
ਉਮਰੇਡ (ਨਾਗਪੁਰ), 18 ਨਵੰਬਰ:
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ ਦੇ ਕੁਝ ਆਗੂਆਂ ਵੱਲੋਂ ਵੰਡਪਾਊ ਨਾਅਰੇ ਮਾਰਨਾ ਸਮਾਜ ਦਾ ਧਰੁਵੀਕਰਨ ਕਰਨ ਦੀ ਕੋਸ਼ਿਸ਼ ਹੈ ਅਤੇ ਅਜਿਹਾ ਨਹੀਂ ਹੋਣ ਦਿੱਤਾ ਜਾਣਾ ਚਾਹੀਦਾ। ਮਹਾਰਾਸ਼ਟਰ ’ਚ 20 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਾਗਪੁਰ ਦੇ ਉਮਰੇਡ ’ਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਖੜਗੇ ਨੇ ਕਿਹਾ ਕਿ ਭਾਜਪਾ ਆਗੂ ਪਹਿਲਾਂ ਤੋਂ ਹੀ ਸਮਾਜ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਸਮਾਜ ਦੇ ਧਰੁਵੀਕਰਨ ਲਈ ‘ਬਟੇਂਗੇ ਤੋਂ ਕਟੇਂਗੇ’ ਜਿਹੇ ਨਾਅਰੇ ਦੇ ਰਹੇ ਹਨ। ਉਨ੍ਹਾਂ ਕਿਹਾ, ‘ਹਾਲਾਂਕਿ ਅਜਿਹੇ ਨਾਅਰਿਆਂ ’ਤੇ ਮਹਾਯੁਤੀ ਆਗੂਆਂ ’ਚ ਇੱਕੋ ਜਿਹੀ ਰਾਇ ਨਹੀਂ ਹੈ। ਅਜਿਹਾ ਧਰੁਵੀਕਰਨ ਨਹੀਂ ਹੋਣ ਦੇਣਾ ਚਾਹੀਦਾ।’
ਖੜਗੇ ਨੇ ਕਿਹਾ ਕਿ ਛਤਰਪਤੀ ਸ਼ਿਵਾਜੀ ਮਹਾਰਾਜ ਅਤੇ ਡਾ. ਬੀਆਰ ਅੰਬੇਦਕਰ ਨੂੰ ਕਿਸੇ ਖਾਸ ਭਾਈਚਾਰੇ ਤੱਕ ਸੀਮਤ ਕਰਨਾ ਸਹੀ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਤੇ ਉਸ ਦੇ ਆਗੂਆਂ ਨੇ ਦੇਸ਼ ਦੀ ਏਕਤਾ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ ਜਦਕਿ ਭਾਜਪਾ ਤੇ ਆਰਐੱਸਐੱਸ ਨੇ ਦੋਸ਼ ਲਈ ਕੋਈ ਯੋਗਦਾਨ ਨਹੀਂ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਅਹਿਮ ਹਨ ਕਿਉਂਕਿ ਮੌਜੂਦਾ ਸਰਕਾਰ ਨੂੰ ਹਰਾਉਣ ਦੀ ਲੋੜ ਹੈ ਜੋ ਚੋਰੀ ਤੇ ਡਰਾ-ਧਮਕਾ ਕੇ ਸੱਤਾ ’ਚ ਆਈ ਹੈ। ਉਨ੍ਹਾਂ ਕਿਹਾ ਕਿ ਜੋ ਭਾਜਪਾ ਦੀ ਅਗਵਾਈ ਹੇਠਲੇ ਗੱਠਜੋੜ ’ਚ ਸ਼ਾਮਲ ਹੋਣ ਲਈ ਉਨ੍ਹਾਂ ਨੂੰ ਛੱਡ ਕੇ ਚਲੇ ਗਏ ਸਨ, ਉਨ੍ਹਾਂ ਨੇ ਕੇਂਦਰੀ ਏਜੰਸੀਆਂ ਦੇ ਡਰੋਂ ਅਜਿਹਾ ਕੀਤਾ ਸੀ।