ਮੁੱਖ ਮੰਤਰੀ ਵੱਲੋਂ ਅਬੋਹਰ ’ਚ 119 ਕਰੋੜ ਦੇ ਪ੍ਰਾਜੈਕਟਾਂ ਦਾ ਉਦਘਾਟਨ

In ਮੁੱਖ ਖ਼ਬਰਾਂ
December 06, 2024
ਅਬੋਹਰ, 6 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਬੋਹਰ ਸ਼ਹਿਰ ਵਿੱਚ ਅੱਜ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ। ਇਸ ਉਦਘਾਟਨ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਸ੍ਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹਰ ਸ਼ਹਿਰ ਨੂੰ ਮੁੱਢਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 119.16 ਕਰੋੜ ਰੁਪਏ ਦੀ ਲਾਗਤ ਵਾਲੇ ਇਨ੍ਹਾਂ ਪ੍ਰਾਜੈਕਟਾਂ ਨਾਲ ਸ਼ਹਿਰ ਦੇ 1.5 ਲੱਖ ਤੋਂ ਵੱਧ ਬਾਸ਼ਿੰਦਿਆਂ ਨੂੰ ਸਾਫ਼ ਪਾਣੀ ਦੀ ਨਿਰੰਤਰ ਸਪਲਾਈ ਅਤੇ ਸੀਵਰੇਜ ਦੀ ਸਹੂਲਤ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ 3.50 ਐੱਮਜੀਡੀ ਦੀ ਸਮਰੱਥਾ ਵਾਲਾ ਆਟੋਮੈਟਿਕ ਜਲ ਸਪਲਾਈ ਪ੍ਰਾਜੈਕਟ ਨਹਿਰੀ ਪਾਣੀ ਦੀ ਸਪਲਾਈ ਕਰੇਗਾ। 27.06 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰਾਜੈਕਟ ਅਬੋਹਰ ਸ਼ਹਿਰ ਦੀ 100 ਫ਼ੀਸਦੀ ਵਸੋਂ ਦੀ ਪਾਣੀ ਦੀ ਜ਼ਰੂਰਤ ਪੂਰੀ ਕਰੇਗਾ। ਉਨ੍ਹਾਂ ਕਿਹਾ ਕਿ 92.10 ਕਰੋੜ ਰੁਪਏ ਦੀ ਲਾਗਤ ਵਾਲਾ ਸੀਵਰੇਜ ਪ੍ਰਾਜੈਕਟ ਸਮੁੱਚੇ ਸ਼ਹਿਰ ਨੂੰ ਸਹੂਲਤ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਪ੍ਰਾਜੈਕਟ ਸਮੁੱਚੇ ਸਰਹੱਦੀ ਇਲਾਕੇ ਖ਼ਾਸ ਕਰ ਕੇ ਅਬੋਹਰ ਵਿੱਚ ਤਰੱਕੀ ਤੇ ਖ਼ੁਸ਼ਹਾਲੀ ਲਿਆਉਣ ਵਿੱਚ ਸਹਾਈ ਹੋਣਗੇ। ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਹਲਕਾ ਇੰਚਾਰਜ ਅਰੁਣ ਨਾਰੰਗ ਨੇ ਮੁੱਖ ਮੰਤਰੀ ਨੂੰ ਜੀ ਆਇਆਂ ਆਖਿਆ।

Loading