ਸਤਲੁਜ ਦੇ ਪ੍ਰਦੂਸ਼ਿਤ ਹੋ ਰਹੇ ਪਾਣੀ ਸਬੰਧੀ ਵਿਚਾਰ ਚਰਚਾ

In ਮੁੱਖ ਖ਼ਬਰਾਂ
December 07, 2024
ਫਰੀਦਕੋਟ, 7 ਦਸੰਬਰ: ਬੁੱਢੇ ਦਰਿਆ ਵਿੱਚ ਲੁਧਿਆਣੇ ਇਲਾਕੇ ਦੀਆਂ ਫੈਕਟਰੀਆਂ, ਕਾਰਖਾਨਿਆਂ, ਡੇਅਰੀਆਂ ਅਤੇ ਸ਼ਹਿਰ ਦੇ ਸੀਵਰੇਜ ਦੇ ਪੈਂਦੇ ਪਾਣੀ ਨਾਲ ਸਤਲੁਜ ਅਤੇ ਬਿਆਸ ਦੇ ਪ੍ਰਦੂਸ਼ਿਤ ਹੁੰਦੇ ਜਾ ਰਹੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਨਰੋਆ ਪੰਜਾਬ ਮੰਚ ਅਤੇ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵੱਲੋਂ ਵਿਸ਼ੇਸ਼ ਇਕੱਤਰਤਾ ਕੀਤੀ ਗਈ ਅਤੇ ਇਸ ਸੰਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਸਪੀਕਰ ਕੁਲਤਾਰ ਸੰਧਵਾਂ ਨੇ ਵਾਤਾਵਰਨ ਪ੍ਰੇਮੀਆਂ ਨੂੰ ਭਰੋਸਾ ਦਿਵਾਇਆ ਕਿ ਇਸ ਸਮੱਸਿਆ ਦੇ ਹੱਲ ਲਈ ਸਰਕਾਰ ਵੱਲੋਂ ਬੜੀ ਗੰਭੀਰਤਾ ਨਾਲ ਯਤਨ ਕੀਤੇ ਜਾ ਰਹੇ ਹਨ। ਵਾਤਾਵਰਨ ਪ੍ਰੇਮੀ ਗੁਰਪ੍ਰੀਤ ਸਿੰਘ ਚੰਦਬਾਜਾ ਅਤੇ ਇੰਜੀ. ਜਸਕੀਰਤ ਸਿੰਘ ਲੁਧਿਆਣਾ ਨੇ ਉਕਤ ਸਮੱਸਿਆ ਬਾਰੇ ਵਿਸਥਾਰ ਵਿੱਚ ਚਾਨਣਾ ਪਾਉਂਦਿਆਂ ਦੱਸਿਆ ਕਿ ਅੱਜ ਢੇ ਨਾਲੇ ਰਾਹੀਂ ਸਤਲੁਜ ਵਿੱਚ ਸੁੱਟੇ ਜਾ ਰਹੇ ਪ੍ਰਦੂਸ਼ਿਤ ਪਾਣੀ ਕਾਰਨ ਸਮੁੱਚਾ ਮਾਲਵਾ ਖੇਤਰ ਅਤੇ ਰਾਜਸਥਾਨ ਦੇ 15 ਜ਼ਿਲ੍ਹੇ ਭਿਆਨਕ ਬਿਮਾਰੀਆਂ ਦੀ ਲਪੇਟ ਵਿੱਚ ਆ ਗਏ ਹਨ। ਉਨ੍ਹਾਂ ਦੱਸਿਆ ਕਿ ਫੈਕਟਰੀਆਂ, ਕਾਰਖਾਨਿਆਂ, ਡੇਅਰੀਆਂ ਅਤੇ ਸ਼ਹਿਰ ਦੇ ਸੀਵਰੇਜ ਦਾ ਗੰਦਾ ਪਾਣੀ ਅਤੇ ਕੂੜਾ ਕਰਕਟ ਬੁੱਢੇ ਨਾਲੇ ਵਿੱਚ ਸੁੱਟ ਕੇ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ (ਐਨ.ਜੀ.ਟੀ.) ਦੀਆਂ ਹਦਾਇਤਾਂ ਦੀ ਸ਼ਰੇਆਮ ਉਲੰਘਣਾ ਕੀਤੀ ਜਾ ਰਹੀ ਹੈ। ਗੁਰਪ੍ਰੀਤ ਸਿੰਘ ਚੰਦਬਾਜਾ ਨੇ ਕਿਹਾ ਕਿ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਇਸ ਸਮੱਸਿਆ ਦੇ ਹੱਲ ਲਈ ਗਠਿਤ ਕੀਤੀ ਗਈ ਕਮੇਟੀ ਨੂੰ ਵੀ ਜਲਦੀ ਰਿਪੋਰਟ ਦੇਣ ਦੀ ਮੰਗ ਕੀਤੀ ਗਈ। ਇਸ ਮੌਕੇ ਹਰਵਿੰਦਰ ਸਿੰਘ ਮਰਵਾਹਾ, ਗੁਰਿੰਦਰ ਸਿੰਘ ਮਹਿੰਦੀਰੱਤਾ, ਮਹਿੰਦਰ ਪਾਲ ਲੂੰਬਾ, ਮੱਘਰ ਸਿੰਘ ਫਰੀਦਕੋਟ, ਗੁਰਚਰਨ ਸਿੰਘ ਨੂਰਪੁਰ, ਡਾ. ਗੁਰਇੰਦਰ ਮੋਹਨ ਸਿੰਘ, ਦਲੇਰ ਸਿੰਘ ਡੋਡ, ਰਾਜਪਾਲ ਸਿੰਘ ਹਰਦਿਆਲੇਆਣਾ ਹਾਜ਼ਰ ਸਨ।

Loading