ਰੂਸੀ ਫ਼ੌਜ ਵਿੱਚ ਭਾਰਤੀਆਂ ਦੀ ਭਰਤੀ ਬੰਦ ਕੀਤੀ ਜਾਵੇ : ਭਾਰਤ

In ਮੁੱਖ ਖ਼ਬਰਾਂ
November 08, 2025

ਨਵੀਂ ਦਿੱਲੀ/ਏ.ਟੀ.ਨਿਊਜ਼: ਭਾਰਤ ਨੇ ਪੁਸ਼ਟੀ ਕੀਤੀ ਕਿ 44 ਭਾਰਤੀ ਨਾਗਰਿਕ ਇਸ ਸਮੇਂ ਰੂਸੀ ਫ਼ੌਜ ਵਿੱਚ ਸੇਵਾ ਨਿਭਾ ਰਹੇ ਹਨ, ਜਿਨ੍ਹਾਂ ਵਿੱਚੋਂ ਬਹੁਤਿਆਂ ਨੂੰ ਕਥਿਤ ਤੌਰ ’ਤੇ ਯੂਕ੍ਰੇਨ ਨਾਲ ਜੰਗ ਦੌਰਾਨ ਲੜਾਈ ਲਈ ਤਿਆਰ ਕਰਨ ਲਈ ਮਜਬੂਰ ਕੀਤਾ ਗਿਆ ਸੀ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਉਸ ਨੇ ਮਾਸਕੋ ਕੋਲ ਇਹ ਮਾਮਲਾ ਉਠਾਇਆ ਹੈ ਅਤੇ ਉਨ੍ਹਾਂ ਨੂੰ ਰੂਸੀ ਫ਼ੌਜ ਵਿੱਚ ਭਾਰਤੀਆਂ ਦੀ ਭਰਤੀ ਬੰਦ ਕਰਨ ਦੀ ਅਪੀਲ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਣਧੀਰ ਜੈਸਵਾਲ ਨੇ ਕਿਹਾ, ‘‘ਪਿਛਲੇ ਕੁਝ ਮਹੀਨਿਆਂ ਵਿੱਚ, ਸਾਨੂੰ ਕਈ ਭਾਰਤੀ ਨਾਗਰਿਕਾਂ ਬਾਰੇ ਜਾਣਕਾਰੀ ਮਿਲੀ ਹੈ ਜਿਨ੍ਹਾਂ ਨੂੰ ਰੂਸੀ ਫ਼ੌਜ ਵਿੱਚ ਭਰਤੀ ਕੀਤਾ ਗਿਆ ਹੈ।’’ ਉਨ੍ਹਾਂ ਮੀਡੀਆ ਨਾਲ ਆਪਣੀ ਹਫ਼ਤਾਵਾਰੀ ਗੱਲਬਾਤ ਦੌਰਾਨ ਕਿਹਾ, ‘‘ਸਾਡੀ ਸਮਝ ਅਨੁਸਾਰ, ਇਸ ਸਮੇਂ 44 ਭਾਰਤੀ ਨਾਗਰਿਕ ਰੂਸੀ ਫ਼ੌਜ ਵਿੱਚ ਸੇਵਾ ਨਿਭਾਅ ਰਹੇ ਹਨ।’’ ਜੈਸਵਾਲ ਨੇ ਭਾਰਤੀ ਨਾਗਰਿਕਾਂ ਨੂੰ ਰੂਸੀ ਫ਼ੌਜ ਵਿੱਚ ਨੌਕਰੀਆਂ ਜਾਂ ਅਹੁਦਿਆਂ ਦੀ ਪੇਸ਼ਕਸ਼ ਕਰਨ ਵਾਲੇ ਸ਼ੱਕੀ ਏਜੰਟਾਂ ਤੋਂ ਦੂਰ ਰਹਿਣ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ ਅਜਿਹੀਆਂ ਪੇਸ਼ਕਸ਼ਾਂ ਜਾਨ ਨੂੰ ਖ਼ਤਰੇ ਵਿਚ ਪਾਉਣ ਵਾਲੀਆਂ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਹਿਲਾਂ ਵੀ ਅਜਿਹੀਆਂ ਚਿਤਾਵਨੀਆਂ ਦਿੱਤੀਆਂ ਸਨ ਪਰ ਉਨ੍ਹਾਂ ਦੀਆਂ ਚਿਤਾਵਨੀਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਭਾਰਤੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਉਨ੍ਹਾਂ ਵਿਅਕਤੀਆਂ ਅਤੇ ਨੈਟਵਰਕਾਂ ਵਿਰੁੱਧ ਕਾਰਵਾਈ ਸ਼ੁਰੂ ਕੀਤੀ ਹੈ ਜਿਨ੍ਹਾਂ ਨੇ ਭਾਰਤੀਆਂ ਨੂੰ ਗੁੰਮਰਾਹ ਕਰ ਕੇ ਰੂਸੀ ਫ਼ੌਜ ਵਿੱਚ ਭਰਤੀ ਕਰਵਾਇਆ ਹੈ।

Loading