
ਨਵੀਂ ਦਿੱਲੀ, 26 ਨਵੰਬਰ:
ਕੇਂਦਰ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ’ਚ ਸਜ਼ਾ-ਏ-ਮੌਤ ਪ੍ਰਾਪਤ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਸਬੰਧੀ ਅਰਜ਼ੀ ਦਾ ਮਾਮਲਾ ਸੰਵੇਦਨਸ਼ੀਲ ਹੈ ਅਤੇ ਇਸ ’ਤੇ ਵਿਚਾਰ ਲਈ ਉਨ੍ਹਾਂ ਨੂੰ ਹਾਲੇ ਹੋਰ ਸਮਾਂ ਚਾਹੀਦਾ ਹੈ। ਇਸ ਮਗਰੋਂ ਬੈਂਚ ਨੇ ਅਰਜ਼ੀ ’ਤੇ ਸੁਣਵਾਈ ਚਾਰ ਹਫ਼ਤਿਆਂ ਲਈ ਟਾਲ ਦਿੱਤੀ। ਜਸਟਿਸ ਬੀਆਰ ਗਵਈ ਦੀ ਅਗਵਾਈ ਹੇਠਲੇ ਬੈਂਚ ਵੱਲੋਂ ਰਾਜੋਆਣਾ ਦੀ ਅਰਜ਼ੀ ’ਤੇ ਸੁਣਵਾਈ ਕੀਤੀ ਜਾ ਰਹੀ ਹੈ, ਜਿਸ ’ਚ ਉਨ੍ਹਾਂ ਮੰਗ ਕੀਤੀ ਹੈ ਕਿ ਰਹਿਮ ਦੀ ਪਟੀਸ਼ਨ ’ਤੇ ਫ਼ੈਸਲਾ ਲੈਣ ’ਚ ਵਾਧੂ ਦੇਰੀ ਹੋਣ ਕਾਰਨ ਉਸ ਦੀ ਸਜ਼ਾ-ਏ-ਮੌਤ ਨੂੰ ਉਮਰ ਕੈਦ ’ਚ ਬਦਲਣ ਦੇ ਨਿਰਦੇਸ਼ ਦਿੱਤੇ ਜਾਣ। ਸੋਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਬੈਂਚ ਨੂੰ ਦੱਸਿਆ ਕਿ ਇਹ ਮਾਮਲਾ ਸੰਵੇਦਨਸ਼ੀਲ ਹੈ ਅਤੇ ਕੁਝ ਏਜੰਸੀਆਂ ਨਾਲ ਵਿਚਾਰ-ਵਟਾਂਦਰਾ ਕਰਨਾ ਹੋਵੇਗਾ। ਇਸ ਮਾਮਲੇ ’ਚ ਪੇਸ਼ ਹੋਏ ਵਧੀਕ ਸੌਲੀਸਿਟਰ ਜਨਰਲ ਕੇਐੱਮ ਨਟਰਾਜ ਨੇ ਕਿਹਾ ਕਿ ਸਰਕਾਰ ਵੱਲੋਂ ਮਾਮਲੇ ਦੀ ਨਜ਼ਰਸਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮੁੱਦਾ ਸੰਵੇਦਨਸ਼ੀਲ ਹੋਣ ਕਾਰਨ ਇਸ ’ਚ ਹਾਲੇ ਕੁਝ ਹੋਰ ਜਾਣਕਾਰੀ ਲੈਣ ਦੀ ਲੋੜ ਹੈ।