
ਐੱਸ ਏ ਐੱਸ ਨਗਰ/ਮੋਹਾਲੀ/ਏ.ਟੀ.ਨਿਊਜ਼ : ਮੋਹਾਲੀ ਦੇ ਇੰਡਸਟਰੀਅਲ ਏਰੀਆ, ਫ਼ੇਜ਼ 9 ਵਿੱਚ ਸਥਿਤ ‘ਹਾਈਟੈੱਕ ਇੰਡਸਟਰੀ’ ਨਾਮਕ ਇੱਕ ਆਕਸੀਜਨ ਪਲਾਂਟ ਵਿੱਚ ਸਿਲੰਡਰ ਫਟਣ ਕਾਰਨ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 3 ਲੋਕ ਜ਼ਖ਼ਮੀ ਹੋਏ ਹਨ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਸ-ਪਾਸ ਦੇ ਘਰਾਂ ਦੀਆਂ ਕੰਧਾਂ ਵੀ ਹਿੱਲ ਗਈਆਂ ਅਤੇ ਫ਼ੈਕਟਰੀ ਦੀ ਛੱਤ ਨੂੰ ਵੀ ਕਾਫ਼ੀ ਨੁਕਸਾਨ ਪਹੁੰਚਿਆ ਹੈ।
ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਆਕਸੀਜਨ ਸਿਲੰਡਰ ਲੋਡ ਕੀਤੇ ਜਾ ਰਹੇ ਸਨ। ਇਸੇ ਦੌਰਾਨ ਅਚਾਨਕ ਇੱਕ ਸਿਲੰਡਰ ਫੱਟ ਗਿਆ, ਜਿਸ ਦੀ ਲਪੇਟ ਵਿੱਚ ਆਉਣ ਨਾਲ ਦੋ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਡੀ.ਐੱਸ.ਪੀ. ਹਰਸਿਮਰਨ ਬਲ ਨੇ ਮੌਤਾਂ ਦੀ ਪੁਸ਼ਟੀ ਕੀਤੀ ਹੈ। ਮਿ੍ਰਤਕਾਂ ਦੀ ਉਮਰ ਲਗਭਗ 25 ਸਾਲ ਦੱਸੀ ਜਾ ਰਹੀ ਹੈ।
ਜ਼ਿਲ੍ਹਾ ਪ੍ਰਸ਼ਾਸਨ ਨੇ ਮੌਕੇ ’ਤੇ ਪਹੁੰਚ ਕੇ ਸ਼ੁਰੂ ਕੀਤੀ ਕਾਰਵਾਈ
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਡਾਕਟਰਾਂ ਦੀ ਟੀਮ, ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਫ਼ੇਜ਼ 6 ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਪੂਰੇ ਇਲਾਕੇ ਨੂੰ ਖ਼ਾਲੀ ਕਰਵਾ ਲਿਆ ਗਿਆ ਹੈ ਅਤੇ ਸਾਰੇ ਸਿਲੰਡਰਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਇਹ ਫ਼ੈਕਟਰੀ ਨਾਈਟ੍ਰੋਜਨ ਅਤੇ ਆਕਸੀਜਨ ਦੇ ਸਿਲੰਡਰ ਭਰ ਕੇ ਸਪਲਾਈ ਕਰਦੀ ਸੀ। ਫ਼ਿਲਹਾਲ ਧਮਾਕੇ ਦਾ ਸਹੀ ਕਾਰਨ ਸਪਸ਼ਟ ਨਹੀਂ ਹੋ ਸਕਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ। ਐੱਸ.ਡੀ.ਐੱਮ. ਦਮਨਜੀਤ ਕੌਰ ਨੇ ਵੀ ਕਿਹਾ ਕਿ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।