
ਚੰਡੀਗੜ੍ਹ, 10 ਦਸੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿੱਚ 25 ਤੋਂ 27 ਦਸੰਬਰ ਤੱਕ ਹੋਣ ਵਾਲੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਆਪਣੀ ਰਿਹਾਇਸ਼ ’ਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਭਾ ਤੋਂ ਪਹਿਲਾਂ ਗੁਰਦੁਆਰੇ ਨੂੰ ਜਾਣ ਵਾਲੀਆਂ ਪ੍ਰਮੁੱਖ ਸੜਕਾਂ ਦੀ ਮੁਰੰਮਤ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੜਕਾਂ ਦੀ ਮੁਰੰਮਤ ਲਈ ਪਹਿਲਾਂ ਹੀ ਫੰਡ ਅਲਾਟ ਕੀਤੇ ਗਏ ਹਨ, ਇਸ ਲਈ ਇਹ ਕੰਮ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਗੁਰਦੁਆਰੇ ਨੂੰ ਜਾਂਦੀ ਹਰ ਸੜਕ ’ਤੇ ਹੈਲਪਲਾਈਨ ਸੈਂਟਰ ਸਥਾਪਤ ਕਰਨ ਲਈ ਕਿਹਾ ਤਾਂ ਜੋ ਸ਼ਰਧਾਲੂਆਂ ਨੂੰ ਸਭਾ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਹਰ ਥਾਂ ਸੀਸੀਟੀਵੀ ਕੈਮਰੇ ਲਗਾਏ ਜਾਣ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਜਾਣ ਅਤੇ ਸਭਾ ਦੌਰਾਨ ਸ਼ਹਿਰ ਦੀ ਸਫਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਦ ਇਸ ਕੰਮ ਦੀ ਨਿਗਰਾਨੀ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਨੂੰ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਆਉਣ ਵਾਲੇ ਸ਼ਰਧਾਲੂਆਂ ਨੂੰ ਹਰ ਸਹੂਲਤ ਮੁਹੱਈਆ ਕਰਾਉਣਾ ਸਰਕਾਰ ਦਾ ਫਰਜ਼ ਬਣਦਾ ਹੈ।