱਖ ਸੰਗਤਾਂ ਦੀ ਯਾਤਰਾ ਸਿਰਫ਼ ਧਾਰਮਿਕ ਮਕਸਦ ਲਈ ਹੈ ਅਤੇ ਸੁਰੱਖਿਆ ਦੇ ਨਾਂ 'ਤੇ ਇਸ 'ਤੇ ਪਾਬੰਦੀ ਲਗਾਉਣਾ ਗੈਰ-ਜਾਇਜ਼ ਹੈ।ਇਸ ਦੇ ਨਾਲ ਹੀ, ਕੁਝ ਵਿਦਵਾਨਾਂ ਨੇ ਸੁਝਾਅ ਦਿੱਤਾ ਹੈ ਕਿ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ 1974 ਦੇ ਭਾਰਤ-ਪਾਕਿਸਤਾਨ ਪ੍ਰੋਟੋਕੋਲ ਦੀ ਪਾਲਣਾ ਕਰਦਿਆਂ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਪ੍ਰਕਿਰਿਆ ਨੂੰ ਸਰਲ ਕਰਨਾ ਚਾਹੀਦਾ, ਤਾਂ ਜੋ ਸੰਗਤਾਂ ਨੂੰ ਆਪਣੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਸਕੇ। ਸਿੱਖ ਆਗੂਆਂ ਨੇ ਮੰਗ ਕੀਤੀ ਹੈ ਕਿ ਸਰਕਾਰਾਂ ਨੂੰ ਸਿੱਖਾਂ ਦੀਆਂ ਧਾਰਮਿਕ ਅਜ਼ਾਦੀਆਂ ਦਾ ਸਤਿਕਾਰ ਕਰਦਿਆਂ ਅਜਿਹੀਆਂ ਪਾਬੰਦੀਆਂ ਨੂੰ ਹਟਾਉਣ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ।