
ਕੋਟਕਪੂਰਾ/ਏ.ਟੀ.ਨਿਊਜ਼:
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਉਸ ਮਗਰੋਂ ਵਾਪਰੇ ਗੋਲੀ ਕਾਂਡ ਦੀ ਯਾਦ ਵਿੱਚ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਅਤੇ ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ (ਜਿੱਥੋਂ ਬੇਅਦਬੀ ਦੀਆਂ ਘਟਨਾਵਾਂ ਸ਼ੁਰੂ ਹੋਈਆਂ ਸਨ) ਤੋਂ ਲੈ ਕੇ ਕੋਟਕਪੂਰਾ ਚੌਕ (ਜਿੱਥੇ ਗੋਲੀ ਕਾਂਡ ਵਾਪਰਿਆ) ਤੱਕ ਰੋਸ ਮਾਰਚ ਕੀਤਾ। ਆਗੂਆਂ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਨੂੰ 10 ਸਾਲ ਬੀਤ ਗਏ ਹਨ ਪਰ ਹਾਲੇ ਤੱਕ ਕਿਸੇ ਨੂੰ ਇਨਸਾਫ਼ ਨਹੀਂ ਮਿਲਿਆ। ਆਗੂਆਂ ਨੇ ਸਰਕਾਰ ਨੂੰ ਇਕ ਮਹੀਨੇ ਦਾ ਅਲਟੀਮੇਟਮ ਦਿੰਦਿਆਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ।
ਸਤਿਕਾਰ ਕਮੇਟੀ ਦੇ ਆਗੂ ਸੁਖਜੀਤ ਸਿੰਘ ਖੋਸਾ ਅਤੇ ਸੁਖਰਾਜ ਸਿੰਘ ਨਿਆਮੀਵਾਲਾ ਨੇ ਕਿਹਾ ਕਿ ਬੇਅਦਬੀ ਅਤੇ ਗੋਲੀ ਕਾਂਡ ਨੂੰ 10 ਸਾਲ ਬੀਤ ਗਏ ਹਨ ਅਤੇ ਦੋ ਸਰਕਾਰਾਂ ਵੀ ਇਨਸਾਫ਼ ਦੇਣ ਦਾ ਵਾਅਦਾ ਕਰਕੇ ਬਣੀਆਂ ਪਰ ਹਾਲੇ ਤੱਕ ਕਿਸੇ ਨੂੰ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸਰਕਾਰ ਡੇਰਾ ਸਿਰਸਾ ਦੇ ਮੁਖੀ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਪੰਜਾਬ ਲਿਆ ਕੇ ਪੁੱਛਗਿੱਛ ਕਰੇ ਤਾਂ ਹੀ ਬੇਅਦਬੀਆਂ ਦਾ ਸੱਚ ਸਾਹਮਣੇ ਆ ਸਕਦਾ ਹੈ। ਪੰਥਕ ਆਗੂਆਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਸਰਕਾਰ ਦੀ ਭੂਮਿਕਾ ਪੂਰੀ ਤਰ੍ਹਾਂ ਸ਼ੱਕੀ ਹੈ ਕਿਉਂਕਿ ਇਸ ਨੇ ਕੋਈ ਠੋਸ ਕਾਨੂੰਨੀ ਕਾਰਵਾਈ ਨਹੀਂ ਕੀਤੀ। ਉਨ੍ਹਾਂ ਮੰਗ ਕੀਤੀ ਕਿ ਕੇਸਾਂ ਨੂੰ ਫ਼ਾਸਟ ਟਰੈਕ ’ਤੇ ਲਿਆ ਕੇ ਜਲਦੀ ਇਨਸਾਫ਼ ਦੇਣ ਵੱਲ ਕਦਮ ਵਧਾਇਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਮਹੀਨੇ ਦੇ ਅੰਦਰ ਅੰਦਰ ਬਹਿਬਲ ਗੋਲੀ ਕਾਂਡ ਦੇ ਦੋਸ਼ੀਆਂ ਦਾ ਚਲਾਨ ਪੇਸ਼ ਨਹੀਂ ਕੀਤਾ ਗਿਆ ਤਾਂ ਮੁੱਖ ਮੰਤਰੀ ਭਵਗੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।